ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵੱਲੋਂ ਲੁਧਿਆਣਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਅਗਵਾਈ ਹੇਠ ਯੂਥ ਬੋਰਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਬਾਬਾ ਦੀਪ ਸਿੰਘ ਗੁਰੂਦੁਆਰਾ ਸਾਹਿਬ ਮਾਡਲ ਟਾਊਨ ਲੁਧਿਆਣਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਖੂਨਦਾਨ ਕੀਤਾ। ਇਸ ਖੂਨਦਾਨ ਕੈਂਪ ਵਿੱਚ ਲਗਭਗ 200 ਯੂਨਿਟ ਇਕੱਤਰ ਕੀਤੇ ਗਏ। ਇਸ ਮੌਕੇ ਚੇਅਰਮੈਨ ਬਿੰਦਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਯੁਵਕ ਸੇਵਾਵਾਂ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਭਗ 100 ਖੂਨਦਾਨ ਕੈਂਪ ਲਗਾਏ ਗਏ ਹਨ। ਜਿਨ੍ਹਾਂ ਵਿੱਚ ਲਗਭਗ 13,000 ਯੂਨਿਟ ਬਲੱਡ ਡੋਨੇਟ ਕੀਤਾ ਗਿਆ। ਇਸੇ ਲੜੀ ਤਹਿਤ ਅੱਜ ਲੁਧਿਆਣਾ ਵਿੱਚ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਦੇ ਨੌਜਵਾਨ ਨਸ਼ੇ ਦੇ ਆਦਿ ਨਹੀਂ ਸਗੋਂ ਸਮਾਜ ਸੇਵਾ ਲਈ ਅੱਗੇ ਆਉਣ ਵਾਲੇ ਹਨ। ਉਹਨਾਂ ਕਿਹਾ ਕਿ ਜਲਦ ਹੀ ਮਾਣਯੋਗ ਮੁੱਖ ਮੰਤਰੀ ਜੀ ਦਾ ਤੰਦਰੁਸਤ ਪੰਜਾਬ ਦਾ ਸੁਪਨਾ ਪੂਰਾ ਹੋਣ ਵਾਲਾ ਹੈ ਅਤੇ ਨਸ਼ੇ ਦੀ ਸਪਲਾਈ ਨੂੰ ਪੂਰੀ ਤਰ੍ਹਾਂ ਕੱਟ ਦਿੱਤਾ ਗਿਆ ਹੈ। ਸਰਕਾਰ ਵੱਲੋਂ ਹੁਣ ਤੱਕ 10,10,000 ਦੇ ਲਗਭਗ ਨੌਜਵਾਨਾਂ ਨੂੰ ਨਸ਼ਾ ਛੁਡਾਉ ਸੈਂਟਰਾਂ ਵਿੱਚ ਨਸ਼ਾ-ਮੁਕਤ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਲੁਧਿਆਣਾ, ਨੀਤਿਨ ਟੰਡਨ, ਜਿਲ੍ਹਾ ਚੇਅਰਮੈਨ ਲੁਧਿਆਣਾ, ਅਕਸ਼ਿਤ ਅਗਰਵਾਲ, ਅਮਨ ਮਹਿਰਾ, ਗੌਤਮ, ਸੁਖਵਿੰਦਰ ਸੱਲ ਆਦਿ ਅਹੁਦੇਦਾਰ ਅਤੇ ਬਹੁ ਗਿਣਤੀ ਨੌਜਵਾਨ ਸ਼ਾਮਿਲ ਹੋਏ। ਇਸ ਖੂਨਦਾਨ ਕੈਂਪ ਵਿੱਚ ਸਾਰੇ ਧਰਮਾਂ, ਨੌਜਵਾਨਾਂ ਅਤੇ ਲੜਕੀਆਂ ਵੱਲੋਂ ਖੂਨਦਾਨ ਕੀਤਾ ਗਿਆ। ਅੰਤ ਵਿੱਚ ਬਿੰਦਰਾ ਜੀ ਨੇ ਇਸ ਕੈਂਪ ਨੂੰ ਸਫਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ।