70ਵੀਂ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ 21 ਦਸੰਬਰ ਤੋਂ

ਲੜਕਿਆਂ ਦੇ ਵਰਗ ਵਿੱਚ 30 ਅਤੇ ਲੜਕੀਆਂ ਦੇ ਵਰਗ ਵਿੱਚ 26 ਟੀਮਾਂ ਭਾਗ ਲੈਣਗੀਆਂ

ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

70ਵੀਂ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ ਲੜਕੇ ਅਤੇ ਲੜਕੀਆਂ  21 ਦਸੰਬਰ ਤੋਂ 28 ਦਸੰਬਰ, 2019 ਤੱਕ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਕਰਵਾਈ ਜਾ ਰਹੀ ਹੈ, ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ, ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਚੈਂਪੀਅਨਸ਼ਿਪ ਸੰੰਬੰਧੀ ਸਟੇਡੀਅਮ ਵਿੱਚ ਸਥਿਤ ਚਾਰ ਬਾਸਕਿਟਬਾਲ ਕੋਰਟਾਂ ਨੂੰ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੂਰੀ ਤਰ੍ਹਾਂ ਨਵਿਆਇਆ ਗਿਆ ਹੈ। ਇਸ ਸੰਬੰਧੀ ਸਥਾਨਕ ਸਟੇਡੀਅਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਲੜਕਿਆਂ ਦੇ ਵਰਗ ਵਿੱਚ 30 ਅਤੇ ਲੜਕੀਆਂ ਦੇ ਵਰਗ ਵਿੱਚ 26 ਟੀਮਾਂ ਭਾਗ ਲੈਣਗੀਆਂ। ਚੈਂਪੀਅਨਸ਼ਿਪ ਦੌਰਾਨ ਹੋਣ ਵਾਲੇ 150 ਦੇ ਕਰੀਬ ਮੈਚਾਂ ਲਈ ਬਾਸਕਿਟਬਾਲ ਫੈੱਡਰੇਸ਼ਨ ਆਫ਼ ਇੰਡੀਆ ਵੱਲੋਂ 100 ਤਕਨੀਕੀ ਮਾਹਿਰਾਂ ਅਤੇ ਰੈਫਰੀਆਂ ਦੀ ਟੀਮ ਤਾਇਨਾਤ ਕੀਤੀ ਗਈ ਹੈ। ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ 6 ਗਰੁੱਪਾਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੈਂਪੀਅਨਸ਼ਿਪ ਦਾ ਉਦਘਾਟਨ ਮਿਤੀ 21 ਦਸੰਬਰ ਨੂੰ ਸ਼ਾਮ 3 ਵਜੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਕਰਨਗੇ। ਮੈਚ ਰੋਜ਼ਾਨਾ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਦੁਪਹਿਰ 2 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲਿਆ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ, ਜੇ. ਪੀ. ਸਿੰਘ ਸਾਬਕਾ ਪੀ. ਸੀ. ਐੱਸ. ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।