ਸਮਾਜਿਕ ਦੂਰੀ ਰੱਖਣ ਲਈ ਪਿੰਡ ਪੱਧਰ ’ਤੇ ਵਰਤੀਆਂ ਜਾ ਰਹੀਆਂ ਨੇ ਸਾਵਧਾਨੀਆਂ-ਅਵਤਾਰ ਸਿੰਘ ਭੁੱਲਰ

ਪੰਚਾਇਤਾਂ ਵੱਲੋਂ ਹਦਾਇਤਾਂ ਦੀ ਕਰਵਾਈ ਜਾ ਰਹੀ ਹੈ ਪਾਲਣਾ

ਕਪੂਰਥਲਾ, ਅਪ੍ਰੈਲ 2020- (ਹਰਜੀਤ ਸਿੰਘ ਵਿਰਕ)-
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ ਵੱਲੋਂ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਉਥੇ ਸਮਾਜਿਕ ਦੂਰੀ ਰੱਖਣ ਲਈ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀਆ ਹਦਾਇਤਾਂ ਦੀ ਪਾਲਣਾ ਕਰਦਿਆਂ ਸਮੂਹ ਪੰਚਾਇਤਾਂ ਵੱਲੋਂ ਪਿੰਡਾਂ ਵਿਚ ਸਮਾਜਿਕ ਦੂਰੀ ਰੱਖਣੀ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਅਪੀਲ ਵੀ ਕੀਤੀ ਕਿ ਇਸ ਔਖੀ ਘੜੀ ਵਿਚ ਜੋ ਵੀ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਹ ਸਾਰੀਆਂ ਉਨਾਂ ਦੀ ਸਿਹਤ ਨੂੰ ਮੁੱਖ ਰੱਖ ਕੇ ਹੀ ਕੀਤੀਆਂ ਗਈਆਂ ਹਨ। ਇਸ ਲਈ ਇਨਾਂ ਹਦਾਇਤਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਇਕੱਠ ਨਾ ਕੀਤਾ ਜਾਵੇ ਅਤੇ ਦੁੱਧ, ਸਬਜ਼ੀ ਜਾਂ ਦਵਾਈ ਆਦਿ ਲੈਣ ਮੌਕੇ ਆਪਣੀ ਸਿਹਤ ਦਾ ਖਿਆਲ ਪੂਰੀ ਮੁਸਤੈਦੀ ਨਾਲ ਇਕ-ਦੂਜੇ ਤੋਂ ਘੱਟੋ-ਘੱਟ ਇਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਉਨਾਂ ਪੰਚਾਇਤਾਂ ਵੱਲੋਂ ਇਸ ਸਬੰਧੀ ਜਿੰਮੇਵਾਰੀ ਨਾਲ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਉਨਾਂ ਦੱਸਿਆ ਕਿ ਇਸ ਬਿਮਾਰੀ ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਵਿਭਾਗ ਵੱਲੋਂ ਪਿੰਡਾਂ ਵਿਚ ਸੈਨੀਟਾਈਜ਼ਰ ਦਾ ਛਿੜਕਾਅ ਵੀ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਉਨਾਂ ਫਗਵਾੜਾ ਬਲਾਕ ਦੇ ਪਿੰਡ ਸਪਰੋੜ, ਨੰਗਲ ਮੱਝਾ ਅਤੇ ਕਪੂਰਥਲਾ ਬਲਾਕ ਦੇ ਕਾਦੂਪੁਰ ਅਤੇ ਦਬੁਰਜੀ ਆਦਿ ਦਾ ਦੌਰਾ ਕੀਤਾ। ਇਸ ਮੌਕੇ ਬੀ. ਡੀ. ਪੀ. ਓ ਫਗਵਾੜਾ ਸ੍ਰੀ ਨੀਰਜ ਕੁਮਾਰ, ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ ਅਤੇ ਹੋਰ ਅਧਿਕਾਰੀ ਉਨਾਂ ਦੇ ਨਾਲ ਸਨ।
ਕੈਪਸ਼ਨ :-ਪਿੰਡ ਕਾਦੂਪੁਰ ਵਿਖੇ ਪੰਚਾਇਤ ਵੱਲੋਂ ਸਮਾਜਿਕ ਦੂਰੀ ਬਣਾਈ ਰੱਖਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ। ਨਾਲ ਹਨ ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ, ਸਰਪੰਚ ਨਰਿੰਦਰ ਪਾਲ ਸਿੰਘ ਤੇ ਹੋਰ।