ਰਾਸ਼ਟਰੀ ਖ਼ਪਤਕਾਰ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ 24 ਨੂੰ ਲੁਧਿਆਣਾ ਵਿੱਚ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੀ ਡਾਇਰੈਕਟਰ ਅਨਿੰਦਿਤਾ ਮਿਤਰਾ ਵੱਲੋਂ ਤਿਆਰੀਆਂ ਦਾ ਜਾਇਜ਼ਾ
ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਖ਼ਪਤਕਾਰ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ 24 ਦਸੰਬਰ ਦਿਨ ਮੰਗਲਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚਣਗੇ। ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਸਮਾਗਮ ਸਥਾਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੀ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖ਼ਪਤਕਾਰਾਂ ਨੂੰ ਉਨਾਂ ਦੇ ਬੁਨਿਆਦੀ ਅਧਿਕਾਰਾਂ ਅਤੇ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਲਈ ''ਭਾਰਤੀ ਖ਼ਪਤਕਾਰਾਂ ਲਈ ਨਵੀਂ ਰਾਹ : ਖ਼ਪਤਕਾਰ ਸੁਰੱਖਿਆ ਐਕਟ, 2019 ਵਿਸ਼ੇ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸੂਬੇ ਭਰ ਤੋਂ ਵੱਖ-ਵੱਖ ਵਰਗਾਂ ਨਾਲ ਸੰੰਬੰਧਤ ਖ਼ਪਤਕਾਰਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਇਹ ਸਮਾਗਮ ਸਵੇਰੇ 10 ਵਜੇ ਸ਼ੁਰੂ ਹੋਵੇਗਾ, ਜਿਸ ਦੌਰਾਨ ਹਾਜ਼ਰੀਨ ਨੂੰ ਖ਼ਪਤਕਾਰ ਮਾਮਲਿਆਂ ਨਾਲ ਸੰਬੰਧਤ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਏ. ਪੀ. ਸਿਨਹਾ ਆਈ. ਏ. ਐੱਸ. ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਹਾਜ਼ਰ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਸ ਸਮਾਗਮ ਦੇ ਸਫ਼ਲ ਆਯੋਜਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਡਿਪਟੀ ਡਾਇਰੈਕਟਰ ਮਿਸ ਸੋਨਾ ਥਿੰਦ, ਸੁਖਵਿੰਦਰ ਸਿੰਘ ਅਤੇ ਸ੍ਰੀਮਤੀ ਗੀਤਾ ਬਿਸ਼ੰਭੂ (ਦੋਵੇਂ ਡੀ. ਐੱਫ. ਐੱਸ. ਸੀ.), ਜ਼ਿਲਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।