ਕਪੂਰਥਲਾ, ਜਨਵਰੀ 2020 -(ਹਰਜੀਤ ਸਿੰਘ ਵਿਰਕ)-
ਜ਼ਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਅਤੇ ਸਕੱਤਰ ਆਰ. ਟੀ. ਏ ਡਾ. ਨਯਨ ਜੱਸਲ ਦੇ ਦਿਸ਼ਾ-ਨਿਰਦੇਸ਼ਾਂ ’ਤੇ 31ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਤਹਿਤ ਡੀ. ਐਸ. ਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਔਰਤਾਂ ਦੀ ਸੁਰੱਖਿਆ ਸਬੰਧੀ ਸਕੂਟਰ ਜਾਗਰੂਕਤਾ ਰੈਲੀ ਕੱਢੀ ਗਈ। ਹਿੰਦੂ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਟ੍ਰੈਫਿਕ ਪੁਲਿਸ ਵੱਲੋਂ ਕੱਢੀ ਗਈ ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਗੁਜ਼ਰੀ। ਇਸ ਮੌਕੇ ਟ੍ਰੈਫਿਕ ਇੰਚਾਰਜ ਇੰਸ: ਦੀਪਕ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਰਾਹੀਂ ਔਰਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਮਾਜ ਨੂੰ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਸੜਕ ਦੁਰਘਟਨਾਵਾਂ ਕਾਰਨ ਹੋਣ ਵਾਲੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨਾਂ ਕਿਹਾ ਕਿ ਸੜਕ ਹਾਦਸਿਆਂ ਦੀ ਲਪੇਟ ਵਿਚ ਜ਼ਿਆਦਾਤਰ ਨੌਜਵਾਨ ਹੀ ਆ ਰਹੇ ਹਨ, ਜਿਸ ਦਾ ਵੱਡਾ ਕਾਰਨ ਤੇਜ਼ ਰਫ਼ਤਾਰ, ਸੜਕੀ ਆਵਾਜਾਈ ਦੇ ਨਿਯਮਾਂ ਦੀ ਅਣਦੇਖੀ ਅਤੇ ਟ੍ਰੇਨਿੰਗ ਦਾ ਨਾ ਹੋਣਾ ਹੈ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ ਗੁਰਬਚਨ ਸਿੰਘ ਨੇ ਕਿਹਾ ਕਿ ਮਾਪੇ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ। ਉਨਾਂ ਕਿਹਾ ਇਸ ਨਾਲ ਜਿਥੇ ਟ੍ਰੈਫਿਕ ਸਮੱਸਿਆ ਪੈਦਾ ਹੁੰਦੀ ਹੈ, ਉਥੇ ਨਾਲ ਹੀ ਦੁਰਘਟਨਾਵਾਂ ਵੀ ਵੱਧ ਰਹੀਆਂ ਹਨ ਅਤੇ ਕਈ ਵਾਰ ਮਾਪਿਆਂ ਦੇ ਲਾਡਲੇ ਬੱਚੇ ਆਪਣੀਆਂ ਕੀਮਤੀ ਜਾਨਾਂ ਤੋਂ ਸਦਾ ਲਈ ਹੱਥ ਧੋ ਬੈਠਦੇ ਹਨ। ਉਨਾਂ ਕਿਹਾ ਕਿ 16 ਤੋਂ 18 ਸਾਲ ਦੀ ਉਮਰ ਪੂਰੀ ਹੋਣ ’ਤੇ ਹੀ ਆਪਣੇ ਪਿਆਰੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਦਿਓ। ਉਨਾਂ ਕਿਹਾ ਕਿ ਇਸ ਤਰਾਂ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸੰਜੀਵ ਭੱਲਾ, ਮੈਡਮ ਮੁਕਤੀ, ਐਸ. ਆਈ ਦਰਸ਼ਨ ਸਿੰਘ, ਏ. ਐਸ. ਆਈ ਦਿਲਬਾਗ ਸਿੰਘ ਤੇ ਬਲਵਿੰਦਰ ਸਿੰਘ, ਉੱਘੇ ਸਮਾਜ ਸੇਵਕ ਗੁਰਮੁਖ ਸਿੰਘ ਢੋਡ ਤੇ ਕਾਲਜ ਸਟਾਫ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਹਾਜ਼ਰ ਸਨ।