ਹੰਸਾਲੀ ਸਾਹਿਬ ਗੋਲੀ ਕਾਂਡ: ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਦੀ ਮੰਗ

ਫ਼ਤਹਿਗੜ੍ਹ ਸਾਹਿਬ, 23 ਫਰਵਰੀ ਬੀਤੇ ਵੀਰਵਾਰ ਜ਼ਿਲ੍ਹੇ ਦੇ ਪਿੰਡ ਹੰਸਾਲੀ ਸਾਹਿਬ ਵਿਚ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ 36 ਘੰਟੇ ਬੀਤ ਜਾਣ ਮਗਰੋਂ ਵੀ ਪੁਲੀਸ ਪਕੜ ਨਹੀਂ ਸਕੀ ਹੈ, ਜਿਸ ਕਾਰਨ ਪੀੜਤ ਪਰਿਵਾਰ ਨਿਰਾਸ਼ਾ ਵਿਚ ਹੈ। ਹਾਲਾਂਕਿ ਥਾਣਾ ਮੁਖੀ ਬਡਾਲੀ ਆਲਾ ਸਿੰਘ ਅਮਨਦੀਪ ਸਿੰਘ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਥਾਂ ਥਾਂ ਛਾਪਾਮਾਰੀ ਕਰ ਰਹੀ ਹੈ ਅਤੇ ਮੁਲਜ਼ਮ ਜਲਦ ਹੀ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਢਲੀ ਛਾਣਬੀਣ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਪੰਚਾਇਤੀ ਚੋਣਾਂ ਦੀ ਰੰਜ਼ਿਸ਼ ਕਾਰਨ ਉਕਤ ਗੋਲੀਕਾਂਡ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਖਮੀ ਹੋਏ 2 ਵਿਅਕਤੀਆਂ ਵਿਚੋਂ ਇਕ ਦੀ ਹਾਲਤ ਸਥਿਰ ਹੋਣ ਕਾਰਨ ਉਸ ਨੂੰ ਅੱਜ ਹਸਪਤਾਲ ਸੈਕਟਰ-32 ਚੰਡੀਗੜ੍ਹ ਵਿਚੋਂ ਛੁੱਟੀ ਮਿਲ ਗਈ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 21 ਫਰਵਰੀ ਦੀ ਸ਼ਾਮ ਨੂੰ ਦੋ ਧਿਰਾਂ ਦਰਮਿਆਨ ਹੋਈ ਲੜਾਈ ਦੌਰਾਨ ਇਕ ਧਿਰ ਵੱਲੋਂ ਦੂਜੀ ਧਿਰ ਉਪਰ 12 ਬੋਰ ਦੀ ਰਾਈਫ਼ਲ ਨਾਲ ਕਥਿਤ ਗੋਲੀ ਚਲਾ ਦਿੱਤੀ ਸੀ, ਜਿਸ ਕਾਰਨ ਛਤਰਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਜਗਵਿੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਦੀ ਸ਼ਾਮ ਨੂੰ ਉਨ੍ਹਾਂ ਦਾ ਪੁੱਤਰ ਗੁਰਸੇਵਕ ਸਿੰਘ ਨਿਰਮਲ ਡੇਰਾ ਹੰਸਾਲੀ ਸਾਹਿਬ ਵਿਖੇ ਦੀਵਾਨ ਸੁਣ ਕੇ ਵਾਪਸ ਆ ਰਿਹਾ ਸੀ ਕਿ ਪਿੰਡ ਦੀ ਆਟਾ ਚੱਕੀ ਕੋਲ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਕੁਲਜੀਤ ਸਿੰਘ, ਹਰਨਿੰਦਰ ਸਿੰਘ ਅਤੇ ਤੇਜਿੰਦਰ ਸਿੰਘ ਵਾਸੀਆਨ ਹੰਸਾਲੀ ਸਾਹਿਬ ਨੇ ਉਨ੍ਹਾਂ ਦੇ ਪੁੱਤਰ ਉਪਰ ਵੱਡੇ ਖੁਰਚਣੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਇਨ੍ਹਾਂ ਵਿਚੋਂ ਇਕ ਵਿਅਕਤੀ ਨੇ 32 ਬੋਰ ਦੀ ਦੁਨਾਲੀ ਨਾਲ ਫਾਇਰ ਕਰ ਦਿੱਤਾ ਜਿਸ ਦੇ ਛਰੇ ਛਤਰਪਾਲ ਸਿੰਘ ਨੂੰ ਲੱਗੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਖੇੜਾ ਵਿਖੇ ਸਥਿਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਜ਼ਖ਼ਮੀਆਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਸੈਕਟਰ-32 ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪੁਲੀਸ ਨੂੰ ਤੁਰੰਤ ਇਸ ਘਟਨਾ ਦੀ ਜਾਣਕਾਰੀ ਦਿੱਤੀ ਜਿਨ੍ਹਾਂ ਆ ਕੇ ਮੌਕਾ ਦੇਖਿਆ। ਜਗਵਿੰਦਰ ਸਿੰਘ ਨੇ ਦੱਸਿਆ ਕਿ ਸਿਰ ਵਿਚ ਖੁਰਚਣਾ ਵੱਜਣ ਕਾਰਨ ਗੁਰਸੇਵਕ ਦੇ ਸਿਰ ਵਿਚ ਲਗਪਗ 8 ਤੋਂ 9 ਟਾਂਕੇ ਲੱਗੇ ਹਨ, ਪਰ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫ਼ੋਨ ਕੱਟ ਦਿੱਤਾ।