ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ 'ਤੇ ਰੱਖਿਆ ਜਾਵੇਗਾ ITI ਲੋਹੀਆਂ ਖ਼ਾਸ ਦਾ ਨਾਂ, ਕੈਪਟਨ ਨੇ ਕੀਤਾ ਐਲਾਨ

ਅੰਮ੍ਰਿਤਸਰ,ਮਾਰਚ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- 

2 ਅਪ੍ਰੈਲ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਪੰਥ ਪ੍ਰਸਿੱਧ ਕੀਰਤਨੀਏ, ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦੇ ਭੋਗ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੋਕ ਸੰਦੇਸ਼ ਭੇਜਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੋਹੀਆਂ ਖਾਸ ਵਿਖੇ ਆਈ ਟੀ ਆਈ ਦਾ ਨਾਂ ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ 'ਤੇ ਕਰਨ ਦਾ ਐਲਾਨ ਕੀਤਾ ਹੈ। ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਸੀ।

ਭਾਈ ਨਿਰਮਲ ਸਿੰਘ ਖਾਲਸਾ ਦੇ ਭੋਗ ਅਤੇ ਅੰਤਿਮ ਅਰਦਾਸ ਸਮੇਂ ਸਿੰਘ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਕੀਰਤਨ ਦੀ ਹਾਜ਼ਰੀ ਭਾਈ ਲਖਵਿੰਦਰ ਸਿੰਘ ਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ। ਭੋਗ ਸਮਾਗਮ 'ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਚਖੰਡ ਸ੍ਰੀ ਹਰਿਮੰਦਰ ਦੇ ਕੇਂਦਰੀ ਸਿੱਖ ਅਜਾਇਬਘਰ 'ਚ ਭਾਈ ਪਦਮਸ੍ਰੀ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਸੁਸ਼ੋਭਿਤ ਕਰਨ ਦਾ ਐਲਾਨ ਕੀਤਾ। ਭਾਈ ਨਿਰਮਲ ਸਿੰਘ ਦੇ ਪੁੱਤਰ ਭਾਈ ਅਮਿਤੇਸ਼ਵਰ ਸਿੰਘ ਨੂੰ ਆਈਆਂ ਸ਼ਖ਼ਸੀਅਤਾਂ ਨੇ ਸਿਰਪਾਓ ਤੇ ਦਸਤਾਰ ਵੀ ਭੇਟ ਕੀਤੇ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਪਰਿਵਾਰ ਨਾਲ ਵਿਚਾਰ- ਵਟਾਂਦਰਾ ਕਰ ਕੇ ਭਾਈ ਨਿਰਮਲ ਸਿੰਘ ਖਾਲਸਾ ਦੀ ਸਦੀਵੀ ਯਾਦ ਸਥਾਪਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।