ਵਧੀਕ ਡਿਪਟੀ ਕਮਿਸ਼ਨਰ (ਵ) ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਅਧਿਕਾਰੀਆਂ ਨੂੰ ਗਤੀਵਿਧੀਆਂ ਤੇਜ਼ ਕਰਨ ਦੇ ਆਦੇਸ਼

ਮਿਸ਼ਨ ਤੰਦਰੁਸਤ ਤਹਿਤ ਚੱਲ ਰਹੀਆਂ ਗਤੀਵਿਧੀਆਂ ਰੂਟੀਨ ਦੀਆਂ ਗਤੀਵਿਧੀਆਂ ਤੋਂ ਹੋਣੀਆਂ ਚਾਹੀਦੀਆਂ ਅਲੱਗ - ਅਮ੍ਰਿਤ ਸਿੰਘ ਏ.ਡੀ.ਸੀ.(ਡੀ)

ਲੁਧਿਆਣਾ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ ਹਵਾ, ਪਾਣੀ, ਆਲਾ-ਦੁਆਲਾ ਅਤੇ ਚੰਗਾ ਤੰਦਰੁਸਤ ਮਹੌਲ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਜ਼ਿਲ੍ਹਾ ਲੁਧਿਆਣਾ ਵਿੱਚ ਗਤੀਵਿਧੀਆਂ ਜਾਰੀ ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮ੍ਰਿਤ ਸਿੰਘ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵੱਖ ਵੱਖ ਵਿਭਾਗਾਂ ਨੂੰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੀ ਹਦਾਇਤ ਕੀਤੀ ਗਈ। 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਅਮ੍ਰਿਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਪ੍ਰੋਗਰਾਮ ਦਾ ਮੁੱਖ ਮੰਤਵ ਸੂਬੇ ਦੇ ਲੋਕਾਂ ਦੀ ਭਲਾਈ ਹੈ। ਇਸ ਲਈ ਇਹ ਸਮੇਂ ਦੀ ਲੋੜ ਹੈ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਸੂਬੇ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਪ੍ਰਦੂਸ਼ਣ ਰਹਿਤ ਹਵਾ, ਵਧੀਆ ਪਾਣੀ, ਅਤੇ ਪੋਸ਼ਟਿਕ ਭੋਜਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਦਾ ਮੁੱਖ ਉਦੇਸ਼ ਸੂਬੇ ਨੂੰ ਦੇਸ਼ ਦਾ ਸਭ ਤੋਂ ਸਿਹਤਮੰਦ ਸੂਬਾ ਬਣਾਉਣਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅੱਗੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੂਰੇ ਉਤਸ਼ਾਹ ਤੇ ਲਗਨ ਨਾਲ ਕੰਮ ਕਰਦੇ ਹੋਏ ਸਮਾਂਬੱਧ ਅਤੇ ਵਿਸਥਾਰਿਤ ਰਣਨੀਤੀ ਤਿਆਰ ਕਰਨੀ ਚਾਹੀਦੀ ਹੈ ਤਾਂ ਜੋ ਜ਼ਿਲ੍ਹਾ ਲੁਧਿਆਣਾ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਤੇ ਤੰਦਰੁਸਤ ਜ਼ਿਲ੍ਹੇ ਵਜੋਂ ਉਭਰ ਕੇ ਸਾਹਮਣੇ ਆ ਸਕੇ। ਸ੍ਰੀਮਤੀ ਅਮ੍ਰਿਤ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਜੁੜੇ ਇਸ ਮਿਸ਼ਨ ਤਹਿਤ ਰੋਜ਼ਾਨਾ ਗਤੀਵਿਧੀਆਂ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਗਤੀਵਿਧੀਆਂ ਰੂਟੀਨ ਦੀਆਂ ਗਤੀਵਿਧੀਆਂ ਤੋਂ ਅਲੱਗ ਹੋਣੀਆਂ ਚਾਹੀਦੀਆਂ ਹਨ।