ਕਪੂਰਥਲਾ, ਫਰਵਰੀ 2020- (ਹਰਜੀਤ ਸਿੰਘ ਵਿਰਕ)-
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅੱਜ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ’ਤੇ ਅੱਤਿਆਚਾਰ ਰੋਕਥਾਮ ਐਕਟ ਸਬੰਧੀ ਕੇਸਾਂ ਦੀ ਸਮੀਖਿਆ ਕੀਤੀ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਜ਼ਿਲਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਅਧਿਕਾਰੀਆਂ ਨੂੰ ਜ਼ਿਲੇ ਵਿਚ ਅੱਤਿਆਚਾਰ ਰੋਕਥਾਮ ਐਕਟ 1989 ਨੂੰ ਪੂਰੀ ਤਰਾਂ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਅਧਿਕਾਰੀ ਅਤੇ ਜ਼ਿਲਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੇ ਮੈਂਬਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਗ਼ਰੀਬ ਵਰਗ ਦੇ ਲੋਕਾਂ ਨਾਲ ਪੂਰੀ ਤਰਾਂ ਸੰਵੇਦਨਸ਼ੀਲਤਾ ਭਰਿਆ ਵਤੀਰਾ ਅਪਣਾਉਣ। ਉਨਾਂ ਕਿਹਾ ਕਿ ਜਦੋਂ ਵੀ ਗ਼ਰੀਬ ਵਰਗ ਨਾਲ ਵਧੀਕੀ ਦਾ ਕੋਈ ਵੀ ਮਾਮਲਾ ਧਿਆਨ ਵਿਚ ਆਵੇ ਤਾਂ ਤੁਰੰਤ ਪੁਲਿਸ ਕੇਸ ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਉਨਾਂ ਅੱਤਿਆਚਾਰ ਰੋਕਥਾਮ ਐਕਟ ਤਹਿਤ ਦਰਜ ਕੇਸਾਂ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਸਕੀਮ ਤਹਿਤ ਦਿੱਤੇ ਗਏ ਮੁਆਵਜ਼ੇ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਦੌਰਾਨ ਉਨਾਂ ਇਸ ਕਾਨੂੰਨ ਤਹਿਤ ਜ਼ੇਰੇ ਤਫਤੀਸ਼ ਮੁਕੱਦਮੇ, ਅਦਾਲਤਾਂ ਵਿਚ ਚੱਲਦੇ ਮੁਕੱਦਮੇ, ਵੱਖ-ਵੱਖ ਥਾਣਿਆਂ ਵਿਚ ਬਕਾਇਆ ਦਰਖ਼ਾਸਤਾਂ ਅਤੇ ਜ਼ਿਲਾ ਅਟਾਰਨੀ ਵੱਲੋਂ ਭੇਜੇ ਗਏ ਵੱਖ-ਵੱਖ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਦੀ ਸਮੀਖਿਆ ਕੀਤੀ। ਉਨਾਂ ਆਦੇਸ਼ ਦਿੱਤੇ ਕਿ ਪੁਰਾਣੇ ਕੇਸਾਂ ਅਤੇ ਲੰਬਿਤ ਜਾਂਚ ਰਿਪੋਰਟਾਂ ਦਾ ਨਿਬੇੜਾ ਜਲਦ ਤੋਂ ਜਲਦ ਕੀਤਾ ਜਾਵੇ। ਉਨਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੇ ਕੇਸਾਂ ਲਈ ਇਕ ਹੀ ਨੋਡਲ ਅਫ਼ਸਰ ਤਾਇਨਾਤ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਉੱਪ ਜ਼ਿਲਾ ਅਟਾਰਨੀ ਸ੍ਰੀ ਅਨਿਲ ਕੁਮਾਰ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਫ਼ਸਰ ਸ੍ਰੀਮਤੀ ਨੀਲਮ ਮਹੇ, ਸ੍ਰੀ ਨੀਰਜ ਕੁਮਾਰ, ਸ. ਦਵਿੰਦਰ ਪਾਲ ਸਿੰਘ ਆਹੂਜਾ, ਸ. ਸੁਖਰਾਜ ਸਿੰਘ, ਸ੍ਰੀ ਪਵਨ ਕੁਮਾਰ ਸੂਦ, ਸ੍ਰੀ ਵਿਨੋਦ ਕੁਮਾਰ ਸੂਦ ਤੇ ਸਰਪੰਚ ਗੁਰਪ੍ਰੀਤ ਸਿੰਘ ਤੋਂ ਇਲਾਵਾ ਜ਼ਿਲਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੇ ਮੈਂਬਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਡੀ. ਐਸ. ਪੀ ਸ. ਸੰਦੀਪ ਸਿੰਘ ਮੰਡ, ਉੱਪ ਜ਼ਿਲਾ ਅਟਾਰਨੀ ਸ੍ਰੀ ਅਨਿਲ ਕੁਮਾਰ, ਜ਼ਿਲਾ ਭਲਾਈ ਅਫ਼ਸਰ ਸ. ਜਸਦੇਵ ਸਿੰਘ ਪੁਰੇਵਾਲ ਤੇ ਹੋਰ।