ਚੰਡੀਗੜ੍ਹ, ਮਾਰਚ ਪੰਜਾਬ ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਨੇ ਚਾਰ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤੇ ਤਿੰਨ ਹਲਕਿਆਂ ਦਾ ਮਾਮਲਾ ਟਾਲ ਦਿਤਾ ਗਿਆ ਹੈ ਜਦਕਿ ਤਿੰਨ ਹਲਕਿਆਂ ਬਾਰੇ ਫ਼ੈਸਲਾ ਇਸ ਗੱਲ ’ਤੇ ਅਟਕ ਗਿਆ ਹੈ ਕਿ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਲੜਾਉਣੀਆਂ ਹਨ ਜਾਂ ਨਹੀਂ। ਪ੍ਰਾਪਤ ਜਾਣਕਾਰੀ ਅੁਨਸਾਰ ਦਸ ਲੋਕ ਸਭਾ ਹਲਕਿਆਂ ਦਾ ਮਾਮਲਾ ਦੋ ਅਪਰੈਲ ਨੂੰ ਦਿੱਲੀ ’ਚ ਹੋ ਰਹੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿਚ ਜਾਵੇਗਾ ਜਿਸ ਵਿੱਚ ਛੇ ਜਾਂ ਸੱਤ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਸਕਰੀਨਿੰਗ ਕਮੇਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਮੌਜੂਦਾ ਲੋਕ ਸਭਾ ਮੈਂਬਰ ਸੁਨੀਲ ਜਾਖੜ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ ਅਤੇ ਪਟਿਆਲਾ ਤੋਂ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤੇ ਕੇਂਦਰੀ ਚੋਣ ਕਮੇਟੀ ਦੀ ਅਗਲੀ ਮੀਟਿੰਗ ਵਿੱਚ ਇਨ੍ਹਾਂ ਨੂੰ ਉਮੀਦਵਾਰ ਐਲਾਨ ਦਿੱਤਾ ਜਾਵੇਗਾ। ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕਾ ਡਾ. ਅਮਰ ਸਿੰਘ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵਿਚਾਲੇ ਫਸ ਗਿਆ ਹੈ ਤੇ ਜੇਕਰ ਕਾਂਗਰਸ ਪਾਰਟੀ ਵਿਧਾਇਕਾਂ ਨੂੰ ਲੋਕ ਸਭਾ ਦੀ ਚੋਣ ਲੜਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਜੀਪੀ ਨੂੰ ਉਮੀਦਵਾਰ ਬਣਾਇਆ ਜਾਵੇਗਾ। ਇਸ ਵੇਲੇ ਇਸ ਹਲਕੇ ਤੋਂ ਡਾ. ਅਮਰ ਸਿੰਘ ਨੇ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਅਜਿਹੀ ਹੀ ਸਥਿਤੀ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਹੈ ਤੇ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋਈ ਯਾਮਿਨੀ ਗੋਮਰ ਅਤੇ ਕਾਂਗਰਸ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵਿਚਾਲੇ ਮੁਕਾਬਲਾ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਵੀ ਸਥਿਤੀ ਦਿਲਚਸਪ ਬਣੀ ਹੋਈ ਹੈ ਤੇ ਇਸ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੀ ਦਾਅਵੇਦਾਰ ਹਨ ਪਰ ਫ਼ੈਸਲਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸੀਨੀਅਰ ਕਾਂਗਰਸ ਆਗੂ ਕੇਵਲ ਢਿੱਲੋਂ ਵਿੱਚੋਂ ਕਿਸੇ ਇੱਕ ਦੇ ਹੱਕ ਵਿੱਚ ਕੀਤਾ ਜਾਣਾ ਹੈ। ਇਸ ਸੀਟ ਤੋਂ ਉਮੀਦਵਾਰ ਦਾ ਫੈਸਲਾ ਵੀ ਕੇਂਦਰੀ ਚੋਣ ਕਮੇਟੀ ਹੀ ਕਰੇਗੀ। ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਤੋਂ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਨੇ ਚੋਣ ਲੜਨ ਤੋਂ ਜਵਾਬ ਦੇ ਦਿੱਤਾ ਹੈ ਤੇ ਇਸ ਹਲਕੇ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਸੰਦੀਪ ਸੰਧੂ ਮਜ਼ਬੂਤ ਦਾਅਵੇਦਾਰ ਹਨ ਪਰ ਮਾਮਲਾ ਸਾਬਕਾ ਕੇਂਦਰੀ ਮੰਤਰੀ ਮੁਨੀਸ਼ ਤਿਵਾੜੀ ਅਤੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਲਾਲੀ ਵਿਚਾਲੇ ਹੀ ਰਹਿ ਗਿਆ ਹੈ। ਮੀਟਿੰਗ ਵਿੱਚ ਬਠਿੰਡਾ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਹਲਕਿਆਂ ਬਾਰੇ ਗੱਲਬਾਤ ਕੀਤੀ ਗਈ ਪਰ ਫੈਸਲਾ ਟਾਲ ਦਿੱਤਾ ਗਿਆ ਅਤੇ ਇਨ੍ਹਾਂ ਹਲਕਿਆਂ ਬਾਰੇ ਦੋ ਅਪਰੈਲ ਤੋਂ ਬਾਅਦ ਫ਼ੈਸਲਾ ਕੀਤਾ ਜਾਵੇਗਾ। ਸ੍ਰੀ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਦੋ ਹੋਰ ਦਾਅਵੇਦਾਰ ਹਨ ਪਰ ਇਸ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਨੂੰ ਟਿਕਟ ਦਿੱਤੇ ਜਾਣ ਦੀ ਸੰਭਾਵਨਾ ਹੈ।