ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਇੱਕ ਹਫ਼ਤੇ ਵਿੱਚ ਹੋਵੇਗੀ ਮੁਰੰਮਤ, ਕੰਮ ਸੋਮਵਾਰ ਤੋਂ ਹੋਵੇਗਾ ਸ਼ੁਰੂ-ਆਸ਼ੂ

ਨਗਰ ਨਿਗਮ ਦੀਆਂ ਬੀ ਐਂਡ ਆਰ ਅਤੇ ਸਿਹਤ ਸਾਖ਼ਾਵਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ

ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਇੱਕ ਹਫ਼ਤੇ ਵਿੱਚ ਕੀਤੀ ਜਾਵੇਗੀ, ਜਿਸ ਨਾਲ ਇਨਾਂ ਸੜਕਾਂ ਨੂੰ ਟੋਇਆਂ ਤੋਂ ਮੁਕਤ ਕਰ ਦਿੱਤਾ ਜਾਵੇਗਾ। ਇਸ ਸੰਬੰਧੀ ਨਗਰ ਨਿਗਮ ਦੀ ਬੀ ਐਂਡ ਆਰ ਸ਼ਾਖ਼ਾ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਅੱਜ ਨਗਰ ਨਿਗਮ ਦੇ ਸਥਾਨਕ ਜ਼ੋਨ-ਡੀ ਦਫ਼ਤਰ ਵਿਖੇ ਬੀ ਐਂਡ ਆਰ ਅਤੇ ਸਿਹਤ ਸ਼ਾਖ਼ਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ, ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਹੋਰ ਵੀ ਹਾਜ਼ਰ ਸਨ। ਸਿਹਤ ਸ਼ਾਖਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਸ਼ੂ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਇੱਕ ਹਫ਼ਤੇ ਵਿੱਚ ਸਫ਼ਾਈ ਕੀਤੀ ਜਾਣੀ ਅਤੇ ਸੈਕੰਡਰੀ ਕੁਲੈਕਸ਼ਨ ਪੁਆਇੰਟਾਂ ਤੋਂ ਰੋਜ਼ਾਨਾ ਦੋ ਵਾਰ ਕੂੜਾ ਚੁੱਕਣਾ ਯਕੀਨੀ ਬਣਾਇਆ ਜਾਵੇ। ਸਫਾਈ ਦਾ ਕੰਮ ਵਧੀਆ ਤਰੀਕੇ ਨਾਲ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਬੀ ਐਂਡ ਆਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਸ਼ੂ ਨੇ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਲੋੜੀਂਦੀ ਮੁਰੰਮਤ ਸੋਮਵਾਰ ਤੋਂ ਸ਼ੁਰੂ ਕਰ ਦਿੱਤੀ ਜਾਵੇ ਅਤੇ ਟੋਏ ਪੂਰਨ ਦਾ ਕੰਮ ਇੱਕ ਹਫ਼ਤੇ ਵਿੱਚ ਮੁਕੰਮਲ ਕੀਤਾ ਜਾਵੇ। ਇਸ ਕੰਮ ਵਿੱਚ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਵਾਟਰ ਰੀਚਾਰਜ ਪੁਆਇੰਟਾਂ (ਰੋਡ ਜਾਅਲੀਆਂ) ਨੂੰ ਵੀ ਤੁਰੰਤ ਸਾਫ਼ ਕਰਨ ਅਤੇ ਕੁਨੈਕਟੀਵਿਟੀ ਚੈੱਕ ਕਰਨ ਬਾਰੇ ਕਿਹਾ। ਉਨਾਂ ਕਿਹਾ ਕਿ ਉਹ ਇਨਾਂ ਕੰਮਾਂ ਦਾ ਅਗਲੇ ਹਫ਼ਤੇ ਫਿਰ ਰਿਵਿਊ ਕਰਨਗੇ। ਮੀਟਿੰਗ ਦੌਰਾਨ ਆਸ਼ੂ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀ ਭਲਾਈ ਲਈ ਹਰ ਕਦਮ ਉਠਾਉਣ ਲਈ ਵਚਨਬੱਧ ਹਨ ਤਾਂ ਹੀ ਉਹ ਸਮੇਂ-ਸਮੇਂ 'ਤੇ ਸਾਰੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਜਾਂਦਾ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਸ਼ਹਿਰ ਵਾਸੀਆਂ ਨੂੰ ਹਰ ਤਰਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।