70ਵੀਂ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ ਦੀ ਜੇਤੂ ਪੰਜਾਬ ਦੀ ਟੀਮ ਨੂੰ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਵੱਲੋਂ ਵਧਾਈ

ਸੂਬੇ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਉਣ ਵਾਲੇ ਖ਼ਿਡਾਰੀਆਂ ਨੂੰ ਸੂਬਾ ਸਰਕਾਰ ਨੌਕਰੀਆਂ ਨਾਲ ਨਿਵਾਜ਼ੇਗੀ-ਰਾਣਾ ਗੁਰਮੀਤ ਸਿੰਘ ਸੋਢੀ
ਲੁਧਿਆਣਾ, ਦਸੰਬਰ 2019- (ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਹੈ ਕਿ ਜੋ ਖ਼ਿਡਾਰੀ ਸੂਬੇ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਚਮਕਾਉਣਗੇ, ਉਨਾਂ ਖ਼ਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਅਤੇ ਨਗਦ ਇਨਾਮਾਂ ਨਾਲ ਨਿਵਾਜ਼ਿਆ ਜਾਵੇਗਾ। ਉਹ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸੰਪੰਨ ਹੋਈ 70ਵੀਂ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ ਦੇ ਇਨਾਮ ਵੰਡ ਸਮਾਰੋਹ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸੇ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉੱਚਤਮ ਦਰਜੇ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਹਾਜ਼ਰ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਪੰਜਾਬ ਦੀ ਲੜਕਿਆਂ ਦੀ ਜੇਤੂ ਰਹੇ ਟੀਮ ਸਮੇਤ ਹੋਰ ਸਾਰੀਆਂ ਟੀਮਾਂ ਨੂੰ ਵਧਾਈ ਦਿੱਤੀ। ਸੋਢੀ ਨੇ ਕਿਹਾ ਕਿ ਇਸ ਚੈਂਪੀਅਨਸ਼ਿਪ ਵਿੱਚ ਲੜਕਿਆਂ ਦੇ ਵਰਗ ਵਿੱਚ 30 ਟੀਮਾਂ ਅਤੇ ਲੜਕੀਆਂ ਦੇ ਵਰਗ ਵਿੱਚ 26 ਟੀਮਾਂ ਨੇ ਭਾਗ ਲਿਆ। ਪੂਰੀ ਚੈਂਪੀਅਨਸ਼ਿਪ ਦੌਰਾਨ 150 ਮੈਚ ਖੇਡੇ ਗਏ। ਇਸ ਚੈਂਪੀਅਨਸ਼ਿਪ ਲਈ ਭਾਰਤੀ ਬਾਸਕਿਟਬਾਲ ਫੈੱਡਰੇਸ਼ਨ ਵੱਲੋਂ 100 ਤਕਨੀਕੀ ਮਾਹਿਰਾਂ ਅਤੇ ਰੈਫਰੀਆਂ ਦੀ ਡਿਊਟੀ ਲਗਾਈ ਗਈ ਸੀ। ਅੱਜ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਇਹ ਚੈਂਪੀਅਨਸ਼ਿਪ ਦੌਰਾਨ 21 ਤੋਂ 28 ਦਸੰਬਰ ਤੱਕ ਕਰਵਾਏ ਗਏ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨ। ਲੜਕਿਆਂ ਦੇ ਫਾਈਨਲ ਮੁਕਾਬਲੇ ਵਿੱਚ ਪੰਜਾਬ ਨੇ ਤਾਮਿਲਨਾਡੂ ਦੀ ਟੀਮ ਨੂੰ 93-75 ਅੰਕਾਂ ਦੇ ਫਰਕ ਨਾਲ ਹਰਾਇਆ। ਪੰਜਾਬ ਦੀ ਟੀਮ ਵੱਲੋਂ ਅਰਸ਼ਪ੍ਰੀਤ ਸਿੰਘ ਭੁੱਲਰ ਵੱਲੋਂ 33 ਅੰਕ ਹਾਸਿਲ ਕੀਤੇ ਗਏ। ਲੜਕੀਆਂ ਦੇ ਵਰਗ ਵਿੱਚ ਭਾਰਤੀ ਰੇਲਵੇ ਦੀ ਟੀਮ ਨੇ ਕੇਰਲਾ ਨੂੰ 68-55 ਅੰਕਾਂ ਦੇ ਫਰਕ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਤੇਜਾ ਸਿੰਘ ਧਾਲੀਵਾਲ, ਪ੍ਰਬੰਧਕੀ ਸਕੱਤਰ ਕਮ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਚੇਅਰਮੈਨ ਪਵਨ ਦੀਵਾਨ, ਅਰਜੁਨਾ ਅਵਾਰਡੀ ਪਰਮਿੰਦਰ ਸਿੰਘ, ਸ੍ਰੀਮਤੀ ਸੁਮਨ ਸ਼ਰਮਾ, ਐੱਨ. ਬੀ. ਏ. ਖ਼ਿਡਾਰੀ ਸਤਨਾਮ ਸਿੰਘ ਭੰਮਰਾ, ਹਾਕੀ ਉਲੰਪੀਅਨ ਹਰਦੀਪ ਸਿੰਘ ਗਰੇਵਾਲ, ਦ੍ਰੋਣਾਚਾਰੀਆ ਅਵਾਰਡੀ ਬਲਦੇਵ ਸਿੰਘ ਸ਼ਾਹਬਾਦ ਮਾਰਕੰਡਾ, ਫਿਲਮ ਅਦਾਕਾਰਾ ਨਿਰਮਲ ਰਿਸ਼ੀ, ਸਮਾਜ ਸੇਵੀ ਐੱਸ. ਪੀ. ਐੱਸ. ਓਬਰਾਏ, ਗੁਰਜੀਤ ਸਿੰਘ ਰੋਮਾਣਾ, ਜੇ. ਪੀ. ਸਿੰਘ ਅਤੇ ਹੋਰ ਹਾਜ਼ਰ ਸਨ।