ਸਿਹਤ ਸੇਵਾਵਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ-ਡੀ. ਸੀ

*ਜ਼ਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਕਪੂਰਥਲਾ, ਜਨਵਰੀ 2020 - (ਹਰਜੀਤ ਸਿੰਘ ਵਿਰਕ)- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਜ਼ਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਮੀਟਿੰਗ ਵਿਚ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਵੀ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ‘ਆਯੂਸ਼ਮਾਨ ਭਾਰਤ’ ਅਤੇ ਹੋਰਨਾਂ ਮੁਫ਼ਤ ਸਿਹਤ ਸਕੀਮਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨਾਂ ਖਾਸ ਕਰਕੇ ਜੱਚਾ-ਬੱਚਾ ਦੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲੈਂਦਿਆਂ ਕਿਹਾ ਕਿ ਜੱਚਾ-ਬੱਚਾ ਨੂੰ ਹਰੇਕ ਤਰਾਂ ਦੀ ਸਿਹਤ ਸਹੂਲਤ ਦੇਣੀ ਯਕੀਨੀ ਬਣਾਏ ਜਾਵੇ। 

ਡਿਪਟੀ ਕਮਿਸ਼ਨਰ ਨੇ 19 ਜਨਵਰੀ ਤੋਂ ਚੱਲਣ ਵਾਲੀ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਵੱਖ-ਵੱਖ ਵਿਭਾਗਾਂ ਨੂੰ ਇਸ ਸਬੰਧੀ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਇਹ ਯਕੀਨੀ ਬਣਾਇਆ ਜਾਵੇ ਕਿ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਰੋਧੀ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਸੇ ਤਰਾਂ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਬਾਰੇ ਉਨਾਂ ਕਿਹਾ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਸਕੂਲੀ ਬੱਚਿਆਂ ਨੂੰ ਕਵਰ ਕਰਕੇ ਇਸ ਦਾ ਫਾਲੋਅੱਪ ਕੀਤਾ ਜਾਵੇ। ਉਨਾਂ ਜ਼ਿਲੇ ਵਿਚ ਘੱਟ ਲਿੰਗ ਅਨੁਪਾਤ ਵਾਲੇ ਪਿੰਡਾਂ ਵਿਚ  ਲਿੰਗ ਅਨੁਪਾਤ ਵਧਾਉਣ ’ਤੇ ਜ਼ੋਰ ਦਿੰਦਿਆਂ ਇਸ ਸਬੰਧੀ ਕਾਰਜ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਬੇਟੀਆਂ ਦੀ ਮਹੱਤਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਇਸ ਦੌਰਾਨ ਉਨਾਂ ਸਿਹਤ ਸੇਵਾਵਾਂ ਦਾ ਬਾਰੀਕੀ ਨਾਲ ਜਾਇਜ਼ਾ ਲੈਣ ਤੋਂ ਇਲਾਵਾ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਵੈਲਨੈੱਸ ਸੈਂਟਰਾਂ, ਤੰਦਰੁਸਤ ਪੰਜਾਬ ਮਿਸ਼ਨ, ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਵੀ ਕੀਤੀ।   

ਇਸ ਤੋਂ ਪਹਿਲਾਂ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਨੇ ਸਿਹਤ ਵਿਭਾਗ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਜ਼ਿਲੇ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਾ. ਸੰਦੀਪ ਭੋਲਾ ਨੇ ਨਸ਼ਾ ਛੁਡਾੳੂ ਕੇਂਦਰਾਂ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਇਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਰਾਜਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਜੀਤ ਸਿੰਘ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਗੁਰਭਜਨ ਸਿੰਘ ਲਾਸਾਨੀ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਖੇਤੀਬਾੜੀ ਅਫ਼ਸਰ ਸ੍ਰੀ ਅਸ਼ਵਨੀ ਕੁਮਾਰ, ਸਮਾਜ ਸੇਵਕ ਸ੍ਰੀ ਸੁਦੇਸ਼ ਸ਼ਰਮਾ, ਡਾ. ਸੰਦੀਪ ਧਵਨ, ਡਾ. ਹਰਜੋਤ ਪਾਲ ਸਿੰਘ, ਡਾ. ਸੁਖਵਿੰਦਰ ਕੌਰ ਅਤੇ ਡਾ. ਸੋਨੀਆ ਸਰੋਆ ਤੋਂ ਇਲਾਵਾ ਬਲਾਕਾਂ ਤੋਂ ਆਏ ਹੋਏ ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ।