ਭਾਕਿਯੂ ਡਕੌਂਦਾ ਵੱਲੋਂ ਹਰਿਆਣਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਖੜ੍ਹੇ ਕਰਕੇ ਅੱਜ ਕੀਤਾ ਜਾਵੇਗਾ ਰੋਸ

ਤਲਵੰਡੀ ਸਾਬੋ, 25 ਫਰਵਰੀ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਜਰਨਲ ਸਕੱਤਰ ਰਾਜਮਹਿੰਦਰ ਸਿੰਘ ਕੋਟਭਾਰਾ ਅਤੇ ਬਲਾਕ ਪ੍ਰੈੱਸ ਸਕੱਤਰ ਸੋਨੂੰ ਅਜ਼ਾਦ ਲਹਿਰੀ ਵੱਲੋਂ ਪ੍ਰੈਸ ਦੇ ਨਾਂ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕਿਸਾਨੀ ਮੰਗਾਂ ਮਨਵਾਉਣ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼  ਦੌਰਾਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਪੁਲਿਸ ਬਲਾਂ ਦੀ ਸਹਾਇਤਾ ਨਾਲ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਹੱਦ 'ਤੇ ਰੋਕਣ ਉਪਰੰਤ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਤੇ ਕੀਤੇ ਅਣਮਨੁੱਖੀ ਤਸ਼ੱਦਦ ਅਤੇ ਇਸ ਤਸ਼ੱਦਦ ਦੌਰਾਨ ਪਿੰਡ ਬੱਲ੍ਹੋ ਜ਼ਿਲ੍ਹਾ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਜੋ ਦੋ ਭੈਣਾਂ, ਬਾਪ ਅਤੇ ਬਜ਼ੁਰਗ ਦਾਦੀ ਦਾ ਇਕਲੌਤਾ ਸਹਾਰਾ ਸੀ ਜੋ ਹਰਿਆਣਾ ਪੁਲਿਸ ਦੀ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਜਖਮੀ ਹੋਏ ਉਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਫਰਵਰੀ ਨੂੰ 12 ਵਜੇ ਤੋਂ 3 ਵਜੇ ਤੱਕ ਤਲਵੰਡੀ ਸਾਬੋ ਦੇ ਕਿਸਾਨਾਂ ਵੱਲੋਂ ਆਪਣੇ ਟਰੈਕਟਰ ਹਾਈਵੇਅ ਤੇ ਖੜ੍ਹੇ ਕਰਕੇ ਹਰਿਆਣਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਜਾਵੇਗਾ।