You are here

ਮਾਤ ਭਾਸ਼ਾ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ 19 ਨੂੰ

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਚੇਅਰਮੈਨ ਮਹਿੰਦਰ ਸਿੰਘ ਕੇ. ਪੀ. ਪਹੁੰਚਣਗੇ

ਪੰਜਾਬੀ ਗਾਇਕ ਸਤਿੰਦਰ ਸਰਤਾਜ਼ ਮਨੋਰੰਜਨ ਕਰਨਗੇ
ਲੁਧਿਆਣਾ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-

ਪੰਜਾਬ ਸਰਕਾਰ ਵੱਲੋਂ ਪੰਜਾਬੀ ਬੋਲੀ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ 'ਪੰਜਾਬੀ ਬੋਲੀ ਅਤੇ ਸੱਭਿਆਚਾਰ ਉਤਸਵ' ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਰਾਜ ਪੱਧਰੀ ਮਾਤ ਭਾਸ਼ਾ ਦਿਵਸ ਮਿਤੀ 19 ਫਰਵਰੀ ਦਿਨ ਬੁੱਧਵਾਰ ਨੂੰ ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਿਗੁਰ ਰਾਮ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਲੁਧਿਆਣਾ ਦੇ ਪ੍ਰਿੰਸੀਪਲ ਐੱਮ. ਪੀ. ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸਥਾਨਕ ਗੁਰੂ ਨਾਨਕ ਭਵਨ ਵਿਖੇ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖ਼ਲਾਈ, ਰੋਜ਼ਗਾਰ ਉਤਪਤੀ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖ਼ਲਾਈ ਬੋਰਡ ਪੰਜਾਬ ਦੇ ਚੇਅਰਮੈਨ ਮਹਿੰਦਰ ਸਿੰਘ ਕੇ. ਪੀ. ਵਿਸ਼ੇਸ਼ ਮਹਿਮਾਨ ਵਜੋਂ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮਸ਼ਹੂਰ ਗਾਇਕ ਸਤਿੰਦਰ ਸਰਤਾਜ ਵੱਲੋਂ ਸੱਭਿਆਚਾਰਕ ਸੰਗੀਤ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।