ਭਗਵੰਤ ਮਾਨ ਸਰਕਾਰ ਦੇ ਤੀਜੇ ਬੱਜਟ ਨੇ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੀਤਾ ਨਿਰਾਸ਼- ਫੈਡਰੇਸ਼ਨ

ਲੁਧਿਆਣਾ ,5 ਮਾਰਚ (ਟੀ. ਕੇ. )

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੁੱਖ ਦਫਤਰ 1680 ਸੈਕਟਰ 22-ਬੀ ਚੰਡੀਗੜੁ ਦੇ ਸਰਪ੍ਰਸਤ ਚਰਨ ਸਿੰਘ ਸਰਾਭਾ,ਐਕਟਿੰਗ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ,ਪ੍ਰਧਾਨ ਰਣਜੀਤ ਸਿੰਘ ਰਾਣਵਾਂ,ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਮੈਲਡੇ , ਅਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਕਰਤਾਰ ਸਿੰਘ ਪਾਲ ਅਤੇ ਸੁਰਿੰਦਰ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2024-25 ਲਈ ਪੇਸ਼ ਕੀਤੇ ਬੱਜਟ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੋ ਅੱਜ ਭਗਵੰਤ ਮਾਨ ਸਰਕਾਰ ਦਾ ਤੀਜਾ ਬਜਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ,ਇਸ ਬਜਟ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਅਤੇ ਮੁਲਾਜ਼ਮਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਵਿੱਚੋਂ ਕੋਈ ਵੀ  ਨਵੀਂ ਗਰੰਟੀ ਲਾਗੂ ਹੁੰਦੀ ਦਿਖਾਈ ਨਹੀਂ ਦੇ ਰਹੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੱਜਟ ਵਿੱਚ ਆਸ਼ਾ ਵਰਕਰ , ਮਿਡ- ਡੇਅ- ਮੀਲ ਵਰਕਰ , ਆਂਗਣਵਾੜੀ ਵਰਕਰ  ਤੇ ਹੈਲਪਰ ਆਦਿ ਸਕੀਮ ਵਰਕਰਾਂ , ਕੱਚੇ ਤੇ ਆਊਟ ਸੋਰਸ ਮੁਲਾਜ਼ਮਾਂ, ਰੈਗੂਲਰ ਮੁਲਾਜ਼ਮਾਂ  ਤੇ  ਪੈਨਸ਼ਨਰਾਂ ਨੂੰ ਪੂਰੀ ਤਰ੍ਹਾਂ ਨਿਰਾਸ਼ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ  ਜਨਵਰੀ 2004 ਤੋਂ ਬਾਅਦ  ਭਰਤੀ ਲੱਖਾਂ ਨੌਜਵਾਨਾਂ ਦੀ ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਕਰਨ ਵੱਲ ਕੋਈ ਕਦਮ ਅੱਗੇ  ਨਹੀਂ ਪੁੱਟਿਆ ਗਿਆ। ਪੈਨਸ਼ਨਰਾਂ ਨੂੰ 6 ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ 2.59 ਦਾ ਗੁਣਾਂਕ ਲਾਗੂ ਕਰਨ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ, ਵੱਖ ਵੱਖ  ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਆਊਟ  ਸੋਰਸਿੰਗ ਤੇ ਠੇਕਾ ਪ੍ਰਣਾਲੀ ਅਧੀਨ ਨਿਗੂਣੀਆਂ  ਉਜ਼ਰਤਾਂ ਤੇ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕਰਕੇ ਪੂਰੀਆਂ ਤਨਖਾਹਾਂ ਤੇ ਭੱਤੇ ਤਾਂ ਕੀ ਦੇਣੇ ਸਨ , ਵਿੱਤ ਮੰਤਰੀ ਪੰਜਾਬ ਵੱਲੋਂ ਉਜ਼ਰਤਾਂ  ਵਿੱਚ ਯੋਗ  ਵਾਧਾ ਕਰਨਾ ਵੀ ਉਚਿਤ  ਨਹੀਂ ਸਮਝਿਆ ਗਿਆ। ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੇਂਦਰੀ ਪੈਟਰਨ ਅਨੁਸਾਰ ਬਣਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਸਬੰਧੀ  ਅਤੇ ਸਾਢੇ ਪੰਜ ਸਾਲਾਂ ਦੇ ਬਣਦੇ ਬਕਾਏ ਦੇਣ ਸਬੰਧੀ ਪੰਜਾਬ ਦੇ ਬਜਟ ਵਿੱਚ ਪੂਰੀ ਤਰਾਂ ਚੁੱਪ ਧਾਰਨ ਕਰਨਾ ਬੇਹੱਦ ਮੰਦਭਾਗਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲਿਆਂ, ਤਹਿਸੀਲਾਂ ਅਤੇ ਬਲਾਕ ਪੱਧਰ ਤੇ 6 ਅਤੇ 7 ਮਾਰਚ ਨੂੰ ਇਸ ਮੁਲਾਜ਼ਮ ਵਿਰੋਧੀ ਬਜਟ ਦੀਆਂ ਕਾਪੀਆਂ ਸਾੜੀਆਂ ਸਾਡੀਆਂ ਜਾਣਗੀਆਂ  ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ।