ਕੇਂਦਰ ਦਾ ਅੜਿਕਾ ਪਾਊ ਫ਼ੈਸਲਾ ਸਮਝ ਤੋਂ ਬਾਹਰ

 ਪੰਜਾਬ ਦੀ ਹਾਲਤ ਬਹੁਤ ਵਧੀਆ - ਕੈਪਟ

ਚੰਡੀਗੜ੍ਹ, ਜੂਨ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ, ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ, ਮਾਸਕ ਪਾਉਣ ਅਤੇ ਸਰੀਰਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਫੇਸਬੁੱਕ ਰਾਹੀਂ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਕਵਾਇਦ ਤਹਿਤ ਮੁੱਖ ਮੰਤਰੀ ਨੇ ਕਿਹਾ ਕਿ ਵਾਰ-ਵਾਰ ਹਦਾਇਤਾਂ ਦੇਣੀਆਂ ਚੰਗਾ ਨਹੀਂ ਲੱਗਦਾ ਪਰ ਇਹ ਬਿਮਾਰੀ ਬਹੁਤ ਭਿਆਨਕ ਹੈ, ਇਸ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਇਕ ਦਿਨ ਦੌਰਾਨ ਮਾਸਕ ਨਾ ਪਾਉਣ ਦੇ ਜੁਰਮ ਹੇਠ 4600 ਅਤੇ ਜਨਤਕ ਸਥਾਨ 'ਤੇ ਥੁੱਕਣ 'ਤੇ 160 ਲੋਕਾਂ ਦੇ ਚਲਾਨ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਦੇ ਅੰਕੜਿਆਂ ਦੀ ਤੁਲਨਾ ਕਰਦਿਆਂ ਕਿਹਾ ਕਿ ਦੇਸ਼ 'ਚ ਰੋਜ਼ਾਨਾ 9 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਮੁਕਾਬਲੇ ਪੰਜਾਬ ਦੀ ਹਾਲਤ ਬਹੁਤ ਵਧੀਆ ਹੈ ਤੇ ਕੋਵਿਡ-19 ਦੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 85 ਫ਼ੀਸਦੀ ਹੈ। ਭਾਰਤ ਸਰਕਾਰ ਵੱਲੋਂ ਖੇਤੀਬਾੜੀ ਸੈਕਟਰ ਵਿਚ ਤਬਦੀਲੀ ਲਿਆਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਕੈਪਟਨ ਨੇ ਕਿਹਾ ਕਿ ਐੱਮਐੱਸਪੀ ਨੇ ਕਿਸਾਨ ਅਤੇ ਦੇਸ਼ ਨੂੰ ਬਚਾਇਆ ਹੈ ਅਤੇ ਪਿਛਲੇ ਲੰਬੇ ਅਰਸੇ ਤੋਂ ਸਭ ਕੁੱਝ ਠੀਕ ਚੱਲ ਰਿਹਾ ਹੈ। ਸਭ ਕੁਝ ਠੀਕ ਚੱਲਣ ਦੇ ਬਾਵਜੂਦ ਕੇਂਦਰ ਸਰਕਾਰ ਨੂੰ ਅਜਿਹਾ ਵਿਘਨ ਪਾਉਣ ਦਾ ਫੈਸਲਾ ਕਿਉਂ ਲੈਣਾ ਪਿਆ, ਇਹ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੇ ਦੇਸ਼ ਦਾ ਅੰਨ ਭੰਡਾਰ ਭਰਿਆ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਵਿਰੋਧ ਪ੍ਰਗਟ ਕਰਨਗੇ ਤੇ ਫ਼ੈਸਲਾ ਵਾਪਸ ਲੈਣ ਬਾਰੇ ਲਿਖਣਗੇ। ਕੈਪਟਨ ਨੇ ਕਿਹਾ ਕਿ ਇਸ ਵਾਰ ਸੂਬੇ 'ਚ ਕਣਕ ਦੀ ਰਿਕਾਰਡ ਪੈਦਾਵਾਰ ਹੋਈ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਪਿਛਲੇ ਸਾਲ ਨਾਲੋਂ ਘੱਟ ਕਣਕ ਖ਼ਰੀਦ ਕਰਨ ਤੇ ਮੰਡੀਆਂ ਵਿਚ ਆਉਣ ਦੀ ਗੱਲ ਕਰ ਰਹੇ ਹਨ ਪਰ ਇਸਦਾ ਕਾਰਨ ਰਾਜਸਥਾਨ ਤੋਂ ਪੰਜਾਬ ਦੀ ਮੰਡੀ 'ਚ ਕਣਕ ਦਾ ਨਾ ਆਉਣਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦਾ ਭਰੋਸਾ ਵੀ ਦਿੱਤਾ। ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਪ੍ਰਰਾਈਵੇਟ ਸਕੂਲਾਂ ਵੱਲੋਂ ਲਈਆਂ ਜਾ ਰਹੀਆਂ ਫੀਸਾਂ ਦੇ ਸਬੰਧ ਵਿਚ ਕਿਹਾ ਕਿ ਜਦੋਂ ਸਕੂਲ ਖੁੱਲ੍ਹੇ ਹੀ ਨਹੀਂ ਤਾਂ ਫੀਸਾਂ ਕਿਸ ਗੱਲ ਤੋਂ ਲਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਾਰ-ਵਾਰ ਨੌਕਰੀਆਂ ਬਾਰੇ ਪੁੱਛਿਆ ਜਾ ਰਿਹਾ ਹੈ ਪਰ ਸਾਲ 'ਚ 12 ਹਜ਼ਾਰ ਮੁਲਾਜ਼ਮ ਸੇਵਾਮੁਕਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪ੍ਰਰਾਈਵੇਟ ਫੈਕਟਰੀਆਂ ਲਗਾ ਰਹੇ ਹਾਂ ਤਾਂ ਜੋ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਬਿਜਲੀ ਦੇ ਰੇਟ ਘਟਾਉਂਦਿਆਂ 70 ਲੱਖ ਘਰੇਲੂ ਖਪਤਕਾਰਾਂ 'ਚੋਂ 67 ਲੱਖ ਨੂੰ ਰਾਹਤ ਦਿੱਤੀ ਗਈ ਹੈ।

