ਟੈੱਟ ਪ੍ਰੀਖਿਆ ਕੇਂਦਰਾਂ ਦੇ ਬਾਹਰ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠ 'ਤੇ ਪਾਬੰਦੀ

100 ਮੀਟਰ ਦੇ ਘੇਰੇ ਅੰਦਰ ਸਵੇਰੇ 8 ਵਜੇ ਤੋਂ 3 ਵਜੇ ਤੱਕ ਲਾਊਡ ਸਪੀਕਰ ਵੀ ਨਹੀਂ ਲਗਾਇਆ ਜਾ ਸਕੇਗਾ-ਜ਼ਿਲ੍ਹਾ ਮੈਜਿਸਟ੍ਰੇਟ

ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਸਟੇਟ ਟੈੱਟ-2018 ਪ੍ਰੀਖਿਆ 19 ਜਨਵਰੀ ਨੂੰ ਲਈ ਜਾ ਰਹੀ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੰਬੰਧਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਦੇ ਅੰਦਰ-ਅੰਦਰ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਪ੍ਰੀਖਿਆ ਵਾਲੇ ਦਿਨ ਪ੍ਰੀਖਿਆ ਕੇਂਦਰਾਂ ਦੇ ਬਾਹਰ ਕਈ ਵਾਰ ਬਹੁਤ ਜਿਆਦਾ ਭੀੜ ਹੋ ਜਾਂਦੀ ਹੈ, ਜਿਸ ਕਾਰਨ ਆਵਾਜਾਈ ਦੀ ਸਮੱਸਿਆ ਤਾਂ ਬਣਦੀ ਹੀ ਹੈ, ਕਈ ਵਾਰ ਕਾਨੂੰਨ ਵਿਵਸਥਾ ਵੀ ਵਿਗੜਨ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ। ਇਸੇ ਤਰ੍ਹਾਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਕਈ ਵਾਰ ਪ੍ਰੋਗਰਾਮ ਦੌਰਾਨ ਸਾਊਂਡ ਸਿਸਟਮ ਲਗਾਇਆ ਜਾਂਦਾ ਹੈ। ਆਵਾਜ਼ ਬਹੁਤ ਉੱਚੀ ਹੋਣ ਕਾਰਨ ਬੱਚਿਆਂ ਨੂੰ ਪ੍ਰੀਖਿਆ ਦੇਣ ਵਿੱਚ ਬਹੁਤ ਪ੍ਰੇਸ਼ਾਨੀ ਹੁੰਦੀ ਹੈ। ਉਕਤ ਕਾਰਨਾਂ ਕਰਕੇ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ 19 ਜਨਵਰੀ, 2020 ਨੂੰ ਲਾਗੂ ਰਹਿਣਗੇ।