ਰਾਮੂਵਾਲੀਆ ਦੇ ਯਤਨਾਂ ਸਦਕਾ ਉੱਤਰ ਪ੍ਰਦੇਸ਼ ਸਰਕਾਰ ਨੇ ਸਾਰੇ 55 ਸਿੱਖਾਂ 'ਤੇ ਦਰਜ ਕੇਸ ਕੀਤੇ ਰੱਦ

ਲੁਧਿਆਣਾ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਦੇ ਐਮ. ਐਲ. ਸੀ. ਬਲਵੰਤ ਸਿੰਘ ਰਾਮੂਵਾਲੀਆ ਦੇ ਯਤਨਾਂ ਸਦਕਾ ਉੱਤਰ ਪ੍ਰਦੇਸ਼ ਸਰਕਾਰ ਵਲੋਂ ਪਿਛਲੇ ਦਿਨੀਂ ਪੀਲੀਭੀਤ 'ਚ ਸਜਾਏ ਨਗਰ ਕੀਰਤਨ ਦੌਰਾਨ 55 ਸਿੱਖਾਂ 'ਤੇ ਦਰਜ ਕੇਸ ਖਾਰਜ ਕਰਕੇ ਸਾਰੇ ਸਿੱਖਾਂ ਨੂੰ ਦੋਸ਼ ਮੁਕਤ ਕਰ ਦਿੱਤਾ ਗਿਆ ਹੈ | ਕੇਸ ਰੱਦ ਕਰਨ ਦੇ ਆਦੇਸ਼ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਅਤੇ ਉਪ ਮੁੱਖ ਮੰਤਰੀ ਦਿਨੇਸ਼ ਚੰਦਰ ਵਲੋਂ ਬਲਵੰਤ ਸਿੰਘ ਰਾਮੂਵਾਲੀਆ ਨਾਲ ਸਾਰਾ ਮਾਮਲਾ ਵਿਚਾਰਨ ਪਿੱਛੋਂ ਦਿੱਤੇ ਗਏ ਹਨ | ਰਾਮੂਵਾਲੀਆ ਵਲੋਂ ਇਹ ਮਾਮਲਾ ਉੱਤਰ ਪ੍ਰਦੇਸ਼ ਸਰਕਾਰ ਕੋਲ ਲਗਾਤਾਰ ਉਠਾਇਆ ਜਾ ਰਿਹਾ ਸੀ ਤੇ ਉਹ 3 ਜਨਵਰੀ ਤੋਂ ਹੀ ਲਖਨਊ 'ਚ ਡੇਰੇ ਲਗਾ ਕੇ ਬੈਠੇ ਹੋਏ ਸਨ ਤੇ ਅੱਜ ਉਨ੍ਹਾਂ ਦੇ ਯਤਨਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਉੱਤਰ ਪ੍ਰਦੇਸ਼ ਸਰਕਾਰ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਵੈਭਵ ਸ੍ਰੀਵਾਸਤਵ ਅਤੇ ਐਸ. ਐਸ. ਪੀ. ਪੀਲੀਭੀਤ ਨੂੰ ਦਰਜ ਕੇਸ ਰੱਦ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ | ਇਸ ਸਬੰਧੀ ਵੈਭਵ ਸ੍ਰੀਵਾਸਤਵ ਵਲੋਂ ਬਾਕਾਇਦਾ ਫੋਨ ਕਰਕੇ ਬਲਵੰਤ ਸਿੰਘ ਰਾਮੂਵਾਲੀਆ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ | ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਰਾਮੂਵਾਲੀਆ ਨੂੰ ਇਹ ਵੀ ਦੱਸਿਆ ਗਿਆ ਕਿ 28 ਦਸੰਬਰ ਨੂੰ ਜ਼ਿਲ੍ਹੇ 'ਚ ਧਾਰਾ 144 ਲੱਗੀ ਹੋਣ ਕਾਰਨ ਉਨ੍ਹਾਂ ਨੂੰ ਇਹ ਦੁਖਦਾਈ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ ਸੀ | ਦੱਸਣਯੋਗ ਹੈ ਕਿ ਸਮੁੱਚੇ ਘਟਨਾਕ੍ਰਮ ਦੌਰਾਨ ਬਲਵੰਤ ਸਿੰਘ ਰਾਮੂਵਾਲੀਆ ਸੰਸਦ ਮੈਂਬਰ ਸੁਖੇਦਵ ਸਿੰਘ ਢੀਂਡਸਾ ਦੇ ਨਾਲ ਲਗਾਤਾਰ ਸੰਪਰਕ 'ਚ ਰਹੇ |