ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਨੇ ਪਿੰਡਾਂ ਵਿਚ ਬਚਾਅ ਅਤੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਕਪੂਰਥਲਾ ,ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)-

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅੱਜ ਪਿੰਡਾਂ ਵਿਚ ਪੰਚਾਇਤਾਂ ਵੱਲੋਂ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।  ਇਸ ਸਬੰਧੀ ਵੱਖ-ਵੱਖ ਪਿੰਡਾਂ ਦੇ ਦੌਰੇ ਉਨਾਂ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਪਿੰਡਾਂ ਵਿਚ ਸੈਨੀਟਾਈਜ਼ਰ ਦੇ ਸਪਰੇਅ, ਸਮਾਜਿਕ ਦੂਰੀ ਯਕੀਨੀ ਬਣਾਉਣ, ਕਰਫਿੳੂ ਨੂੰ ਅਸਰਦਾਇਕ ਢੰਗ ਨਾਲ ਲਾਗੂ ਕਰਵਾਉਣ ਅਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨਾਂ ਕੋਠੇ ਚੇਤਾ ਸਿੰਘ, ਧਾਲੀਵਾਲ ਦੋਨਾ, ਫੱਤੂ ਢੀਂਗਾ, ਨੰਗਲ ਲੁਬਾਣਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਅਤੇ ਸਰਪੰਚਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਸ ਔਖੀ ਘੜੀ ਵਿਚ ਪੰਚਾਇਤਾਂ ਵੱਲੋਂ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ। ਉਨਾਂ ਆਸ ਪ੍ਰਗਟਾਈ ਕਿ ਪੰਚਾਇਤਾਂ ਵੱਲੋਂ ਭਵਿੱਖ ਵਿਚ ਵੀ ਇਸੇ ਤਰਾਂ ਸਹਿਯੋਗ ਮਿਲਦਾ ਰਹੇਗਾ ਅਤੇ ਅਸੀਂ ਇਸ ਜੰਗ ਵਿਚ ਜਲਦ ਹੀ ਜੇਤੂ ਹੋ ਕੇ ਨਿਕਲਾਂਗੇ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ, ਬੀ. ਡੀ. ਪੀ. ਓ ਢਿਲਵਾਂ ਸ੍ਰੀ ਸਮਸ਼ੇਰ ਸਿੰਘ, ਬੀ. ਡੀ. ਪੀ. ਓ ਕਪੂਰਥਲਾ ਸ. ਅਮਰਜੀਤ ਸਿੰਘ, ਰੀਡਰ ਸ. ਸੁਖਜਿੰਦਰ ਸਿੰਘ  ਅਤੇ ਪੰਚਾਇਤ ਸਕੱਤਰ ਸ. ਸੰਦੀਪ ਸਿੰਘ ਤੇ ਸ. ਚਰਨਜੀਤ ਸਿੰਘ ਹਾਜ਼ਰ ਸਨ। 

ਕੈਪਸ਼ਨ :-ਪਿੰਡਾਂ ਵਿਚ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਸ. ਅਵਤਾਰ ਸਿੰਘ ਭੁੱਲਰ।