ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆ ਨਾਲ ਦੁੱਖ ਸਾਂਝਾ

ਸ੍ਰੀ ਆਨੰਦਪੁਰ ਸਾਹਿਬ (ਰੋਪੜ), 17 ਫਰਵਰੀ: ( ਗੁਰਵਿੰਦਰ ਸਿੰਘ) ਬੀਤੇ ਦਿਨੀਂ ਪੁਲਵਾਮਾ ਵਿੱਚ ਸੀ ਆਰ ਪੀ ਐਫ ਦੇ ਕਾਫਲੇ 'ਤੇ ਹੋਏ ਅੱਤਵਾਦੀ ਹਮਲੇ ਵਿੱਚ ਨੇੜਲੇ ਪਿੰਡ ਰੌਲੀ ਦੇ ਸ਼ਹੀਦ ਹੋਏ ਸਿਪਾਹੀ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਦੇ ਘਰ ਪੁੱਜੇ ਅਤੇ ਉਨ੍ਹਾਂ ਨੇ ਸਥਾਨਕ ਸਕੂਲ ਅਤੇ ਪਿੰਡ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੀ ਸੰਪਰਕ ਸੜਕ ਦਾ ਨਾਂ ਸ਼ਹੀਦ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ |  ਸ਼ਹੀਦ ਦੇ ਪਿਤਾ ਦਰਸ਼ਨ ਸਿੰਘ, ਮਾਤਾ, ਦਾਦਾ ਜੀ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਮਾਪਿਆ ਨੂੰ 10,000  ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪੈਨਸ਼ਨ ਦੇਵੇਗੀ ਕਿਉਾਕਿ ਉਨ੍ਹਾਂ ਦੇ ਕੋਈ ਹੋਰ ਧੀ-ਪੁੱਤ ਨਹੀਂ ਹੈ ਅਤੇ ਸ਼ਹੀਦ ਅਜੇ ਅਣਵਿਆਹਿਆ ਸੀ | ਉਨ੍ਹਾਂ ਕਿਹਾ ਕਿ ਇਹ ਪੈਨਸ਼ਨ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇ ਇਵਜ ਵਿੱਚ ਦਿੱਤੀ ਜਾਵੇਗੀ ਜੋ ਕਿ 7 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਜ਼ਮੀਨ ਦੇ ਇਵਜ਼ ਵਿੱਚ ਪੰਜ ਲੱਖ ਰੁਪਏ ਨਕਦ ਤੋਂ ਵੱਖਰੀ ਹੋਵੇਗੀ |  ਬੁਲਾਰੇ ਨੇ ਦੱਸਿਆ ਕਿ ਇਹ ਪੈਨਸ਼ਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਮੁਹੱਈਆ ਕਰਵਾਏਗਾ ਜਿਸ ਸੰਬੰਧੀ ਏਜੰਡਾ ਅਗਲੀ ਕੈਬਨਿਟ ਮੀਟਿੰਗ ਵਿੱਚ ਲਿਆਂਦਾ ਜਾਵੇਗਾ |  ਮੁੱਖ ਮੰਤਰੀ ਨੇ ਸਰਹੱਦ ਪਾਰੋਂ ਕੀਤੀ ਜਾ ਰਹੀ ਸਿਰਫਿਰੀ ਹਿੰਸਾ ਦੇ ਸਬੰਧ ਵਿੱਚ ਦੁੱਖ ਪ੍ਰਗਟ ਕੀਤਾ ਜੋ ਹਰ ਦਿਨ ਸਾਡੇ ਅਨੇਕਾਂ ਫੌਜੀਆਂ ਦੀ ਜਾਨ ਲੈ ਰਹੀ ਹੈ | ਭਾਵੇਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਦੀ ਨਜ਼ਾਕਤ ਨੂੰ ਸਮਝਦੇ ਹੋਏ ਇਕਤਰ ਹੋਏ ਪੱਤਰਕਾਰਾਂ ਦੇ ਕਿਸੇ ਸਿਆਸੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਪਰ ਉਨ੍ਹਾਂ ਕਿਹਾ ਕਿ ਹਰੇਕ ਭਾਰਤੀ ਇਸ ਸੰਕਟ ਅਤੇ ਦੁੱਖ ਦੀ ਘੜੀ ਪੀੜਤ ਪਰਿਵਾਰਾਂ ਨਾਲ ਹੈ | 

                ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਆਪਣੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦੇ ਨਾਲ ਸ਼ਹੀਦ ਦੇ ਘਰ ਪਹੁੰਚੇ ਮੁੱਖ ਮੰਤਰੀ ਨੇ ਦੇਸ਼ ਦੇ ਲਈ ਸੇਵਾ ਨਿਭਾਉਂਦੇ ਹੋਏ ਆਪਣਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਆਪਣੀ ਸਰਕਾਰ ਵੱਲੋਂ ਹਰ ਸਹਾਇਤਾ ਦੇਣ ਦਾ ਐਲਾਨ ਕੀਤਾ |  ਇਸ ਤੋਂ ਪਹਿਲਾਂ ਮੁਹਾਲੀ ਵਿਖੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰੀ ਸੁਰੱਖਿਆ ਦੇਵੇਗੀ | ਉਨ੍ਹਾਂ ਕਿਹਾ ਕਿ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ 'ਤੇ ਅੱਤਵਾਦੀ ਹਮਲੇ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਨੂੰ ਵੱਖ-ਵੱਖ ਸੂਬਿਆਂ ਵਿੱਚ ਨਿਸ਼ਾਨਾ ਬਣਾਉਣ ਅਤੇ ਪ੍ਰੇਸ਼ਾਨ ਕਰਨ ਦੀਆਂ ਆ ਰਹੀਆਂ ਰਿਪੋਰਟਾਂ ਦੇ ਸੰਦਰਭ ਵਿੱਚ ਪੁਲਿਸ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |  ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਬੇਗੁਨਾਹ ਵਿਅਕਤੀ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਨੇ ਸੂਬੇ ਵਿੱਚ ਫਿਰਕੂ ਨਫ਼ਰਤ ਅਤੇ ਸਦਭਾਵਨਾਹੀਣ ਮਾਹੌਲ ਤਿਆਰ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਾਨੂੰ ਧਰਮ ਦੇ ਨਾਂ 'ਤੇ ਫੁੱਟ ਪਾਉਣ ਵਾਲੀਆਂ ਸ਼ਕਤੀਆਂ ਦੇ ਹੱਥਾਂ ਵਿੱਚ ਨਹੀਂ ਖੇਡਣਾ ਚਾਹੀਦਾ | ਉਨ੍ਹਾਂ ਕਿਹਾ ਕਿ ਸਖ਼ਤ ਜੱਦੋ-ਜਹਿਦ ਨਾਲ ਸੂਬੇ ਵਿੱਚ ਲਿਆਂਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ |