ਲੋਕਾਂ ਨੂੰ ਘਰੋਂ ਬੇਘਰ ਕਰਨ ਤੋਂ ਬਚਾਉਣ ਲਈ ਇੱਕ ਕਮੇਟੀ ਦਾ ਗਠਨ ਕਰਨ ਬਾਰੇ ਕਿਹਾ

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੀ ਮੈਂਬਰ ਵੱਲੋਂ ਰਾਜੀਵ ਗਾਂਧੀ ਕਾਲੋਨੀ ਵਾਸੀਆਂ ਦੇ ਰਹਿਣ ਲਈ ਉੱਚਿਤ ਪ੍ਰਬੰਧ ਕਰਨ ਦੀ ਹਦਾਇਤ
ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਮੰਜੂ ਦਿਲੇਰ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਹੈ ਕਿ ਜਦੋਂ ਤੱਕ ਸਥਾਨਕ ਫੋਕਲ ਪੁਆਇੰਟ ਸਥਿਤ ਰਾਜੀਵ ਕਾਲੋਨੀ ਦੇ ਨਜਾਇਜ਼ ਕਾਬਜ਼ਕਾਰਾਂ ਲਈ ਰਹਿਣ ਦਾ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਨੂੰ ਉਥੋਂ ਹਟਾਇਆ ਨਾ ਜਾਵੇ। ਉਹ ਅੱਜ ਰਾਜੀਵ ਕਾਲੋਨੀ ਦੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਸੁਣਨ ਲਈ ਵਿਸ਼ੇਸ਼ ਤੌਰ ’ਤੇ ਉਥੇ ਗਏ ਸਨ। ਇਸ ਮੌਕੇ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਦਿਲੇਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਘਰੋਂ ਬੇਘਰ ਕਰਨ ਤੋਂ ਬਚਾਉਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿੱਚ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਜਾਂ 50-50 ਗਜ ਦੇ ਪਲਾਟ ਦਿੱਤੇ ਜਾਣ ਜਾਂ ਫਿਰ ਇਨ੍ਹਾਂ ਨੂੰ ਇਨ੍ਹਾਂ ਦੇ ਮੌਜੂਦਾ ਘਰਾਂ ਦੇ ਰਿਆਇਤੀ ਦਰਾਂ ’ਤੇ ਮਾਲਕ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਕਰਕੇ ਜੇਕਰ ਕਿਸੇ ਵੀ ਸਫਾਈ ਕਰਮਚਾਰੀ ਜਾਂ ਉਨ੍ਹਾਂ ਦੇ ਪਰਿਵਾਰ ਦਾ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਪ੍ਰਸਾਸ਼ਨ ਜਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2022 ਤੱਕ ਹਰੇਕ ਵਿਅਕਤੀ ਨੂੰ ਛੱਤ ਦੇਣ ਦਾ ਟੀਚਾ ਹੈ, ਜਿਸ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਅਜਿਹੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਉਜੜਨ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਨਰੇਸ਼ ਧੀਂਗਾਨ, ਯਸ਼ਪਾਲ ਚੌਧਰੀ ਅਤੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੇ ਕਈ ਅਧਿਕਾਰੀ ਹਾਜ਼ਰ ਸਨ।