ਲੁਧਿਆਣਾ, 11 ਦਸੰਬਰ (ਟੀ. ਕੇ.) ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ, ਸਿੱਖਿਆ ਦੇ ਖੇਤਰ ਵਿੱਚ ਇੱਕ ਪ੍ਰਮੁੱਖ ਸੰਸਥਾ ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ (ਐਨ. ਸੀ. ਟੀ. ਈ. ) ਨੇ ਸਾਰੀਆਂ ਵਿਦਿਅਕ ਸੰਸਥਾਵਾਂ ਨੂੰ ਖੇਤਰੀ ਭਾਸ਼ਾਵਾਂ ਅਤੇ ਤਕਨਾਲੋਜੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹੋਏ ਹਨ ਅਤੇ ਵੱਧ ਤੋਂ ਵੱਧ ਭਾਸ਼ਾਵਾਂ ਸਿੱਖਣ ਲਈ ਹਦਾਇਤਾਂ ਦਿੱਤੀਆਂ ਗਈਆਂ।ਇਸੇ ਲੜੀ ਤਹਿਤ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਵਲੋਂ ਵੀ 'ਭਾਰਤੀ ਭਾਸ਼ਾ ਉਤਸਵ' ਦੀਆਂ 75 ਦਿਨਾਂ ਦੀਆਂ ਗਤੀਵਿਧੀਆਂ ਦਾ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਵਲੋਂ ਸਤੰਬਰ 2023 ਤੋਂ ਲਗਾਤਾਰ ਹਫ਼ਤਾਵਾਰੀ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚੋਂ ਸਾਰੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ, ਕਹਾਣੀ ਸੁਣਾਉਣ ਅਤੇ ਪੈਰਾਗ੍ਰਾਫ਼ ਲਿਖਣ ਮੁਕਾਬਲੇ, ਭਾਸ਼ਣ ਮੁਕਾਬਲੇ, ਕੁਇਜ਼ ਮੁਕਾਬਲੇ ਆਦਿ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਸਾਰੀਆਂ ਗਤੀਵਿਧੀਆਂ ਦੀ ਸਮਾਪਤੀ ਦੌਰਾਨ ਭਾਰਤੀ ਭਾਸ਼ਾ ਦਿਵਸ ਦੇ ਸ਼ੁਭ ਮੌਕੇ 'ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ
ਕਾਲਜ ਦੀ ਸਹਾਇਕ ਅਧਿਆਪਕਾ ਪੂਨਮ ਬਾਲਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਗਤੀਵਿਧੀਆਂ ਵਿੱਚ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਹਿਮ ਯੋਗਦਾਨ ਪਾਇਆ। ਭਾਰਤੀ ਭਾਸ਼ਾ ਦਿਵਸ ਦੀ ਸ਼ੁਰੂਆਤ ''ਮੇਰੀ ਭਾਸ਼ਾ ਮੇਰੀ ਪਹਿਚਾਨ'' ਤਹਿਤ ਹਸਤਾਖਰ ਮੁਹਿੰਮ ਨਾਲ ਕੀਤੀ ਗਈ। ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੰਦੀ ਅਤੇ ਹੋਰ ਖੇਤਰੀ ਭਾਸ਼ਾਵਾਂ ਵਿੱਚ ਦਸਤਖਤ ਕੀਤੇ। ਇਸ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਪੰਜਾਬ ਦੀ ਖੇਤਰੀ ਭਾਸ਼ਾ ਪੰਜਾਬੀ ਵਿੱਚ ਸ਼ਬਦ ਗਾਇਨ ਕਰਕੇ ਕੀਤੀ ਗਈ। ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਵਿੱਚ ਲੋਕ ਗੀਤ ਗਾਏ ਅਤੇ ਪੰਜਾਬੀ ਲੋਕ ਨਾਚ ਭੰਗੜੇ ਦੀ ਮਨਮੋਹਕ ਪੇਸ਼ਕਾਰੀ ਦਿੱਤੀ। ਕਾਲਜ ਦੇ ਵਿਦਿਆਰਥੀਆਂ ਨੂੰ 'ਭਾਰਤੀ ਭਾਸ਼ਾ ਦਿਵਸ' ਦਾ ਇਤਿਹਾਸ ਦੱਸਦੇ ਹੋਏ ਕਵੀ ਸੁਬਰਾਮਨੀਅਮ ਭਾਰਤੀ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹਾਲ ਹੀ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਨਿਵਾਜਿਆ ਗਿਆ।ਇਸ ਮੌਕੇ ਪ੍ਰਿੰਸੀਪਲ ਡਾ: ਮਨਪ੍ਰੀਤ ਕੌਰ ਨੇ ਖੇਤਰੀ ਭਾਸ਼ਾਵਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਭਾਰਤੀਆਂ ਨੂੰ ਆਪਣੀ ਭਾਸ਼ਾ ਵਿੱਚ ਗੱਲਬਾਤ ਕਰਨ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਐਨ.ਸੀ.ਟੀ.ਈ. ਦੇ ਹੁਕਮਾਂ ਅਨੁਸਾਰ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਭਵਿੱਖ ਦੇ ਅਧਿਆਪਕਾਂ ਨੂੰ ਵਿਦੇਸ਼ੀ ਭਾਸ਼ਾਵਾਂ ਦੇ ਨਾਲ-ਨਾਲ ਭਾਰਤੀ ਭਾਸ਼ਾਵਾਂ ਸਿੱਖਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਭਾਰਤੀ ਭਾਸ਼ਾ ਦਿਵਸ ਦੀ ਵਧਾਈ ਦਿੱਤੀ।
ਅੰਤ ਵਿੱਚ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਕੀਤੀ ਗਈ।