ਨਿਰਧਾਰਤ ਕੀਮਤਾਂ ਤੋਂ ਵੱਧ ਰੇਟ ਵਸੂਲਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ-ਡੀ. ਸੀ

ਕਪੂਰਥਲਾ 31 ਮਾਰਚ (ਹਰਜੀਤ ਸਿੰਘ ਵਿਰਕ)
ਨੋਵਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲੇ ਅੰਦਰ ਲਗਾਏ ਗਏ ਕਰਫਿੳੂ ਦੌਰਾਨ ਆਮ ਲੋਕਾਂ ਨੂੰ ਰੋਜ਼ਮਰਾ ਦੀਆਂ ਘਰੇਲੂ ਲੋੜਾਂ ਵਾਲੀਆਂ ਵਸਤਾਂ ਅਤੇ ਸੇਵਾਵਾਂ ਉਨਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕਦਮ ਉਠਾਏ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਸਬੰਧੀ ਜ਼ਿਲਾ ਪ੍ਰਸ਼ਾਸਨ ਵੱਲੋਂ ਸਬੰਧਤ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਡਾਇਰੈਕਟਰੀ ਜਾਰੀ ਕੀਤੀ ਗਈ ਹੈ ਅਤੇ ਜ਼ਿਲਾ ਵਾਸੀ ਆਪਣੇ ਨੇੜਲੇ ਦੁਕਾਨਦਾਰਾਂ ਨੂੰ ਫੋਨ ਕਰਕੇ ਸਾਰਾ ਲੋੜੀਂਦਾ ਸਾਮਾਨ ਮੰਗਵਾ ਸਕਦੇ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲਾ ਪ੍ਰਸ਼ਾਸਨ ਵੱਲੋਂ ਕਰਿਆਨਾ ਅਤੇ ਹੋਰ ਵੱਖ-ਵੱਖ ਚੀਜ਼ਾਂ ਦੀਆਂ ਕੀਮਤਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਸੇ ਤਰਾਂ ਸਬਜ਼ੀਆਂ ਦੇ ਰੇਟ ਵੀ ਰੋਜ਼ਾਨਾ ਨਿਰਧਾਰਤ ਕੀਤੇ ਜਾਂਦੇ ਹਨ। ਉਨਾ ਸਬੰਧਤ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਇਸ ਔਖੀ ਘੜੀ ਵਿਚ ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਕੋਲੋਂ ਨਿਰਧਾਰਤ ਰੇਟ ਤੋਂ ਵੱਧ ਕੀਮਤ ਨਾ ਵਸੂਲੀ ਜਾਵੇ ਅਤੇ ਨਾ ਹੀ ਜਮਾਂਖੋਰੀ ਕੀਤੀ ਜਾਵੇ। ਉਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਕਿ ਅਚਾਨਕ ਛਾਪੇਮਾਰੀ ਕਰਕੇ ਅਜਿਹੇ ਵਰਤਾਰੇ ਨੂੰ ਠੱਲ ਪਾਉਣਗੀਆਂ। ਉਨਾਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਜ਼ਰੂਰੀ ਵਸਤਾਂ ਉਨਾਂ ਦੇ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ। 
ਕੈਪਸ਼ਨ :-ਸ੍ਰੀਮਤੀ ਦੀਪਤੀ ਉੱਪਲ, ਡਿਪਟੀ ਕਮਿਸ਼ਨਰ ਕਪੂਰਥਲਾ।