ਸੰਭਾਵੀ ਮਾਵਾਂ ਨੂੰ ਜਣੇਪੇ ਸੰਬੰਧੀ ਜਾਣਕਾਰੀ ਦੇਣ ਲਈ ਵਰਕਸ਼ਾਪ ਦਾ ਆਯੋਜਨ ਪਿੰਡ ਬੀਰਮੀ ਵਿਖੇ 27 ਨਵੰਬਰ ਨੂੰ

ਗਰਭਵਤੀ ਔਰਤਾਂ ਨੂੰ ਗਰਭ, ਗਰਭ ਨਿਰੋਧਕ ਅਤੇ ਮਾਂ ਹੋਣ ਦੇ ਪੱਖਾਂ ਬਾਰੇ ਕੀਤਾ ਜਾਵੇਗਾ ਜਾਗਰੂਕ-ਵਧੀਕ ਡਿਪਟੀ ਕਮਿਸ਼ਨਰ 

ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-ਜ਼ਿਲ੍ਹਾ ਪ੍ਰਸਾਸ਼ਨ ਨੇ ਵਿਲੱਖਣ ਉਪਰਾਲਾ ਕਰਦਿਆਂ ਸੰਭਾਵੀ ਮਾਵਾਂ ਨੂੰ ਗਰਭ ਅਵਸਥਾ ਅਤੇ ਜਣੇਪੇ ਸਮੇਤ ਹੋਰ ਕਈ ਪੱਖਾਂ ਤੋਂ ਜਾਗਰੂਕ ਕਰਨ ਲਈ ਵਰਕਸ਼ਾਪਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਸੁਯੋਗ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅਮ੍ਰਿਤ ਸਿੰਘ ਵੱਲੋਂ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਤਹਿਤ ਇਹ ਵਰਕਸ਼ਾਪਾਂ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਸਾਰੇ 13 ਬਲਾਕਾਂ ਵਿੱਚ ਰੋਟੇਸ਼ਨਵਾਰ ਲਗਾਈਆਂ ਜਾਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸ਼ਹਿਰ ਦੀ ਔਰਤ ਰੋਗਾਂ ਦੀ ਮਾਹਿਰ ਡਾਕਟਰ ਨੀਲਮ ਸੋਢੀ ਅਤੇ ਉਨ੍ਹਾਂ ਦੀ ਟੀਮ ਨਾਲ ਰਾਬਤਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ, ਖਾਸ ਕਰਕੇ ਪਹਿਲੀ ਵਾਰ ਮਾਂ ਬਣਨ ਵਾਲੀਆਂ, ਲਈ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀਆਂ ਪ੍ਰਸਥਿਤੀਆਂ ਸੰਬੰਧੀ ਕਈ ਤੌਖ਼ਲੇ ਹੁੰਦੇ ਹਨ। ਉਹ ਇਸ ਸੰਬੰਧੀ ਬਹੁਤਾ ਕਿਸੇ ਨਾਲ ਗੱਲ ਵੀ ਨਹੀਂ ਕਰ ਪਾਉਂਦੀਆਂ। ਅਜਿਹੀਆਂ ਔਰਤਾਂ ਦੇ ਹਰ ਤਰ੍ਹਾਂ ਦੀਆਂ ਸ਼ੰਕਾਵਾਂ ਦਾ ਇਨ੍ਹਾਂ ਵਰਕਸ਼ਾਪਾਂ ਵਿੱਚ ਉੱਤਰ ਦੇਣ ਦੀ ਕੋਸ਼ਿਸ਼ ਕੀਤੀ ਜਾਇਆ ਕਰੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਵਰਕਸ਼ਾਪ ਮਿਤੀ 27 ਨਵੰਬਰ, 2019 ਨੂੰ ਸਵੇਰੇ 10.30 ਵਜੇ ਪਿੰਡ ਬੀਰਮੀ ਦੇ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਲਗਾਈ ਜਾਵੇਗੀ। ਇਨ੍ਹਾਂ ਵਰਕਸ਼ਾਪਾਂ ਦੌਰਾਨ ਔਰਤਾਂ ਨੂੰ ਗਰਭ ਧਾਰਨ ਤੋਂ ਲੈ ਕੇ ਗਰਭ ਨਿਰੋਧਕ, ਗਰਭ ਅਵਸਥਾ, ਜਣੇਪਾ, ਮਾਂ ਬਣਨਾ, ਬੱਚੇ ਨੂੰ ਜਨਮ ਤੋਂ ਬਾਅਦ ਦੀਆਂ ਟੀਕਾਕਰਨ ਸਮੇਤ ਸਾਰੀਆਂ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾਇਆ ਕਰੇਗਾ। ਇਹ ਜਾਣਕਾਰੀ ਦੇਣ ਵੇਲੇ ਔਰਤਾਂ ਦੀਆਂ ਸੱਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਕੋਲ ਸੱਦਿਆ ਜਾਇਆ ਕਰੇਗਾ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਬੈਚ ਵਿੱਚ 47 ਔਰਤਾਂ ਨੂੰ ਉਨ੍ਹਾਂ ਦੀਆਂ ਸੱਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਡਾ. ਸੋਢੀ ਵੱਲੋਂ 10 ਵਲੰਟੀਅਰਾਂ ਦੀ ਟੀਮ ਵੀ ਤਿਆਰ ਕੀਤੀ ਜਾਵੇਗੀ, ਜੋ ਕਿ ਬਲਾਕ ਪੱਧਰ 'ਤੇ ਹਫ਼ਤਾਵਰੀ ਕੈਂਪਾਂ ਦਾ ਆਯੋਜਨ ਕਰਿਆ ਕਰੇਗੀ।