ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਨੂੰ ਮੁੜ ਤੋਂ ਗਤੀਸ਼ੀਲ ਕੀਤਾ-ਚੇਅਰਮੈਨ ਬਿੰਦਰਾ

6 ਜਨਵਰੀ ਨੂੰ ਵਿਭਾਗ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਉਣ ਦਾ ਐਲਾਨ

ਲੁਧਿਆਣਾ, ਦਸੰਬਰ 2019- (ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਤੋੜ ਕੇ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਨੂੰ ਮੁੜ ਤੋਂ ਗਤੀਸ਼ੀਲ ਕੀਤਾ ਗਿਆ ਹੈ। ਬੋਰਡ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨਾਂ ਨਾਲ ਸੰਬੰਧਤ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਸੁਲਝਾ ਕੇ ਨੌਜਵਾਨਾਂ ਦਾ ਸਹਿਯੋਗ ਸੂਬੇ ਦੇ ਵਿਕਾਸ ਲਈ ਲਿਆ ਜਾਵੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਸੂਬੇ ਭਰ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਨੌਜਵਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਰੱਖੀ ਗਈ ਇਸ ਵਿਸ਼ੇਸ਼ ਮੀਟਿੰਗ ਵਿੱਚ ਨੌਜਵਾਨਾਂ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਸੁਝਾਅ ਵੀ ਦਿੱਤੇ ਗਏ। ਬਿੰਦਰਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਮੁਸ਼ਕਿਲਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਅਤੇ ਉਨਾਂ ਦਾ ਉਚਿਤ ਹੱਲ ਕਢਵਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਦਾ ਸਹਿਯੋਗ ਲੈਣ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਹਰ ਕਦਮ ਉਠਾਉਣ ਲਈ ਦ੍ਰਿੜ ਸੰਕਲਪ ਹੈ। ਬਿੰਦਰਾ ਨੇ ਕਿਹਾ 6 ਜਨਵਰੀ ਨੂੰ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਮਾਡਲ ਟਾਊਨ ਸਥਿਤ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ। ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਕੈਂਪ ਵਿੱਚ ਵਧ ਚੜ ਕੇ ਹਿੱਸਾ ਲੈਣ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।