ਭਾਕਿਯੂ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਔਰਤ ਦਿਵਸ ਮੌਕੇ ਬਰਨਾਲਾ ਵਿਖੇ ਜੁੜੀਆਂ ਹਜ਼ਾਰਾਂ ਔਰਤਾਂ, ਕਿਸਾਨ ਲਹਿਰ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ 14 ਮਾਰਚ ਨੂੰ ਦਿੱਲੀ ਚੱਲੋ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਜਾਣ ਦਾ ਕੀਤਾ ਐਲਾਨ

ਬਰਨਾਲਾ 8 ਮਾਰਚ ( ਬਿਊਰੋ  ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਅੱਜ ਇੱਥੇ ਦਾਣਾ ਮੰਡੀ ਵਿੱਚ ਮਨਾਏ ਗਏ ਔਰਤ ਦਿਵਸ ਮੌਕੇ ਹਜ਼ਾਰਾਂ ਦੀ ਤਾਦਾਦ ਵਿੱਚ ਔਰਤਾਂ ਸ਼ਾਮਲ ਹੋਈਆਂ। ਗੀਤਕਾਰ ਔਰਤਾਂ ਵੱਲੋਂ ਅਗਾਂਹ ਵਧੂ ਗੀਤਾਂ ਤੋਂ ਬਾਅਦ ਸ਼ੁਭਕਰਨ ਸਿੰਘ ਬੱਲ੍ਹੋ ਅਤੇ ਲਖੀਮਪੁਰ ਖੀਰੀ ਸਮੇਤ ਦਿੱਲੀ ਘੋਲ਼ ਦੇ ਸਮੂਹ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸੰਗਰਾਮੀ ਸ਼ਰਧਾਂਜਲੀ ਭੇਂਟ ਕਰਨ ਰਾਹੀਂ ਸਟੇਜ ਦੀ ਬਾਕਾਇਦਾ ਕਾਰਵਾਈ ਸ਼ੁਰੂ ਕੀਤੀ ਗਈ।
ਬੁਲਾਰਿਆਂ ਵੱਲੋਂ ਦੁਨੀਆਂ ਪੱਧਰ 'ਤੇ ਮਨਾਏ ਜਾਂਦੇ ਤਿਓਹਾਰ ਨੁਮਾ ਔਰਤ ਦਿਵਸ ਦੇ ਇਤਿਹਾਸਕ ਪਿਛੋਕੜ ਉੱਤੇ ਚਾਨਣ ਪਾਉਂਦਿਆਂ ਇਸਨੂੰ ਸਾਮਰਾਜੀ ਲੁੱਟ ਵਿਰੁੱਧ ਜਾਨਹੂਲਵੇਂ ਘੋਲ਼ਾਂ ਦੌਰਾਨ ਔਰਤਾਂ ਵੱਲੋਂ ਪਾਏ ਆਪਾਵਾਰੂ ਯੋਗਦਾਨ ਦੀ ਪੈਦਾਇਸ਼ ਕਰਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਸੱਤਾ ਉੱਤੇ ਕਾਬਜ਼ ਮੋਦੀ ਭਾਜਪਾ ਸਰਕਾਰ ਵੱਲੋਂ ਕਿਸਾਨੀ ਕਿੱਤੇ ਸਣੇ ਸਾਰੇ ਕਿਰਤੀ ਲੋਕਾਂ ਦੀ ਅੰਨ੍ਹੀ ਲੁੱਟ ਲਈ ਅਡਾਨੀ ਅੰਬਾਨੀ ਮਾਰਕਾ ਦੇਸੀ ਬਦੇਸ਼ੀ ਸਾਮਰਾਜੀ ਤਾਕਤਾਂ ਨੂੰ ਸੰਸਾਰ ਵਪਾਰ ਸੰਸਥਾ ਦੀਆਂ ਨਵੀਂਆਂ ਆਰਥਿਕ ਨੀਤੀਆਂ ਤਹਿਤ ਖੁਲ੍ਹੀਆਂ ਛੋਟਾਂ ਦੇ ਰੱਖੀਆਂ ਹਨ।ਇਸ ਅੰਨ੍ਹੀ ਲੁੱਟ ਵਿਰੁੱਧ ਜਨਤਕ ਜਥੇਬੰਦ ਸੰਘਰਸ਼ਸ਼ੀਲ ਲੋਕਾਂ ਉੱਤੇ ਅੰਨ੍ਹਾ ਜਬਰ ਢਾਇਆ ਜਾ ਰਿਹਾ ਹੈ। ਮੌਜੂਦਾ ਕਿਸਾਨ ਘੋਲ਼ ਨੂੰ ਵੀ ਇਸ ਅੰਨ੍ਹੇ ਜਬਰ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਵਿੱਚ ਸਭ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਸਮੂਹ ਮੰਗਾਂ ਸ਼ਾਮਲ ਹਨ। ਇਸਤੋਂ ਇਲਾਵਾ ਭਾਰਤ ਨੂੰ ਡਬਲਯੂ ਟੀ ਓ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਦਿੱਲੀ ਘੋਲ਼ ਅਤੇ ਮੌਜੂਦਾ ਦੋਨਾਂ ਬਾਡਰਾਂ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਵਰਗੀਆਂ ਭਖਦੀਆਂ ਮੰਗਾਂ ਸ਼ਾਮਲ ਹਨ। ਕਿਸਾਨ ਆਗੂਆਂ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਦਾ ਟੀਚਾ ਹਾਸਲ ਕਰਨ ਲਈ ਜੇਤੂ ਦਿੱਲੀ ਘੋਲ਼ ਤੋਂ ਪਹਿਲਾਂ ਵਾਂਗ ਸਮੂਹ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਘੱਟੋ ਘੱਟ ਪ੍ਰੋਗਰਾਮ 'ਤੇ ਇੱਕਜੁਟਤਾ ਅਤੇ ਵਿਸ਼ਾਲ ਲਾਮਬੰਦੀਆਂ ਵਾਲ਼ਾ ਮਹੌਲ ਸਿਰਜਣ ਲਈ ਲਗਾਤਾਰ ਯਤਨ ਜੁਟਾਏ ਜਾ ਰਹੇ ਹਨ। 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਵੱਲੋਂ ਕੀਤੀ ਜਾਣ ਵਾਲੀ ਮੁਲਕ ਪੱਧਰੀ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦੀਆਂ ਜ਼ੋਰਦਾਰ ਤਿਆਰੀਆਂ ਲਈ ਵੀ ਪਿੰਡ ਪਿੰਡ ਮੀਟਿੰਗਾਂ ਰੈਲੀਆਂ ਝੰਡਾ ਮਾਰਚਾਂ ਅਤੇ ਨੁੱਕੜ ਨਾਟਕਾਂ ਦਾ ਤਾਂਤਾ ਬੰਨ੍ਹਿਆ ਜਾ ਰਿਹਾ ਹੈ ਅਤੇ ਇਸ ਵਿੱਚ ਔਰਤਾਂ ਵਧ ਚੜ੍ਹ ਕੇ ਸ਼ਾਮਲ ਹੋਣਗੀਆਂ। 10 ਮਾਰਚ ਨੂੰ ਸਰਕਾਰੀ ਜਬਰ ਵਿਰੁੱਧ ਅਤੇ ਮੰਗਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦੇ ਤਾਲਮੇਲ ਵਜੋਂ 4 ਜਥੇਬੰਦੀਆਂ ਵੱਲੋਂ 12 ਤੋਂ 4 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਰੋਕਣ ਦੀਆਂ ਤਿਆਰੀਆਂ ਵੀ ਜਚ ਕੇ ਕੀਤੀਆਂ ਜਾਣਗੀਆਂ। ਰੈਲੀ ਦੀ ਸਮਾਪਤੀ ਮੌਕੇ ਸੰਘਰਸ਼ ਨੂੰ ਹੋਰ ਵੀ ਬੁਲੰਦੀਆਂ 'ਤੇ ਲਿਜਾਣ ਲਈ ਸਟੇਜ ਤੋਂ ਕੀਤੇ ਗਏ ਅਹਿਦ ਨੂੰ ਔਰਤਾਂ ਵੱਲੋਂ ਤਣੇ ਮੁੱਕਿਆਂ ਨਾਲ਼ ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਹੁੰਗਾਰਾ ਭਰਿਆ ਗਿਆ। ਸੰਬੋਧਨਕਰਤਾ ਮੁੱਖ ਆਗੂਆਂ ਵਿੱਚ ਕੁਲਦੀਪ ਕੌਰ ਕੁੱਸਾ, ਪਰਮਜੀਤ ਕੌਰ ਪਿੱਥੋ, ਕਮਲਜੀਤ ਕੌਰ ਬਰਨਾਲਾ, ਹਰਿੰਦਰ ਕੌਰ ਬਿੰਦੂ ਅਤੇ ਜੋਗਿੰਦਰ ਸਿੰਘ ਉਗਰਾਹਾਂ ਸ਼ਾਮਲ ਸਨ। ਸਾਰੇ ਬੁਲਾਰਿਆਂ ਵਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਔਰਤਾਂ ਅਤੇ ਨੌਜਵਾਨਾਂ ਨੂੰ ਆ ਰਹੇ ਦੋਨਾਂ ਸੰਘਰਸ਼ ਪ੍ਰੋਗਰਾਮਾਂ ਵਿੱਚ ਪਰਵਾਰਾਂ ਸਮੇਤ ਵਹੀਰਾਂ ਘੱਤ ਕੇ ਪੁੱਜਣ ਦਾ ਸੱਦਾ ਦਿੱਤਾ ਗਿਆ।