ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਲੁਧਿਆਣਾ, 25 ਅਪ੍ਰੈਲ (ਟੀ. ਕੇ. ) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਨੇ ਤੇਜ਼ੀ ਫੜ ਲਈ ਹੈ। ਪ੍ਰਸ਼ਾਸਨ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਵਿੱਚੋਂ ਕੁੱਲ 334283.4 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਆਪਣੇ ਦਫ਼ਤਰ ਵਿਖੇ ਖਰੀਦ/ਲਿਫਟਿੰਗ ਕਾਰਜ਼ਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨਾਜ ਦੀ ਆਮਦ 390850.2 ਮੀਟਰਿਕ ਟਨ ਹੋ ਗਈ ਹੈ। ਇਹ 8.11 ਲੱਖ ਮੀਟ੍ਰਿਕ ਟਨ ਦੀ ਸੰਭਾਵਿਤ ਆਮਦ ਦੇ ਉਲਟ ਹੈ। ਉਨ੍ਹਾਂ ਦੱਸਿਆ ਕਿ 2024-25 ਦੌਰਾਨ ਲਗਭਗ 2.50 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਗਈ ਹੈ, ਜੋ ਕਿ 2023-24 ਦੀ ਕਣਕ ਦੀ ਕਾਸ਼ਤ ਅਧੀਨ 2.47 ਲੱਖ ਹੈਕਟੇਅਰ ਰਕਬੇ ਤੋਂ ਥੋੜ੍ਹਾ ਵੱਧ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਲਗਭਗ 108 ਮੰਡੀਆਂ/ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਸਾਹਨੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕੁੱਲ 390850.2 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ 334283.4 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 623.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਖੁਰਾਕ, ਸਿਵਲ ਅਤੇ ਸਪਲਾਈਜ਼ ਕੰਟਰੋਲਰਾਂ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਅਪੀਲ ਕੀਤੀ ਕਿ ਖਰੀਦ ਕੀਤੇ ਗਏ ਅਨਾਜ ਦੀ ਜਲਦ ਤੋਂ ਜਲਦ ਚੁਕਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ।

ਡਿਪਟੀ ਕਮਿਸ਼ਨਰ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਹਰੇਕ ਏਜੰਸੀ ਨੂੰ ਅਨਾਜ ਮੰਡੀ ਵਿੱਚੋਂ ਆਪਣੇ ਅਨਾਜ ਦੇ ਕੋਟੇ ਦੀ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਇਹ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਸੁਨਹਿਰੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਨਮੀ ਰਹਿਤ ਅਨਾਜ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।