ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਵਚਨਬੱਧ ਹੋਣ ਦਾ ਦਿੱਤਾ ਸੱਦਾ

ਸ਼ਾਨਦਾਰ ਮਾਰਚ ਪਾਸਟ, ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਦੀ ਹੋਈ ਪੇਸ਼ਕਾਰੀ

ਵੱਖ-ਵੱਖ ਵਿਭਾਗਾਂ ਨੇ ਵਿਕਾਸ ਨੂੰ ਦਰਸਾਉਂਦੀਆਂ ਕੱਢੀਆਂ ਦਿਲਕਸ਼ ਝਾਕੀਆਂ

ਆਜ਼ਾਦੀ ਘੁਲਾਟੀਆਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਦਾ ਹੋਇਆ ਸਨਮਾਨ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ)-

71ਵੇਂ ਗਣਤੰਤਰ ਦਿਵਸ ਦਾ ਜ਼ਿਲਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਇਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਵੀ ਉਨਾਂ ਦੇ ਨਾਲ ਸਨ। ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। 

ਇਸ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ ਸ. ਵਿਸ਼ਾਲਜੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਜੀ. ਓ. ਜੀ, ਐਨ. ਸੀ. ਸੀ ਅਤੇ ਐਨ. ਐਸ. ਐਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ. ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਉਮੜ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸੁਖਜੀਤ ਆਸ਼ਰਮ ਅਦੇ ਆਰੀਆ ਵਾਤਸਲਿਆ ਸਮਾਜ ਦੇ ਬੱਚਿਆਂ ਵੱਲੋਂ ਦਿੱਤੀਆਂ ਵਿਸ਼ੇਸ਼ ਪੇਸ਼ਕਾਰੀਆਂ ਨੇ ਖ਼ੂਬ ਵਾਹ-ਵਾਹ ਲੁੱਟੀ। ਇਸੇ ਤਰਾਂ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਦਿਲਕਸ਼ ਝਾਕੀਆਂ ਕੱਢੀਆਂ ਗਈਆਂ। 

ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਆਪਣੇ ਸੰਬੋਧਨ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਹਾਲ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬੇਦਕਰ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ। ਉਨਾਂ ਕਿਹਾ ਕਿ ਭਾਰਤ ਨੂੰ ਦੁਨੀਆ ਵਿਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਉਨਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਇਸ ਉਤਸਵਾਂ ਭਰੇ ਸਮੇਂ ਵਿਚੋਂ ਗੁਜ਼ਰ ਰਹੇ ਹਾਂ। ਉਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਅਤੇ ਸਮਾਰਟ ਸ਼ਹਿਰ ਵਜੋਂ ਵਿਕਸਤ ਕਰਨ ਲਈ 271 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ ਹੈ। ਉਨਾਂ ‘ਸਰਬੱਤ ਦਾ ਭਲਾ ਐਕਸਪ੍ਰੈੱਸ’ ਰੇਲ ਗੱਡੀ, ਸ੍ਰੀ ਗੁਰੂ ਨਾਨਕ ਦੇਵ ਬਾਇਓ ਡਾਇਵਰਸਿਟੀ ਪਾਰਕ ਬੀੜ ਸ਼ਿਕਾਰਗਾਹ ਅਤੇ ਬੇਬੇ ਨਾਨਕ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। 

ਜ਼ਿਲੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਕਪੂਰਥਲਾ ਨੂੰ ਹਰੇਕ ਖੇਤਰ ਵਿਚ ਮੋਹਰੀ ਜ਼ਿਲਾ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਜੀਅ-ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਿਸੇ ਸਮੇਂ ਕਪੂਰਥਲਾ ਦੀ ਸ਼ਾਨ ਰਹੀ ਕਾਂਜਲੀ ਵੈੱਟਲੈਂਡ ਦੀ ਮੁੜ ਸੁਰਜੀਤੀ ਅਤੇ ਸ਼ਹਿਰ ਦੀਆਂ ਵਿਰਾਸਤੀ ਤੇ ਇਤਿਹਾਸਕ ਇਮਾਰਤਾਂ ਦੀ ਮੁੜ ਪਹਿਲੇ ਵਾਲੀ ਦਿੱਖ ਬਹਾਲ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਸਿਹਤ ਸੇਵਾਵਾਂ ਨੂੰ ਵੱਡਾ ਹੁਲਾਰਾ ਦੇਣ ਦੇ ਮਕਸਦ ਨਾਲ ਕਪੂਰਥਲਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿਚ ਵੀ ਜ਼ਿਲਾ ਮੋਹਰੀ ਭੂਮਿਕਾ ਅਦਾ ਕਰ ਰਿਹਾ ਹੈ। ਇਸੇ ਤਰਾਂ ਉਨਾਂ ਬੇਟੀ ਬਚਾਓ ਬੇਟੀ ਪੜਾਓ, ਪੜੋ ਪੰਜਾਬ ਪੜਾਓ ਪੰਜਾਬ, ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਫ਼ਸਲੀ ਵਿਭਿੰਨਤਾ, ਸਮਾਰਟ ਸਕੂਲ, ਸਮਾਰਟ ਵਿਲੇਜ ਅਤੇ ਕਰਜ਼ਾ ਰਾਹਤ ਸਕੀਮ ਆਦਿ ਤਹਿਤ ਕੀਤੇ ਗਏ ਸ਼ਲਾਘਾਯੋਗ ਕਾਰਜਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।  ਉਨਾ ਕਿਹਾ ਜ਼ਿਲੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਪ੍ਰਸ਼ਾਸਨ ਵੱਲੋਂ ਜੀਅ-ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

  ਇਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ, ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ, ਬੱਡੀਜ਼ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਵੀਲ ਚੇਅਰ ਅਤੇ ਟਰਾਈ ਸਾਈਕਲ ਪ੍ਰਦਾਨ ਕੀਤੇ ਗਏ। 

  ਇਸ ਮੌਕੇ ਸੀ. ਜੇ. ਐਮ ਸ੍ਰੀ ਅਜੀਤ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਡੀ. ਐਸ. ਪੀ ਡਾ. ਮੁਕੇਸ਼, ਸਿਵਲ ਸਰਜਨ ਡਾ. ਜਸਮੀਤ ਬਾਵਾ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਗੁਰਭਜਨ ਸਿੰਘ ਲਾਸਾਨੀ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮਜੀਤ ਸਿੰਘ, ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਸ੍ਰੀ ਸੁਖਵਿੰਦਰ ਸਿੰਘ ਖੱਸਣ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਸ੍ਰੀ ਸੁਰਜੀਤ ਸਿੰਘ, ਸ੍ਰੀ ਸ਼ਰਵਣ ਕੁਮਾਰ, ਸ੍ਰੀਮਤੀ ਗੁਰਜੀਤ ਕੌਰ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਬਲਵਿੰਦਰ ਕੌਰ, ਮੈਡਮ ਅੰਜੂ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਪੂਰਥਲਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਮੰਚ ਸੰਚਾਲਨ ਸਹਾਇਕ ਲੋਕ ਸੰਪਰਕ ਅਫ਼ਸਰ ਸ. ਹਰਦੇਵ ਸਿੰਘ ਆਸੀ ਅਤੇ ਸ. ਇੰਦਰਜੀਤ ਸਿੰਘ ਪੱਡਾ ਵੱਲੋਂ ਕੀਤਾ ਗਿਆ। 

ਕੈਪਸ਼ਨ :-ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਵੱਖ-ਵੱਖ ਦਿ੍ਰਸ਼