ਪਰਾਲੀ ਨੂੰ ਸਾੜਨ ਕਰਕੇ ਹੋ ਰਹੇ ਲੋਕਾਂ ਦੀ ਸਿਹਤ ਦੇ ਨੁਕਸਾਨ ਸਬੰਧੀ ਸੈਮੀਨਾਰ ਦਾ ਆਯੋਜਨ

ਕਿਸਾਨਾਂ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ - ਵਿਨੀ ਮਹਾਜਨ
ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਸ਼੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਪੰਜਾਬ ਨੇ ਅੱਜ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਸਮਝਦੇ ਹੋਏ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਦੁਨੀਆਂ ਵਿੱਚ ਮਿਹਨਤਕਸ਼ ਦੇ ਤੌਰ 'ਤੇ ਜਾਣੇ ਜਾਂਦੇ ਹਨ। ਉਨ੍ਹਾਂ ਇਹ ਗੱਲ ਪਰਾਲੀ ਨੂੰ ਸਾੜਨ ਕਰਕੇ ਹੋ ਰਹੇ ਲੋਕਾਂ ਦੀ ਸਿਹਤ ਦੇ ਨੁਕਸਾਨ ਸਬੰਧੀ ਸੈਮੀਨਾਰ ਵਿੱਚ ਭਾਗ ਲੈਂਦਿਆਂ ਕਹੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਸਾਡੀ ਸਿਹਤ ਖਰਾਬ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਇਸ ਸਬੰਧੀ ਵੱਖ-ਵੱਖ ਸਕੀਮਾਂ ਦਾ ਭਰਪੂਰ ਲਾਭ ਲੈਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਹਿੱਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਵਾਲੀ ਖੇਤੀ ਮਸ਼ੀਨਰੀ ਉੱਪਰ ਸਬਸਿਡੀ ਦਿੱਤੀ ਜਾ ਰਹੀ ਹੈ। ਜਿਸ ਵਿੱਚ ਕੰਬਾਈਨ ਹਾਰਵੈਸਟਰਾਂ 'ਤੇ ਲੱਗਣ ਵਾਲਾ ਸੁਪਰ ਐਸ ਐਮ ਐਸ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ, ਪੈਡੀ ਸਟਰਾਅ ਮਲਚਰ, ਰਿਵਰਸੀਬਲ ਹਾਈਡਰੌਲਿਕ ਐਮ.ਬੀ.ਪਲਾਓ ਆਦਿ ਸ਼ਾਮਿਲ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਹੈ। ਇਸ ਸੰਬੰਧੀ ਕਿਸਾਨਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪਲੀਕੇਸ਼ਨ i-khet ਜਾਰੀ ਕੀਤੀ ਗਈ ਹੈ, ਜਿਸ ਦਾ ਜ਼ਿਲ੍ਹਾ ਲੁਧਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਲਾਭ ਲਿਆ ਹੈ। ਇਹ ਮੋਬਾਈਲ ਐਪਲੀਕੇਸ਼ਨ ਇਸ ਸਾਲ ਵੀ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਐਪਲੀਕੇਸ਼ਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਲਾਂਚ ਕੀਤਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਤਿਆਰ ਕੀਤੀ ਗਈ ਹੈ, ਜਿਸ 'ਤੇ ਜ਼ਿਲ੍ਹਾ ਲੁਧਿਆਣਾ ਵਿੱਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ। ਇਹ ਐਪਲੀਕੇਸ਼ਨ ਐਂਡਰਾਈਡ ਫੋਨ 'ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਹ ਐਪਲੀਕੇਸ਼ਨ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ 'ਤੇ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ। ਅਗਰਵਾਲ ਨੇ ਦੱਸਿਆ ਕਿ ਲੋੜਵੰਦ ਕਿਸਾਨ ਇਸ ਐਪਲੀਕੇਸ਼ਨ 'ਤੇ ਲੋੜੀਂਦੀ ਮਸ਼ੀਨ ਬਾਰੇ ਸਰਚ ਕਰ ਸਕਦਾ ਹੈ, ਜਿਸ 'ਤੇ ਉਸਨੂੰ ਉਸਦੀ ਲੋਕੇਸ਼ਨ ਦੇ ਮੁਤਾਬਿਕ ਨੇੜੇ ਤੇੜੇ ਦੀਆਂ ਮਸ਼ੀਨਾਂ ਬਾਰੇ ਪਤਾ ਲੱਗ ਜਾਂਦਾ ਹੈ। ਕਿਸਾਨ ਨੂੰ ਜਿਸ ਮਸ਼ੀਨ ਦੀ ਜ਼ਰੂਰਤ ਹੁੰਦੀ ਹੈ, ਉਸਦੇ ਮਾਲਕ ਦਾ ਨਾਮ, ਸੰਪਰਕ ਨੰਬਰ ਅਤੇ ਲੋਕੇਸ਼ਨ ਪਤਾ ਲੱਗ ਜਾਂਦੀ ਹੈ, ਜਿਸ ਨਾਲ ਸੰਪਰਕ ਕਰਕੇ ਲੋੜਵੰਦ ਕਿਸਾਨ ਉਸ ਤੋਂ ਮਸ਼ੀਨ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਇਸ ਵੇਲੇ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸੰਬੰਧਤ 3000 ਦੇ ਕਰੀਬ ਮਸ਼ੀਨਾਂ ਦਾ ਵੇਰਵਾ ਦਰਜ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਪੱਧਰ 'ਤੇ ਵੀ ਹੋਰ ਸੰਦਾਂ ਦਾ ਵੇਰਵਾ ਅਪਲੋਡ ਕੀਤਾ ਹੋਇਆ ਹੈ, ਜਿਸ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਬਲਦੇਵ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਇਸ ਮੌਕੇ ਡਾ. ਸ਼ਵਿੰਦਰ ਸਿੰਘ, ਪ੍ਰੋਫੈਸਰ, ਸੀ.ਐਮ.ਸੀ. ਹਸਪਤਾਲ ਅਤੇ ਅਗਾਂਹਵਧੂ ਕਿਸਾਨ ਜਗਦੇਵ ਸਿੰਘ ਭਮੱਦੀ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।