ਚੰਡੀਗੜ੍ਹ,ਅਕਤੂਬਰ 2019- ( ਇਕਬਾਲ ਸਿੰਘ ਰਸੂਲਪੁਰ)-
550 ਸਾਲਾ ਪ੍ਰਕਾਸ਼ ਪੁਰਬ ਦੇ 12 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਨੂੰ ਸਾਂਝੇ ਤੌਰ ’ਤੇ ਸਰਕਾਰੀ ਮੰਚ ’ਤੇ ਮਨਾਉਣ ਦੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤੀ ਹੈ। ਇਹ ਪੇਸ਼ਕਸ਼ ਸ਼੍ਰੋਮਣੀ ਕਮੇਟੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਕੀਤੀ ਗਈ। ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ ਕਿ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 21 ਅਕਤੂਬਰ ਨੂੰ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਹੁਕਮ ਦਿੱਤਾ ਸੀ ਕਿ 11 ਅਤੇ 12 ਨਵੰਬਰ ਦੇ ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬੇਰ ਸਾਹਿਬ ਤੋਂ ਕੀਤੇ ਜਾਣਗੇ, ਜਿਸ ਵਿਚ ਸਰਕਾਰ ਸਮੇਤ ਹਰੇਕ ਜਥੇਬੰਦੀ ਨੂੰ ਸ਼ਾਮਲ ਹੋਣ ਲਈ ਆਖਿਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਪੇਸ਼ਕਸ਼ ਕੀਤੀ ਗਈ ਕਿ 11 ਨਵੰਬਰ ਨੂੰ ਹੋਣ ਵਾਲਾ ਇਕ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ, ਜਦੋਂਕਿ ਦੂਜਾ ਸਮਾਗਮ 12 ਨਵੰਬਰ ਨੂੰ ਸਰਕਾਰ ਵਲੋਂ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਇਸ ਸਮਾਗਮ ਵਿਚ ਸਰਕਾਰ ਦੇ ਮੰਚ ‘ਤੇ ਸ਼ਾਮਲ ਹੋਵੇ। ਇਸ ਸਮਾਗਮ ਵਿਚ ਰਾਸ਼ਟਰਪਤੀ ਦੇ ਪੁੱਜਣ ਦੀ ਸੰਭਾਵਨਾ ਹੈ। ਇਸ ਸਬੰਧੀ ਹੋਈ ਮੀਟਿੰਗ ਵਿੱਚ ਕੁਝ ਕੈਬਨਿਟ ਮੰਤਰੀ ਵੀ ਹਾਜ਼ਰ ਸਨ। ਸਰਕਾਰੀ ਨੁਮਾਇੰਦਿਆਂ ਵਲੋਂ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਹੁੰਗਾਰੇ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਕਰਨ ਦੀ ਯੋਜਨਾ ਹੈ। ਸ੍ਰੀ ਲੌਂਗੋਵਾਲ ਨੇ ਆਖਿਆ ਕਿ ਉਨ੍ਹਾਂ ਸਰਕਾਰੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਇਹ ਅਕਾਲ ਤਖ਼ਤ ਦੇ ਆਦੇਸ਼ਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਅਕਾਲ ਤਖ਼ਤ ਤੋਂ ਆਦੇਸ਼ ਦਿੱਤੇ ਗਏ ਹਨ ਕਿ 11 ਅਤੇ 12 ਨਵੰਬਰ ਦੇ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਬਣਾਏ ਗਏ ਮੰਚ ਤੋਂ ਹੀ ਕੀਤੇ ਜਾਣ। ਦੱਸਣਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਸਰਕਾਰ ਸਮੇਤ ਹੋਰਨਾਂ ਧਿਰਾਂ ਵਲੋਂ ਵੱਖਰੇ ਤੌਰ ‘ਤੇ ਮਨਾਏ ਜਾਣ ਵਾਲੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੋਈ ਰੋਕ ਨਹੀਂ ਲਾਈ ਗਈ ਹੈ।