ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਜਾਖੜ

ਚੰਡੀਗੜ੍ਹ, ਸਤੰਬਰ 2019-

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਾਲ ਦੀ ਘੜੀ ਆਪਣੇ ਅਹੁਦੇ ’ਤੇ ਕੰਮ ਕਰਦੇ ਰਹਿਣਗੇ। ਸੂਤਰਾਂ ਦਾ ਦੱਸਣਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਜਾਖੜ ਨੂੰ ਕੰਮ ਕਰਦੇ ਰਹਿਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਵੀ ਭਾਵੇਂ ਜਾਖੜ ਨੂੰ ਅਸਤੀਫਾ ਨਾ ਦੇਣ ਲਈ ਕਿਹਾ ਸੀ ਪਰ ਪਾਰਟੀ ਹਾਈ ਕਮਾਨ ਨੇ ਹੁਣ ਉਨ੍ਹਾਂ ਨੂੰ ਇਸ ਅਹੁਦੇ ’ਤੇ ਕੰਮ ਕਰਦੇ ਰਹਿਣ ਲਈ ਕਿਹਾ ਹੈ। ਇਸ ਤੋਂ ਇਹ ਵੀ ਸਪੱਸ਼ਟ ਹੈ ਕਿ ਪਾਰਟੀ ਵੱਲੋਂ ਅਜੇ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਹੀਂ ਲਾਇਆ ਜਾ ਰਿਹਾ। ਰਾਹੁਲ ਗਾਂਧੀ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਵਜੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ’ਚ ਵੀ ਕਾਂਗਰਸ ਇੱਕ ਤਰ੍ਹਾਂ ਨਾਲ ਬਿਨਾਂ ਪ੍ਰਧਾਨ ਤੋਂ ਹੀ ਚੱਲ ਰਹੀ ਹੈ। ਸ੍ਰੀ ਜਾਖੜ ਨੇ ਅਸਤੀਫਾ ਦੇਣ ਤੋਂ ਬਾਅਦ ਜਥੇਬੰਦਕ ਗਤੀਵਿਧੀਆਂ ਠੱਪ ਕਰ ਦਿੱਤੀਆਂ ਸਨ ਤੇ ਪਿਛਲੇ ਕੁਝ ਦਿਨਾਂ ਦੌਰਾਨ ਹੀ ਸਰਗਰਮੀਆਂ ਵਧਾਈਆਂ ਹਨ। ਸੂਬੇ ’ਚ ਸੱਤਾ ਸੰਭਾਲਣ ਤੋਂ ਬਾਅਦ ਕਾਂਗਰਸ ਦੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਵੀ ਨਹੀਂ ਕੀਤਾ ਗਿਆ। ਪਾਰਟੀ ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਪੰਜਾਬ ਵਿੱਚ ਨਵਾਂ ਜਥੇਬੰਦਕ ਢਾਂਚਾ ਕਾਇਮ ਕਰਨ ਲਈ ਪਾਰਟੀ ਪ੍ਰਧਾਨ ਨੂੰ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਲੰਘੀਆਂ ਸੰਸਦੀ ਚੋਣਾਂ ਦੌਰਾਨ ਸੁਨੀਲ ਜਾਖੜ ਗੁਰਦਾਸਪੁਰ ਸੰਸਦੀ ਹਲਕੇ ਤੋਂ ਫਿਲਮ ਅਦਾਕਾਰ ਸਨੀ ਦਿਓਲ ਤੋਂ ਹਾਰ ਗਏ ਸਨ। ਉਸ ਮਗਰੋਂ ਉਨ੍ਹਾਂ ਰਾਜਸੀ ਗਤੀਵਿਧੀਆਂ ਘਟਾ ਦਿੱਤੀਆਂ ਸਨ।