ਕਪੂਰਥਲਾ,ਫਰਵਰੀ 2020-(ਹਰਜੀਤ ਸਿੰਘ ਵਿਰਕ)-
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਮਹਿਕਮੇ ਨਾਲ ਸਬੰਧਤ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਦਾ ਨਿਪਟਾਰਾ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ। ਉਨਾਂ ਸਮੂਹ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਆਦੇਸ਼ ਦਿੱਤੇ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਬੰਧੀ ਆਪਣੇ ਪੱਧਰ ’ਤੇ ਵੀ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਕੰਮਾਂ ਦਾ ਲਗਾਤਾਰ ਮੁਲਾਂਕਣ ਕਰਨ। ਉਨਾਂ ਕਿਹਾ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਉਨਾਂ ਜ਼ਮੀਨੀ ਰਿਕਾਰਡ ਦੇ ਕੰਪਿੳੂਟਰੀਕਰਨ ਅਤੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਭੁੱਲਥ ਸ. ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਡਾ ਸ਼ਿਖਾ ਭਗਤ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :-ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ ਅਤੇ ਹੋਰ ਅਧਿਕਾਰੀ।