ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਆਪਣੇ ਬਲਾਕਾਂ ਦੇ ਸਰਬਪੱਖੀ ਵਿਕਾਸ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ

-ਬੀ.ਡੀ.ਪੀ.ਓਜ਼ ਅਤੇ ਹੋਰ ਵਿਕਾਸ ਅਧਿਕਾਰੀਆਂ ਨਾਲ ਬਚਤ ਭਵਨ ਵਿਖੇ ਮੀਟਿੰਗ

ਲੁਧਿਆਣਾ,  ਜੂਨ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਬਲਾਕਾਂ ਦਾ ਸਰਬਪੱਖੀ ਵਿਕਾਸ ਕਰਾਉਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਾਰੀਆਂ ਮਹੱਤਵਪੂਰਨ ਯੋਜਨਾਵਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿਵਾਉਣ ਦਾ ਯਤਨ ਕੀਤਾ ਜਾਵੇ ਅਤੇ ਮਗਨਰੇਗਾ ਯੋਜਨਾ ਤਹਿਤ ਰੋਜ਼ਗਾਰ ਦੇ ਵਧੇਰੇ ਮੌਕੇ ਸਿਰਜੇ ਜਾਣ।ਅੱਜ ਸਥਾਨਕ ਬਚਤ ਭਵਨ ਵਿਖੇ ਵਿਕਾਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਆਪਣੇ-ਆਪਣੇ ਬਲਾਕ ਦਾ ਸਰਬਪੱਖੀ ਵਿਕਾਸ ਕਰਾਉਣ ਲਈ ਪੂਰੀ ਤਰਾਂ ਜਿੰਮੇਵਾਰ ਹਨ। ਉਨਾਂ ਕਿਹਾ ਪੇਂਡੂ ਖੇਤਰਾਂ ਦਾ ਸਮੁੱਚਾ ਵਿਕਾਸ ਸਿਰਫ਼ ਇਨਾਂ ਵਿਕਾਸ ਅਧਿਕਾਰੀਆਂ ਦੇ ਸਿਰ 'ਤੇ ਹੀ ਕੀਤਾ ਜਾ ਸਕਦਾ ਹੈ, ਜਿਸ ਕਾਰਨ ਇਨਾਂ ਅਧਿਕਾਰੀਆਂ ਨੂੰ ਵੀ ਪਾਰਦਰਸ਼ਤਾ ਅਤੇ ਦ੍ਰਿੜਤਾ ਨਾਲ ਇਹ ਸਾਰੇ ਕੰਮ ਕਰਵਾਉਣੇ ਚਾਹੀਦੇ ਹਨ।ਉਨਾਂ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਮਗਨਰੇਗਾ ਤਹਿਤ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਸਿਰਜਣ ਤਾਂ ਜੋ ਇਸ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਇਆ ਜਾ ਸਕੇ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਿਸ਼ਨ ਫਤਿਹ' ਮੁਹਿੰਮ ਤਹਿਤ ਬੀ. ਡੀ. ਪੀ. ਓਜ਼ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ 19 ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਯਤਨ ਕਰਨ। ਉਨਾਂ ਕਿਹਾ ਕਿ ਕਿਉਂਕਿ ਇਹ ਅਧਿਕਾਰੀ ਪੇਂਡੂ ਖੇਤਰਾਂ ਦੇ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜੇ ਹੋਏ ਹੁੰਦੇ ਹਨ ਤਾਂ ਇਨਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮੁਹਿੰਮ ਨੂੰ ਵੱਧ ਤੋਂ ਵੱਧ ਸਫ਼ਲ ਕਰਨ ਲਈ ਯਤਨ ਕਰਨ। ਉਨਾਂ ਭਰੋਸਾ ਦਿੱਤਾ ਕਿ ਉਨਾਂ ਦੇ ਵਿਭਾਗ ਦੀਆਂ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਾਇਆ ਜਾਵੇਗਾ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅੰਮ੍ਰਿਤ ਸਿੰਘ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਪਿਊਸ਼ ਚੰਦਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਇੰਦਰ ਪ੍ਰੀਤ ਕੌਰ ਅਤੇ ਹੋਰ ਵੀ ਹਾਜ਼ਰ ਸਨ।