ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਚੁੰਗਲ ’ਚੋਂ ਮੁਕਤ ਕਰਾਵਾਂਗੇ- ਢੀਂਡਸਾ

ਸੁਖਬੀਰ ਬਾਦਲ ਨੂੰ ਕੁਰਬਾਨੀਆਂ ਦੀ ਕੋਈ ਕਦਰ ਨਹੀਂ-ਰਾਮੂਵਾਲੀਆ

ਪੰਥਕ ਰਵਾਇਤਾਂ ਦਾ ਜੋ ਘਾਣ ਬਾਦਲ ਪਰਿਵਾਰ ਨੇ ਕੀਤਾ ਹੈ ਉਹ ਅੱਜ ਤੱਕ ਮੁਗਲਾਂ ਨੇ ਵੀ ਨਹੀਂ ਕੀਤਾ-ਸੇਖਵਾਂ

ਲੁਧਿਆਣਾ, ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਨਾਰਾਜ਼ ਅਤੇ ਨਿਰਾਸ਼ ਆਗੂਆਂ ਵਲੋਂ ਇਕਜੁਟ ਹੋ ਕੇ ਸਭ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਚੁੰਗਲ ਵਿੱਚੋਂ ਮੁਕਤ ਕਰਵਾ ਕੇ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਰਵਾਇਤਾਂ, ਸਿਧਾਂਤਾਂ ਅਤੇ ਪ੍ਰੰਪਰਾਵਾਂ ਨੂੰ ਮੁੜ ਉਸਾਰੂ ਲੀਹਾਂ ’ਤੇ ਲਿਆਉਣ ਲਈ ਹਰ ਪੰਥ ਦਰਦੀ ਨੂੰ ਨਾਲ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅੱਜ ਤੋਂ ਪੰਜਾਬ ਭਰ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਲੋਕਾਂ ਦੀ ਕਚਿਹਰੀ ਵਿੱਚ ਬਾਦਲ ਪਰਿਵਾਰ ਦੀਆਂ ਪੰਥ ਵਿਰੋਧੀ ਕਾਰਵਾਈਆਂ ਦਾ ਕੱਚਾ ਚਿੱਠਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਬੈਠੇ ਪੰਥ ਦਰਦੀ ਉਨ੍ਹਾਂ ਦੀਆਂ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਲਕੇ ਮੋਗਾ ਵਿਚ ਮੀਟਿੰਗ ਰੱਖੀ ਗਈ ਹੈ। 2 ਫਰਵਰੀ ਨੂੰ ਸੰਗਰੂਰ ਵਿੱਚ ਬਾਦਲ ਦਲ ਦੀ ਰੈਲੀ ਬਾਰੇ ਉਨ੍ਹਾਂ ਕਿਹਾ ਕਿ ਰੈਲੀਆਂ ਕਰਨਾ ਰਾਜਸੀ ਪਾਰਟੀਆਂ ਦਾ ਕੰਮ ਹੁੰਦਾ ਹੈ ਪਰ ਸੁਖਬੀਰ ਨੂੰ ਚਾਹੀਦਾ ਹੈ ਕਿ ਉਹ ਸ਼ਰਾਬ, ਨਸ਼ੇ ਅਤੇ ਪੈਸੇ ਵੰਡ ਕੇ ਬਾਹਰੋਂ ਬੰਦੇ ਲਿਆਉਣ ਦੀ ਥਾਂ ਨਿਰੋਲ ਸੰਗਰੂਰ ਹਲਕੇ ਦੇ ਲੋਕਾਂ ਦਾ ਇਕੱਠ ਕਰਕੇ ਦਿਖਾਏ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅਕਾਲੀ ਦਲ ਪ੍ਰਤੀ ਕੀਤੀ ਕੁਰਬਾਨੀ ਸਬੰਧੀ ਉਨ੍ਹਾਂ ਨੂੰ ਸੁਖਬੀਰ ਦੇ ਸਰਟੀਫਿਕੇਟ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਜਿੰਨੀ ਕੁਰਬਾਨੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਹੈ, ਉਨ੍ਹਾਂ ਦੀ ਵੀ ਅਕਾਲੀ ਦਲ ਨੂੰ ਦੇਣ ਉਸ ਤੋਂ ਕੋਈ ਘੱਟ ਨਹੀਂ ਹੈ। ਅਕਾਲੀ ਦਲ ਨੇ ਉਨ੍ਹਾਂ ਨੂੰ ਜੋ ਮਾਣ-ਸਨਮਾਨ ਦਿੱਤਾ ਹੈ, ਉਹ ਉਨ੍ਹਾਂ ਦੀ ਪੰਥ ਪ੍ਰਤੀ ਘਾਲਣਾ ਨੂੰ ਦੇਖ ਕੇ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਸੁਖਬੀਰ ਬਾਦਲ ਦੱਸੇ ਕਿ ਉਸ ਨੇ ਸ਼੍ਰੋਮਣੀ ਅਕਾਲੀ ਦਲ ਜਾਂ ਪੰਜਾਬ ਲਈ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਮਾਮਲੇ ਲਈ ਲੋਕ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਕਿਉਂਕਿ ਉਸ ਨੇ ਸਮਾਂ ਰਹਿੰਦਿਆਂ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਅਤੇ ਬਾਅਦ ਵਿੱਚ ਮੁਆਫ਼ੀ ਵਾਪਸ ਲੈਣ ਦੇ ਫ਼ੈਸਲੇ ਲਈ ਵੀ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕਜੁਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਪੁਰਾਤਨ ਰਵਾਇਤਾਂ, ਸਿਧਾਂਤਾਂ ਅਤੇ ਪ੍ਰੰਪਰਾਵਾਂ ਨੂੰ ਬਹਾਲ ਕਰਨ ਲਈ ਜ਼ੋਰਦਾਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਮਾਡਲ ਟਾਊਨ ਸਥਿਤ ਜੰਜ ਘਰ ਵਿਚ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ, ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਅਤੇ ਹਰਸੁਖਿੰਦਰ ਸਿੰਘ ਬੱਬੀ ਬਾਦਲ ਨੇ ਸ੍ਰੀ ਅਕਾਲ ਤਖ਼ਤ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਗਾਉਣ ਲਈ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ। ਇਸ ਮੌਕੇ ਸ੍ਰੀ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਉੱਪਰ ਕਾਂਗਰਸ ਨਾਲ ਹੋਣ ਦੇ ਦੋਸ਼ ਲਗਾ ਕੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਢਹਿ ਢੇਰੀ ਕਰਕੇ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਹੋਵੇ, ਉਹ ਉਸ ਪਾਰਟੀ ਨਾਲ ਰਲਣ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ। ਸ੍ਰੀ ਰਾਮੂਵਾਲੀਆ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਕੁਰਬਾਨੀਆਂ ਦੀ ਕੋਈ ਕਦਰ ਨਹੀਂ ਤੇ ਉਸ ਨੇ ਨਾ ਹੀ ਪੰਜਾਬ ਅਤੇ ਨਾ ਪੰਜਾਬੀਆਂ ਲਈ ਕੁਝ ਕੀਤਾ ਹੈ। ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪੰਥਕ ਰਵਾਇਤਾਂ ਦਾ ਜੋ ਘਾਣ ਬਾਦਲ ਪਰਿਵਾਰ ਨੇ ਕੀਤਾ ਹੈ ਉਹ ਅੱਜ ਤੱਕ ਮੁਗਲਾਂ ਨੇ ਵੀ ਨਹੀਂ ਕੀਤਾ।