ਰਾਇਤ ਬਾਹਰਾ ਯੂਨੀਵਰਸਿਟੀ ਦੇ ਮੁਲਾਜ਼ਮ ਹਿਮਾਂਸ਼ੂ ਗੁਪਤਾ ਵੱਲੋਂ ਤਨਖਾਹ ਨਾ ਦੇਣ ਬਾਰੇ ਕੀਤੀ ਸ਼ਿਕਾਇਤ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ, ਉਹ ਸਿੱਖਿਆ ਵਿਭਾਗ ਨੂੰ ਪੂਰੀ ਸਥਿਤੀ ਦੇਖਣ ਬਾਰੇ ਨਿਰਦੇਸ਼ ਦੇਣਗੇ।

ਅਬੋਹਰ ਵਾਸੀ ਵਿਜੈ ਕੁਮਾਰ ਵੱਲੋਂ ਰਾਸ਼ਨ ਕਾਰਡ ਨਾ ਬਣਾਉਣ ਅਤੇ ਰੋਟੀ ਦਾ ਪ੍ਰਬੰਧ ਨਾ ਹੋਣ ਬਾਰੇ ਕੀਤੀ ਸ਼ਿਕਾਇਤ ਵਿਚ ਮੁੱਖ ਮੰਤਰੀ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਰਾਸ਼ਨ ਮੁਹੱਈਆ ਕਰਵਾਉਣ ਅਤੇ ਅਸਲ ਸਥਿਤੀ ਦੇਖਣ ਲਈ ਨਿਰਦੇਸ਼ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕੋਵਿਡ-19 ਸਬੰਧੀ ਵੱਖ-ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਸਕ, ਪੀਪੀਈ ਕਿੱਟਾਂ, ਆਕਸੀਜਨ ਸਿਲੰਡਰ ਸਮੇਤ ਹੋਰ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ।