ਸ਼੍ਰੋਮਣੀ ਕਮੇਟੀ ਦੇ ਲਗਪਗ 1300 ਸ਼ਰਧਾਲੂਆਂ ਦਾ ਜਥਾ ਅੱਜ ਹੋਵੇਗਾ ਪਾਕਿਸਤਾਨ ਰਵਾਨਾ 

ਅੰਮ੍ਰਿਤਸਰ,ਨਵੰਬਰ  2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )- 

550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਲਗਪਗ 1300 ਸ਼ਰਧਾਲੂਆਂ ਦਾ ਜਥਾ 5 ਨਵੰਬਰ ਨੂੰ ਰਵਾਨਾ ਹੋਵੇਗਾ। ਜਥੇ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਜਥੇ ਨਾਲ ਜਾਣ ਵਾਲੇ ਸ਼ਰਧਾਲੂ ਅੱਜ ਹੀ ਇਥੇ ਪੁੱਜ ਗਏ ਅਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸਥਿਤ ਸਬੰਧਤ ਵਿਭਾਗ ਕੋਲੋਂ ਆਪੋ-ਆਪਣੇ ਪਾਸਪੋਰਟ ਪ੍ਰਾਪਤ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਕੁੱਲ 1645 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਸਨ, ਪਰ ਪਾਕਿਸਤਾਨੀ ਸਫ਼ਾਰਤਖਾਨੇ ਨੇ ਇਨ੍ਹਾਂ ਵਿਚੋਂ 342 ਸ਼ਰਧਾਲੂਆਂ ਨੂੰ ਵੀਜ਼ੇ ਦੇਣ ਤੋਂ ਨਾਂਹ ਕਰ ਦਿੱਤੀ। ਜਿਨ੍ਹਾਂ 1303 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਹੁਣ ਉਹ ਭਲਕੇ ਪਾਕਿਸਤਾਨ ਲਈ ਰਵਾਨਾ ਹੋਣਗੇ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਬਾਬਾ ਚਰਨਜੀਤ ਸਿੰਘ ਜੱਸੋਵਾਲ ਅਤੇ ਅਜਾਇਬ ਸਿੰਘ ਅਭਿਆਸੀ ਕਰਨਗੇ। ਜਥਾ 13 ਨਵੰਬਰ ਨੂੰ ਭਾਰਤ ਪਰਤ ਆਵੇਗਾ।