ਪਿਛਲੀ ਸੂਬਾ ਸਰਕਾਰ ਦੇ ਗ੍ਰਹਿ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਖ਼ਿਲਾਫ਼ ਮਾਣਹਾਨੀ ਦਾਅਵਾ ਕਰਨ ਲਈ ਕੈਪਟਨ ਤੋਂ ਹਰੀ ਝੰਡੀ ਮੰਗੀ

ਚੰਡੀਗੜ੍ਹ,ਸਤੰਬਰ 2019-(ਇਕਬਾਲ ਸਿੰਘ ਰਸੂਲਪੁਰ)- 

ਬਹਿਬਲ ਕਲਾਂ, ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗਠਿਤ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਆਈਜੀ ਅਤੇ ਬਹੁ-ਚਰਚਿਤ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਦੋ ਪ੍ਰਭਾਵਸ਼ਾਲੀ ਮੰਤਰੀਆਂ ਖ਼ਿਲਾਫ਼ ਮਾਣਹਾਨੀ ਦਾ ਦਾਅਵਾ ਕਰਨ ਲਈ ਆਗਿਆ ਮੰਗੀ ਹੈ।ਸੂਤਰਾਂ ਅਨੁਸਾਰ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਹੈ ਕਿ ਇਨ੍ਹਾਂ ਦੋਵਾਂ ਮੰਤਰੀਆਂ ਨੇ ਉਸ ਖ਼ਿਲਾਫ਼ ਬੇਬੁਨਿਆਦ ਦੋਸ਼ ਲਾ ਕੇ ਨਾ ਸਿਰਫ਼ ਉਹਦੇ ਅਕਸ ਨੂੰ ਖ਼ਰਾਬ ਕੀਤਾ ਬਲਕਿ ਜਾਂਚ ਦੇ ਕੰਮ ਵਿੱਚ ਵੀ ਵਿਘਨ ਪਾਇਆ। ਆਈਜੀ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਸ ਨੇ ‘ਸਿਟ’ ਦਾ ਮੈਂਬਰ ਹੋਣ ਦੇ ਨਾਤੇ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ। ਉਧਰ, ਸਰਕਾਰੀ ਅਤੇ ਸਿਆਸੀ ਹਲਕਿਆਂ ਵਿੱਚ ਸਮਝਿਆ ਜਾਂਦਾ ਹੈ ਕਿ ਸਿਟ ਦੇ ਮੈਂਬਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਜਿਹੇ ਪੁਲੀਸ ਅਧਿਕਾਰੀ ਹਨ, ਜਿਨ੍ਹਾਂ ਕਰ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਫਾਇਰਿੰਗ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਜਾਣਾ ਪਿਆ। ਚੇਤੇ ਰਹੇ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਸਿਟ ਦੇ ਇਸ ਅਧਿਕਾਰੀ ਖਿਲਾਫ਼ ਤਿੱਖੀ ਮੁਹਿੰਮ ਚਲਾਈ ਅਤੇ ਉਸ ਨੂੰ ਭੰਡਣ ਵਿੱਚ ਕੋਈ ਕਸਰ ਨਹੀਂ ਛੱਡੀ।ਜਿਨ੍ਹਾਂ ਮੰਤਰੀਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਆਗਿਆ ਮੰਗੀ ਗਈ ਹੈ, ਉਨ੍ਹਾਂ ਵਿੱਚ ਪਿਛਲੀ ਸੂਬਾ ਸਰਕਾਰ ਦੇ ਗ੍ਰਹਿ ਮੰਤਰੀ ਅਤੇ ਅਤੇ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਸ਼ਾਮਲ ਹਨ। ਇਹ ਮਾਮਲਾ ਫ਼ਿਲਹਾਲ ਮੁੱਖ ਮੰਤਰੀ ਦਫ਼ਤਰ ਕੋਲ ਹੈ ਪਰ ਇਸ ਗੱਲ ਦੀ ਪੁਸ਼ਟੀ ਹੋਣੀ ਬਾਕੀ ਹੈ ਕਿ ਮੁੱਖ ਮੰਤਰੀ ਨੇ ਕੇਸ ਚਲਾਉਣ ਦੀ ਆਗਿਆ ਦਿੱਤੀ ਹੈ ਜਾਂ ਨਹੀਂ।