ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਦੇ ਬਾਵਜੂਦ ਦਾਖਾ ਹਲਕੇ ਦੇ ਲੋਕਾਂ ਨੇ ਅਕਾਲੀ ਦਲ ਨੂੰ ਵੋਟ ਪਾਉਣ ਦਾ ਫੈਸਲਾ ਕਰ ਲਿਆ ਹੈ। ਪਾਰਟੀ ਨੇ ਕਿਹਾ ਕਿ ਕਾਗਰਸ ਪਾਰਟੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੜ੍ਹੇ ਕੀਤੇ ਨਕਲੀ ਕੈਪਟਨ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਸ ਬਾਰੇ ਟਿੱਪਣੀ ਕਰਦਿਆਂ ਸੀਨੀਅਰ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਦੇ ਜ਼ੁਲਮ ਅੱਗੇ ਗੋਡੇ ਨਹੀਂ ਟੇਕੇ। ਉਹਨਾਂ ਨੇ ਕਾਂਗਰਸ ਪਾਰਟੀ ਦਾ ਸਫਾਇਆ ਕਰਨ ਦਾ ਫੈਸਲਾ ਕਰ ਲਿਆ ਹੈ। ਇਸੇ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਖੁਦ ਨੂੰ ਅਤੇ ਪਰਿਵਾਰਕ ਮੈਂਬਰਾਂ ਨੂੰ ਗਿਰਫ਼ਤਾਰੀ ਲਈ ਪੇਸ਼ ਕਰਦਿਆਂ ਜ਼ਿਲ੍ਹਾ ਪੁਲਿਸ ਨੂੰ ਕਿਹਾ ਕਿ ਉਹ ਦਾਖਾ ਵਿਧਾਨ ਸਭਾ ਹਲਕੇ ਦੀ ਆ ਰਹੀ ਜ਼ਿਮਨੀ ਚੋਣ ਦੌਰਾਨ ਅਕਾਲੀ ਵਰਕਰਾਂ ਦੇ ਪਰਿਵਾਰਾਂ ਨੂੰ ਅਕਾਲੀ ਦਲ ਦਾ ਸਮਰਥਨ ਕਰਨ ਤੋਂ ਰੋਕਣ ਲਈ ਉਹਨਾਂ ਦੇ ਘਰ ਅੱਧੀ ਰਾਤ ਛਾਪੇ ਕਰਕੇ ਪਰਿਵਾਰਾਂ ਨੂੰ ਪਰੇਸ਼ਾਨ ਕਰਨਾ ਬੰਦ ਕਰ ਦੇਣ। ਅਕਾਲੀ ਉਮੀਦਵਾਰ ਸੀਨੀਅਰ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਐਸਐਸਪੀ (ਦਿਹਾਤੀ) ਲੁਧਿਆਣਾ ਦੇ ਦਫ਼ਤਰ ਗਏ ਅਤੇ ਉਹਨਾਂ ਨੂੰ ਅਕਾਲੀ ਵਰਕਰਾਂ ਉੱਤੇ ਢਾਹੇ ਜਾ ਰਹੇ ਅੱਤਿਆਚਾਰਾਂ ਦੇ ਸਬੂਤ ਸੌਂਪੇ। ਮਜੀਠੀਆ ਨੇ ਐਸਐਸਪੀ ਕੋਲ ਸਿਆਸੀ ਬਦਲੇਖੋਰੀ ਦੇ 18 ਮਾਮਲੇ ਪੇਸ਼ ਕੀਤੇ ਅਤੇ ਪੁੱਛਿਆ ਕਿ ਪਿਛਲੇ ਇੱਕ ਹਫ਼ਤੇ ਤੋਂ ਇਹਨਾਂ 18 ਵਿਅਕਤੀਆਂ ਦੇ ਘਰਾਂ ਵਿਚ ਛਾਪੇ ਕਿਉਂ ਮਾਰੇ ਜਾ ਰਹੇ ਹਨ? ਉਹਨਾਂ ਕਿਹਾ ਕਿ ਹੁਣ ਇਹ ਸਥਿਤੀ ਹੈ ਕਿ ਸੱਤ ਜ਼ਿਲ੍ਹਿਆਂ ਦੀ ਪੁਲਿਸ ਅਕਾਲੀ ਵਰਕਰਾਂ ਖ਼ਿਲਾਫ ਛਾਪੇ ਮਾਰ ਰਹੀ ਹੈ। ਚੋਰੀ ਵਰਗੇ ਛੋਟੇ ਅਪਰਾਧਾਂ ਦੇ ਨਾਂ ਰਾਤ ਨੂੰ ਅਕਾਲੀ ਵਰਕਰਾਂ ਦੇ ਘਰਾਂ ਵਿਚ ਛਾਪੇ ਮਾਰੇ ਜਾ ਰਹੇ ਹਨ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਘਰਾਂ ਦੀਆਂ ਇਸਤਰੀਆਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਹੈ। ਇਹ ਸਭ ਕੁੱਝ ਤੁਹਾਡੀ ਦੇਖ ਰੇਖ ਵਿਚ ਹੋ ਰਿਹਾ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਅਕਾਲੀ ਵਰਕਰਾਂ ਦੇ ਮੁੱਢਲੇ ਅਧਿਕਾਰਾਂ ਨੂੰ ਕੁਚਲਿਆ ਜਾ ਰਿਹਾ ਹੈ। ਅਸੀਂ ਅਜਿਹਾ ਨਹੀਂ ਹੋਣ ਦਿਆਂਗੇ ਅਤੇ ਇਸ ਗੁੰਡਾਗਰਦੀ ਨੂੰ ਰੋਕਣ ਲਈ ਅਸੀਂ ਆਪਣੀ ਪੂਰੀ ਤਾਕਤ ਝੋਕ ਦਿਆਂਗੇ। ਸਰਦਾਰ ਮਜੀਠੀਆ ਨੇ ਐਸਐਸਪੀ ਨੂੰ ਦੱਸਿਆ ਕਿ ਇਸ ਦੇ ਉਲਟ ਇੱਕ ਨਾਮੀ ਗੈਂਗਸਟਰ ਨੇ ਦੋ ਕਾਂਗਰਸੀ ਮੰਤਰੀਆਂ ਨਾਲ ਦਾਖਾ ਵਿਚ ਦੂਜੇ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਦਾ ਸਵਾਗਤ ਕੀਤਾ ਸੀ। ਉਹਨਾਂ ਕਿਹਾ ਕਿ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਫੇਸ ਬੁੱਕ ਪੇਜ ਉੱਤੇ ਵੀ ਇਸ ਫੋਟੋ ਪਾਈ ਹੈ।ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਅਜੇ ਤੀਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਜਦੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਇੱਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਉੱਤੇ ਹਮਲਾ ਕੀਤਾ ਸੀ ਅਤੇ ਜਾਣ ਬੁੱਝ ਕੇ ਉਸ ਦੀ ਦਸਤਾਰ ਅਤੇ ਕੱਕਾਰਾਂ ਦਾ ਨਿਰਾਦਰ ਕੀਤਾ ਸੀ ਤਾਂ ਪੁਲਿਸ ਉਸ ਸਮੇਂ ਵੀ ਮੂਕ ਦਰਸ਼ਕ ਬਣੀ ਰਹੀ ਸੀ। ਉਹਨਾਂ ਕਿਹਾ ਕਿ ਮੰਤਰੀ ਖ਼ਿਲਾਫ ਅਜੇ ਤੀਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੌਰਾਨ ਸਰਦਾਰ ਮਜੀਠੀਆ ਅਤੇ ਡਾਕਟਰ ਦਲਜੀਤ ਚੀਮਾ ਨੇ ਕਿਹਾ ਕਿ ਪੁਲਿਸ ਦਾ ਅੱਤਿਆਚਾਰ ਦਾਖਾ ਦੇ ਵੋਟਰਾਂ ਨੂੰ ਮਨਪ੍ਰੀਤ ਇਆਲੀ ਦਾ ਸਮਰਥਨ ਕਰਨ ਤੋਂ ਨਹੀਂ ਰੋਕ ਸਕੇਗਾ। ਉਹਨਾਂ ਕਿਹਾ ਕਿ ਇਹ ਰਿਪੋਰਟਾਂ ਮਿਲਣ ਮਗਰੋਂ ਕਿ ਨਕਲੀ ਕੈਪਟਨ ਨੂੰ ਲੋਕਾਂ ਵੱਲੋਂ ਨਕਾਰਿਆ ਜਾ ਰਿਹਾ ਹੈ, ਮੁੱਖ ਮੰਤਰੀ ਨੇ ਇੱਥੇ ਦੂਜਾ ਰੋਡ ਸ਼ੋਅ ਕੱਢਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਮੁੱਖ ਮੰਤਰੀ ਦੇ ਪੈਰਾਸ਼ੂਟ ਉਮੀਦਵਾਰ ਨੂੰ ਹੋਰ ਵੀ ਬੁਰੀ ਤਰ੍ਹਾਂ ਹਰਾਏਗੀ।