ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ ਸਬੰਧੀ ਮੀਟਿੰਗ 

ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ - ਡਿਪਟੀ ਕਮਿਸ਼ਨਰ

ਲੁਧਿਆਣਾ, 23 ਫਰਵਰੀ (ਟੀ. ਕੇ. ) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਵਿਦਿਆਰਥੀ ਸਕੂਲਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹਿ ਜਾਵੇ। ਸਥਾਨਕ ਬੱਚਤ ਭਵਨ ਵਿਖੇ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ ਦੀ ਪਹੁੰਚ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਕਿ ਬੱਚੇ ਸੂਬਾ ਸਰਕਾਰ ਦੀ ਗਰੀਬ ਪੱਖੀ ਅਤੇ ਅਗਾਂਹਵਧੂ ਸਿੱਖਿਆ ਨੀਤੀ ਦਾ ਲਾਭ ਉਠਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜਿਹੜੇ ਵਿਦਿਆਰਥੀ ਅਜੇ ਤੱਕ ਸਕੂਲਾਂ ਵਿੱਚ ਦਾਖਲ ਨਹੀਂ ਹੋਏ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਿੱਤਾ ਜਾਵੇ। ਸਿੱਖਿਆ ਵਿਭਾਗ ਵੱਲੋਂ ਪਿਛਲੇ ਸਾਲ ਨਵੰਬਰ-ਦਸੰਬਰ ਵਿੱਚ ਕੀਤੇ ਸਰਵੇਖਣ ਦੌਰਾਨ 219 ਬੱਚੇ ਸਕੂਲੋਂ ਬਾਹਰ ਪਾਏ ਗਏ ਸਨ ਅਤੇ ਉਨ੍ਹਾਂ ਨੂੰ ਇਸ ਸਾਲ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਚੱਲ ਰਹੇ ਨਿਰਮਾਣ ਕਾਰਜਾਂ, ਮਿਡ-ਡੇ-ਮੀਲ, ਐਸ.ਐਸ.ਏ., ਅਪਾਹਜਾਂ ਲਈ ਸਮਾਵੇਸ਼ੀ ਸਿੱਖਿਆ, ਯੂ.ਡੀ.ਆਈਜ਼ ਸਰਵੇਖਣ, ਅਨਾਜ, ਪਖਾਨੇ ਅਤੇ ਹੋਰਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਕੂਲਾਂ ਨੂੰ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਸਵੈ ਸਹਾਇਤਾ ਸਮੂਹਾਂ ਨੂੰ ਵਰਦੀਆਂ ਦੇ ਆਰਡਰ ਦੇਣ ਲਈ ਵੀ ਕਿਹਾ ਗਿਆ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਸਿੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਸ਼ਕਤ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।