ਪੰਜਾਬ ਦੇ ਸਰਹੱਦੀ ਖੇਤਰਾਂ ’ਚ ਚੌਕਸੀ ਦੇ ਹੁਕਮ

ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸੂਬੇ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਭਾਰਤ-ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਣਾਅ ਅਤੇ ਰਾਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਗ੍ਰਹਿ ਸਕੱਤਰ ਐੱਨ.ਐੱਸ. ਕਲਸੀ, ਡੀਜੀਪੀ ਦਿਨਕਰ ਗੁਪਤਾ ਅਤੇ ਡੀਜੀਪੀ (ਇੰਟੈਲੀਜੈਂਸ) ਵੀ.ਕੇ. ਭਾਵਰਾ ਸਮੇਤ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। ਲੋਕਾਂ ’ਚ ਸੁਰੱਖਿਆ ਦੀ ਭਾਵਨਾ ਕਾਇਮ ਰੱਖਣ ਲਈ ਮੁੱਖ ਮੰਤਰੀ ਨੇ ਭਲਕੇ ਸਰਹੱਦੀ ਖੇਤਰਾਂ ਪਠਾਨਕੋਟ ਤੋਂ ਲੈ ਕੇ ਫਿਰੋਜ਼ਪੁਰ ਤੱਕ ਦਾ ਦੌਰਾ ਵੀ ਸੜਕ ਰਸਤੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਮੀਟਿੰਗ ਦੌਰਾਨ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਿਵਲ ਤੇ ਪੁਲੀਸ ਅਧਿਕਾਰੀਆਂ ਨੂੰ ਚੌਕਸੀ ਵਰਤਣ ਅਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਸਰਕਾਰ ਨੇ ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਸਰਕਾਰੀ ਅਮਲੇ ਦੀਆਂ ਛੁੱਟੀਆਂ ਵੀ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤੀਆਂ ਹਨ। ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਡਿਊਟੀ ’ਤੇ ਹਾਜ਼ਰ ਰਹਿਣ ਲਈ ਜ਼ਿਲ੍ਹਾ ਪੱਧਰ ’ਤੇ ਪੱਤਰ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਸਰਹੱਦੀ ਖੇਤਰਾਂ ਵਿੱਚ ਪੈਂਦੀਆਂ ਸੰਵੇਦਨਸ਼ੀਲ ਇਮਾਰਤਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਸੁਰੱਖਿਆ ਵਧਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਰਾਹੀਂ ਹਵਾਈ ਹਮਲੇ ਦਾ ਪੂਰਾ ਸਮਰਥਨ ਕਰਦਿਆਂ ਕਿਹਾ,‘‘ਭਾਰਤ ਦੀ ਹਵਾਈ ਸੈਨਾ ਨੇ ਵੱਡਾ ਮਾਅਰਕਾ ਮਾਰਿਆ ਹੈ। ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਅਤੇ ਇਸ ਦੀ ਸ਼ਰਨ ਵਿਚਲੇ ਅਤਿਵਾਦੀਆਂ ਨੂੰ ਅਤਿ-ਲੋੜੀਂਦਾ ਸੰਕੇਤ ਦੇ ਦਿੱਤਾ ਹੈ ਕਿ ਉਹ ਇਹ ਨਾ ਸੋਚਣ ਕਿ ਪੁਲਵਾਮਾ ਵਰਗੇ ਦਹਿਸ਼ਤੀ ਹਮਲਿਆਂ ਤੋਂ ਬਾਅਦ ਉਹ ਭੱਜ ਕੇ ਨਿਕਲ ਜਾਣਗੇ।’’ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਨੂੰ ਥਾਪੜਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਲਈ ਉਹ ਉਨ੍ਹਾਂ ਦੀ ਡਟਵੀਂ ਹਮਾਇਤ ਕਰਦੇ ਹਨ।