ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਖੰਨਾ ਦਾ ਅਚਨਚੇਤ ਦੌਰਾ

ਮਰੀਜ਼ਾਂ ਨਾਲ ਗੱਲਬਾਤ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦਾ ਭਰੋਸਾ
ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਿਵਲ ਹਸਪਤਾਲ ਖੰਨਾ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਜਿੱਥੇ ਉਨ੍ਹਾਂ ਹਸਪਤਾਲਾਂ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਉਥੇ ਹੀ ਹਸਪਤਾਲਾਂ ਦੀਆਂ ਬੁਨਿਆਦੀ ਲੋੜਾਂ ਨੂੰ ਵੀ ਸਮਝਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਦੇ ਵੀ ਆਦੇਸ਼ ਦਿੱਤੇ। ਇਸ ਦੌਰੇ ਦੌਰਾਨ ਉਨ੍ਹਾਂ ਦੇਖਿਆ ਕਿ ਹਸਪਤਾਲ ਵਿੱਚ ਹੱਡੀ ਰੋਗਾਂ ਦੇ ਮਾਹਿਰ 4 ਡਾਕਟਰ ਤਾਇਨਾਤ ਹਨ, ਜਿਨ੍ਹਾਂ ਵਿੱਚੋਂ ਅੱਜ 3 ਹੀ ਹਾਜ਼ਰ ਸਨ। ਜਦਕਿ ਓ. ਪੀ. ਡੀ. ਸਿਰਫ਼ 56 ਮਰੀਜਾਂ ਦੀ ਦਰਜ ਕੀਤੀ ਗਈ। ਇਸ ਅਸਾਂਵੇਪਨ ਦਾ ਉਨ੍ਹਾਂ ਗੰਭੀਰ ਨੋਟਿਸ ਲਿਆ ਅਤੇ ਉੱਚ ਅਧਿਕਾਰੀਆਂ ਨੂੰ ਮੌਕੇ 'ਤੇ ਹਦਾਇਤ ਕੀਤੀ ਕਿ ਜਿਸ ਹਸਪਤਾਲ ਵਿੱਚ ਲੋੜ ਤੋਂ ਵਧੇਰੇ ਇੱਕ ਬਿਮਾਰੀ ਦੇ ਮਾਹਿਰ ਡਾਕਟਰ ਤਾਇਨਾਤ ਹਨ, ਉਨ੍ਹਾਂ ਦੀ ਤੁਰੰਤ ਰੈਸ਼ਨੇਲਾਈਜੇਸ਼ਨ ਕੀਤੀ ਜਾਵੇ। ਇਸ ਮੌਕੇ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਲਾਗੂ ਹੋਣ ਨਾਲ ਜਿਸ ਨਾਲ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਕਾਫੀ ਹੱਦ ਤੱਕ ਬੋਝ ਘਟਣ ਲੱਗਾ ਹੈ। ਯੋਜਨਾ ਲਾਗੂ ਹੋਣ ਨਾਲ ਇਨ੍ਹਾਂ ਹਸਪਤਾਲਾਂ ਵਿੱਚ ਮਰੀਜ਼ ਬਿਨ੍ਹਾ ਕਿਸੇ ਖਰਚੇ ਦੇ ਮੁਫ਼ਤ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ 10 ਸਾਲਾਂ ਦੇ ਸਾਸ਼ਨ ਕਾਲ ਦੌਰਾਨ ਸੂਬੇ ਦੇ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਲਈ ਕੋਈ ਕੰਮ ਨਹੀਂ ਕੀਤਾ, ਜਿਸ ਕਾਰਨ ਸੂਬੇ ਦੀ ਸਿਹਤ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਸੀ। ਪਿਛਲੇ ਢਾਈ ਸਾਲਾਂ ਦੌਰਾਨ ਕੈਪਟਨ ਸਰਕਾਰ ਵੱਲੋਂ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਦੀ ਵੱਡੇ ਪੱਧਰ 'ਤੇ ਭਰਤੀ ਕੀਤੀ ਗਈ ਹੈ, ਜਿਸ ਨਾਲ ਸਿਹਤ ਸਹੂਲਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਪੁੱਛਿਆ, ਜਿਸ 'ਤੇ ਉਨ੍ਹਾਂ ਮਰੀਜਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ। ਜਿਸ ਉਪਰੰਤ ਉਨ੍ਹਾਂ ਨੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਵੀ ਹਾਜ਼ਰ ਸਨ।