ਕਪੂਰਥਲਾ, ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)-
ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਣ ਤੋਂ ਬਚਾਅ ਲਈ ਠੀਕਰੀ ਪਹਿਰੇ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ, ਕਿਉਂਕਿ ਪਿੰਡ ਪੱਧਰ ’ਤੇ ਬਣੇ ਚੌਕਸੀ ਕਰਨ ਵਾਲੇ ਸਮੂਹ ਬਾਹਰੀ ਲੋਕਾਂ ਦੇ ਪਿੰਡ ਵਿਚ ਦਾਖ਼ਲੇ ’ਤੇ ਪੈਨੀ ਨਜ਼ਰ ਰੱਖ ਰਹੇ ਹਨ ਅਤੇ ਜ਼ਿਲਾ ਪ੍ਰਸ਼ਾਸਨ ਲਈ ਬੇਹੱਦ ਮਦਦਗਾਰ ਸਾਬਿਤ ਹੋ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲੇ ਦੇ ਪਿੰਡਾਂ ਦੀਆਂ ਪੰਚਾਇਤਾਂ ਇਸ ਕੰਮ ਵਿਚ ਪੂਰੀ ਜਿੰਮੇਵਾਰੀ ਨਾਲ ਜੁੱਟੀਆਂ ਹੋਈਆਂ ਹਨ। ਉਨਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿਚ ਸਰਪੰਚਾਂ ਅਤੇ ਯੂਥ ਕਲੱਬਾਂ ਨੇ ਐਂਟਰੀ ਪੁਆਇੰਟਾਂ ’ਤੇ ਨਾਕੇ ਲਗਾਏ ਹੋਏ ਹਨ ਅਤੇ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਬਾਹਰਲਾ ਵਿਅਕਤੀ ਪਿੰਡ ਵਿਚ ਦਾਖ਼ਲ ਨਾ ਹੋਵੇ ਅਤੇ ਕੋਈ ਵੀ ਪਿੰਡ ਤੋਂ ਬਾਹਰ ਨਾ ਜਾਵੇ। ਪਿੰਡ ਵਿਚ ਜ਼ਰੂਰੀ ਵਸਤਾਂ ਜਿਵੇਂ ਸਬਜ਼ੀਆਂ, ਦੁੱਧ, ਕਰਿਆਨਾ, ਗੈਸ ਸਿਲੰਡਰ ਅਤੇ ਦਵਾਈਆਂ ਆਦਿ ਦੀ ਸਪਲਾਈ ਜਾਂ ਸਪੁਰਦਗੀ ਦੇ ਮਾਮਲੇ ਵਿਚ ਇਜਾਜ਼ਤ ਲੈ ਕੇ ਅੰਦਰ ਆਉਣ ਦੀ ਆਗਿਆ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪਿੰਡ ਵਿਚ ਅੰਦਰ ਆਉਣ ਅਤੇ ਬਾਹਰ ਜਾਣ ਵਾਲਿਆਂ ਦਾ ਦਾ ਪੂਰਾ ਰਿਕਾਰਡ ਰੱਖਿਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਕੋਰੋਨਾ ਪਾਜ਼ੇਟਿਵ ਕੇਸ ਉੱਭਰਨ ਦੀ ਸਥਿਤੀ ਵਿਚ ਸਰੋਤ ਤੱਕ ਆਸਾਨੀ ਨਾਲ ਪਹੁੰਚਿਆ ਜਾ ਸਕੇ ਅਤੇ ਰੋਕਥਾਮ ਲਈ ਕਦਮ ਚੁੱਕੇ ਜਾ ਸਕਣ। ਇਸ ਤੋਂ ਇਲਾਵਾ ਪੰਚਾਇਤਾਂ ਵੱਲੋਂ ਆਪਣੀ ਪੱਧਰ ’ਤੇ ਸੈਨੀਟਾਈਜ਼ੇਸ਼ਨ ਮੁਹਿੰਮ ਵੀ ਲਗਾਤਾਰ ਚਲਾਈ ਜਾ ਰਹੀ ਹੈ ਅਤੇ ਸਮਾਜਿਕ ਦੂਰੀ ਯਕੀਨੀ ਬਣਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਗਏ ਹਨ। ਉਨਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਦੀ ਤੀਜੀ ਅੱਖ ਵਜੋਂ ਕੰਮ ਕਰ ਰਹੀਆਂ ਹਨ।
ਕੈਪਸ਼ਨਾਂ -ਕਪੂਰਥਲਾ ਦੇ ਪਿੰਡ ਧੁਆਂਖੇ ਜਗੀਰ ਵਿਖੇ ਲਗਾਏ ਗਏ ਠੀਕਰੀ ਪਹਿਰੇ ਦਾ ਦਿ੍ਰਸ਼।