ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਯੂ. ਕੇ. ਦੇ ਸਿੱਖ ਪ੍ਰਚਾਰਕ ਹਰਿੰਦਰ ਸਿੰਘ ਨੂੰ 15 ਦਿਨਾਂ ਅੰਦਰ ਸਪੱਸ਼ਟੀਕਰਨ ਦੇਣ ਦੀ ਹਦਾਇਤ

ਅੰਮ੍ਰਿਤਸਰ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ ਮਨਜਿੰਦਰ ਗਿੱਲ )-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਪਿਛਲੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਪ੍ਰਚਾਰਕ ਹਰਿੰਦਰ ਸਿੰਘ ਜਥਾ ਨਿਰਵੈਰ ਖ਼ਾਲਸਾ ਯੂ. ਕੇ. ਨੂੰ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਭੇਜਣ ਦੀ ਹਦਾਇਤ ਕੀਤੀ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਤੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਢੱਡੇ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿੰਘ ਸਾਹਿਬ ਜੀ ਵਲੋਂ ਹਰਿੰਦਰ ਸਿੰਘ ਯੂ. ਕੇ. ਦੁਆਰਾ ਪਿਛਲੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਬਾਰੇ ਇਤਾਰਾਜ਼ਯੋਗ ਟਿੱਪਣੀਆਂ ਕਰਨ ਦਾ ਮਾਮਲਾ ਸਾਮਣੇ ਆਉਣ ਤੋਂ ਬਾਅਦ ਦੇਸ਼ ਵਿਦੇਸ਼ ਤੋਂ ਉਸ ਖਿਲਾਫ਼ ਪੁੱਜੀਆਂ ਸ਼ਿਕਾਇਤਾਂ ਨੂੰ ਦੇਖਦਿਆਂ ਉਸ ਨੂੰ 2 ਹਫ਼ਤਿਆਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਭੇਜਣ ਦੀ ਹਦਾਇਤ ਕੀਤੀ ਗਈ ਹੈ | ਜ਼ਿਕਰਯੋਗ ਹੈ ਗਿਆਨੀ ਹਰਪ੍ਰੀਤ ਸਿੰਘ ਜੀ ਕੁਝ ਦਿਨਾਂ ਤੋਂ ਯੂ.ਕੇ. ਵਿਖੇ ਹੋ ਰਹੇ ਗੁਰਮਤਿ ਸਮਾਗਮਾਂ 'ਚ ਭਾਗ ਲੈਣ ਗਏ ਹੋਏ ਹਨ |