ਗੋਲੀ ਚਲਾਉਣ ਦੇ ਹੁਕਮ ਦੇਣ ਵਾਲੇ ਬਾਦਲਾਂ ਵਿਰੁੱਧ ਕੇਸ ਦਰਜ ਹੋਵੇ: ਰੰਧਾਵਾ

ਚੰਡੀਗੜ੍ਹ, 19 ਫਰਵਰੀ ਸੀਨੀਅਰ ਕਾਂਗਰਸੀ ਆਗੂ ਅਤੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ’ਤੇ ਦੇਸ਼ਧ੍ਰੋਹ ਦਾ ਪਰਚਾ ਦਰਜ ਕਰਨ ਦੀ ਮੰਗ ’ਤੇ ਸਖ਼ਤ ਪ੍ਰਤੀਕਿਰਿਆ ਕਰਦਿਆਂ ਆਖਿਆ ਕਿ ਕਾਂਗਰਸ ਨੂੰ ਅਕਾਲੀਆਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ। ਅਕਾਲੀ ਆਗੂਆਂ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ’ਚ ਸਭ ਤੋਂ ਵੱਡਾ ਮੁਲਜ਼ਮ ਕਰਾਰ ਦਿੰਦਿਆਂ ਕੈਬਿਨਟ ਮੰਤਰੀ ਨੇ ਆਖਿਆ ਕਿ ਇਕੱਲੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਗ੍ਰਿਫ਼ਤਾਰੀ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ’ਤੇ ਮੱਲ੍ਹਮ ਲਾਉਣ ਲਈ ਕਾਫੀ ਨਹੀਂ ਹੈ, ਉਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਵੀ ਜ਼ਰੂਰੀ ਹੈ, ਜਿਨ੍ਹਾਂ ਦੇ ਇਸ਼ਾਰਿਆਂ ’ਤੇ ਉਮਰਾਨੰਗਲ ਨੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਉਸ ਵੇਲੇ ਦੇ ਮੁੱਖ ਮੰਤਰੀ (ਪ੍ਰਕਾਸ਼ ਸਿੰਘ ਬਾਦਲ) ਅਤੇ ਗ੍ਰਹਿ ਮੰਤਰੀ ਗ੍ਰਹਿ ਮੰਤਰੀ (ਸੁਖਬੀਰ ਸਿੰਘ ਬਾਦਲ) ਵਿਰੁੱਧ 302 ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ ਲੋਕਾਂ ਨੇ ਭਾਰਤੀ ਸੰਵਿਧਾਨ ਦੀਆਂ ਸ਼ਰੇਆਮ ਕਾਪੀਆਂ ਸਾੜੀਆਂ ਹੋਣ, ਉਹ ਲੋਕ ਅੱਜ ਦੇਸ਼ਭਗਤੀ ਦਾ ਵਿਖਾਵਾ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ? ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਹੋਂਦ ’ਚ ਆਈ ਸੀ ਅਤੇ ਆਜ਼ਾਦੀ ਦੀ ਲੜਾਈ ਮੌਕੇ ਇੱਕੋ-ਇੱਕ ਅਜਿਹੀ ਪਾਰਟੀ ਸੀ, ਜਿਸ ਨੇ ਸੁਤੰਤਰਤਾ ਸੰਗਰਾਮ ’ਚ ਸਭ ਤੋਂ ਵੱਡਾ ਯੋਗਦਾਨ ਪਾਇਆ। ਉਨ੍ਹਾਂ ਸਾਬਕਾ ਮੁੱਖ ਮੰਤਰੀ ਬਾਦਲ ’ਤੇ ਸੂਬੇ ’ਚ ਅਤਿਵਾਦ ਦੇ ਦਿਨਾਂ ਦੌਰਾਨ ਅਤਿਵਾਦੀਆਂ ਦੇ ਭੋਗਾਂ ’ਤੇ ਜਾਣ ਦੀਆਂ ਕਾਰਵਾਈਆਂ ’ਤੇ ਸੁਆਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੂੰ ਹੁਣ ਦੇਸ਼ ਭਗਤੀ ਕਿਵੇਂ ਯਾਦ ਆ ਗਈ? ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਇਸ ਆਗੂ ਦੇ ਦੋਹਰੇ ਕਿਰਦਾਰ ਕਾਰਨ ਪੰਜਾਬ ਨੂੰ ਲੰਬਾ ਸਮਾਂ ਸੰਤਾਪ ਹੰਢਾਉਣਾ ਪਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਇੱਕੋ-ਇੱਕ ਏਜੰਡਾ ਲੋਕਾਂ ਨੂੰ ਫਿਰਕਾਪ੍ਰਸਤੀ ਦੀ ਭਾਵਨਾਵਾਂ ’ਚ ਰੰਗ ਕੇ ਇੱਕ ਦੂਜੇ ਖ਼ਿਲਾਫ਼ ਲੜਾਉਣਾ ਹੈ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਉਨ੍ਹਾਂ ਦੇ ਏਜੰਡੇ ’ਤੇ ਨਹੀਂ।

ਨਵਜੋਤ ਸਿੱਧੂ ਦੇ ਹੱਕ ’ਚ ਭੁਗਤੇ ਜਾਖੜ

ਬਟਾਲਾ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਭੁਗਤਦਿਆਂ ਕਿਹਾ ਕਿ ਉਸ ਨੇ ਪੁਲਵਾਮਾ ਹਲਕੇ ਬਾਰੇ ਕੋਈ ਗ਼ਲਤ ਗੱਲ ਨਹੀਂ ਕੀਤੀ। ਪਰ ਅਕਾਲੀ-ਭਾਜਪਾ ਦੇ ਆਗੂ ਬਿਨਾਂ ਮਤਲਬ ਤੋਂ ਨਵਜੋਤ ਸਿੱਧੂ ਦੇ ਪਿੱਛੇ ਪਏ ਹਨ। ਉਸ ‘(ਸਿੱਧੂ) ਦੀਆਂ ਭਾਵਨਾਵਾ ਵੱਲ ਕੋਈ ਨਜ਼ਰ ਨਹੀਂ ਮਾਰ ਰਿਹਾ। ਜਾਖੜ ਅਤੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਬਟਾਲਾ ’ਚ ਸੜਕਾਂ ਤੇ ਸੀਵਰੇਜ ਦੇ ਚੱਲ ਰਹੇ ਕੰਮ ਦਾ ਨਿਰੀਖਣ ਕਰਨ ਆਏ ਸਨ। ਜਾਖੜ ਨੇ ਕਿਹਾ ਕਿ ਬਟਾਲਾ ਦੇ ਬਾਸ਼ਿੰਦਿਆਂ ਨੇ ਲੰਘੇ ਸਮੇਂ ਤੋਂ ਸੜਕਾਂ ਦੀ ਖਸਤਾ ਹਾਲਤ ਅਤੇ ਸੀਵਰੇਜ ਸਮੱਸਿਆ ਕਾਰਨ ਪ੍ਰੇਸ਼ਾਨੀ ਝੱਲੀ ਹੈ। ਪਰ ਹੁਣ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਇੱਕ ਇੱਕ ਪੈਸੇ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਕਿਸੇ ਨੂੰ ਆਏ ਪੈਸੇ ਦਾ ਦੁਰਉਪਯੋਗ ਨਹੀਂ ਕਰਨ ਦਿੱਤਾ ਜਾਵੇਗਾ।