ਅੰਮ੍ਰਿਤਸਰ,ਨਵੰਬਰ 2019- ( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )-
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਹੁਣ ਜਦੋਂ 27 ਨਵੰਬਰ ਨੂੰ ਜਨਰਲ ਇਜਲਾਸ ਹੋਣ ਜਾ ਰਿਹਾ ਹੈ ਤਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਲ 2018-19 ਵਿਚ ਅਹੁਦੇਦਾਰਾਂ ਦੀ ਹੋਈ ਚੋਣ ਸਬੰਧੀ ਲਗਪਗ ਇਕ ਵਰ੍ਹੇ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨੋਟੀਫਿਕੇਸ਼ਨ ਗ੍ਰਹਿ ਮੰਤਰਾਲੇ ਦੀ ਅਧਿਸੂਚਨਾ ਤਹਿਤ 19 ਨਵੰਬਰ ਨੂੰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਿੱਖ ਗੁਰਦੁਆਰਾ ਐਕਟ 1925 ਦੇ ਨਿਯਮ 11 ਦੇ ਉਪ ਨਿਯਮ 2 ਤਹਿਤ 13 ਨਵੰਬਰ 2018 ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਕੀਤੀ ਗਈ ਚੋਣ ਨੂੰ ਮਾਨਤਾ ਦਿੱਤੀ ਗਈ ਹੈ। ਜਾਰੀ ਅਧਿਸੂਚਨਾ ਵਿਚ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ, ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੂ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਬਚਨ ਸਿੰਘ ਕਰਮੂੰਵਾਲ ਨੂੰ ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪਿਛਲੇ ਜਨਰਲ ਇਜਲਾਸ ਨੂੰ ਮਾਨਤਾ ਦੇਣ ਸਬੰਧੀ ਇਕ ਸਾਲ ਮਗਰੋਂ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਹੈਰਾਨੀ ਜਤਾਈ ਹੈ। ਉਨ੍ਹਾਂ ਕਿਹਾ ਕਿ ਹੁਣ ਮੁੜ ਸਾਲ 2019-20 ਵਾਸਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 27 ਨਵੰਬਰ ਨੂੰ ਹੋ ਰਿਹਾ ਹੈ ਤਾਂ ਪਿਛਲੇ ਜਨਰਲ ਇਜਲਾਸ ਨੂੰ ਮਾਨਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਇਹ ਭਾਵੇਂ ਸਰਕਾਰ ਦਾ ਰੁਟੀਨ ਦਾ ਕੰਮ ਹੈ ਪਰ ਇਸ ਵਿਚ ਇੰਨੀ ਦੇਰ ਹੋਣਾ ਹੈਰਾਨੀ ਵਾਲਾ ਮਾਮਲਾ ਹੈ।