ਪਾਣੀਆਂ ਦੇ ਮਸਲੇ ’ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਨੇ ਕੈਪਟਨ ਅਮਰਿੰਦਰ ਸਿੰਘ- ਬੈਂਸ

ਲੁਧਿਆਣਾ, ਜਨਵਰੀ 2020-(ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਲੋਕ ਇਨਸਾਫ਼ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀਆਂ ਸਬੰਧੀ ਆਲ ਪਾਰਟੀ ਮੀਟਿੰਗ ਵਿਚ ਟ੍ਰਿਬਿਊਨਲ ਲਈ ਪਾਸ ਕੀਤੇ ਗਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਉਕਤ ਮਤਾ ਰੱਦ ਕੀਤਾ ਗਿਆ।
ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਇਸ ਨੂੰ ਮੂਲੋਂ ਹੀ ਰੱਦ ਕਰਦੀ ਹੋਈ ਨਿੰਦਾ ਕਰਦੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਨੇ ਪੰਜਾਬ ਦੇ ਪਾਣੀਆਂ ਦੀ ਵੰਡ ਲਈ ਟ੍ਰਿਬਿਊਨਲ ਦੀ ਮੰਗ ਕੀਤੀ ਹੈ ਜਦੋਂ ਕਿ ਭਾਰਤੀ ਸੰਵਿਧਾਨ ਦੇ 7ਵੇਂ ਸ਼ਡਿਊਲ ਦੇ 56ਵੀਂ ਧਾਰਾ ਵਿੱਚ ਦਰਜ ਹੈ ਕਿ ਕੇਂਦਰ ਉਸ ਮੌਕੇ ’ਤੇ ਦਖਲਅੰਦਾਜ਼ੀ ਕਰ ਸਕਦਾ ਹੈ ਜਦੋਂ ਦਰਿਆ ਅੰਤਰਰਾਜੀ ਹੋਣ ਜਾਂ ਦੋ ਜਾਂ ਦੋ ਤੋਂ ਵੱਧ ਰਾਜਾਂ ਵਿੱਚ ਵਗਦੇ ਦਰਿਆਵਾਂ ਦਾ ਝਗੜਾ ਹੋਵੇ, ਜਦੋਂਕਿ ਸਤਲੁਜ, ਬਿਆਸ ਅਤੇ ਰਾਵੀ ਦਾ ਦਿੱਲੀ, ਹਰਿਆਣਾ ਅਤੇ ਰਾਜਸਥਾਨ ਨਾਲ ਦੂਰ ਦਾ ਵੀ ਕੋਈ ਵਾਹ ਵਾਸਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਕੇਂਦਰ ਦੀ ਭਾਜਪਾ ਸਰਕਾਰ ਦਾ ਸਹਾਰਾ ਲੈ ਕੇ ਪੰਜਾਬ ਵਾਸੀਆਂ ਨੂੰ ਗੁਮਰਾਹ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਇਸੇ ਤਰ੍ਹਾਂ ਪਾਣੀ ਦਾ ਪੱਧਰ ਡਿਗਦਾ ਗਿਆ ਤਾਂ ਆਉਣ ਵਾਲੇ 10 ਸਾਲਾਂ ਵਿੱਚ ਪੰਜਾਬ ਰੇਗਿਸਤਾਨ ਬਣ ਜਾਵੇਗਾ। ਇਸ ਤੋਂ ਬਾਅਦ ਵੀ ਪੰਜਾਬ ਨੂੰ ਅਟੱਲ ਜਲ ਯੋਜਨਾ ’ਚੋਂ ਬਾਹਰ ਕਰ ਦਿੱਤਾ ਗਿਆ ਹੈ। ਇਸ ਫੈਸਲੇ ਖਿਲਾਫ਼ ਪਾਰਟੀ ਜਲ ਅਤੇ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਘਰ ਦਾ 18 ਫਰਵਰੀ ਨੂੰ ਦਿੱਲੀ ਵਿੱਚ ਘਿਰਾਓ ਕਰੇਗੀ।