You are here

ਪੰਜਾਬ ’ਚ ਕਾਂਗਰਸ ਨੇ ਛੇ ਉਮੀਦਵਾਰ ਐਲਾਨੇ

ਚੰਡੀਗੜ੍ਹ,  ਅਪਰੈਲ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਦੇ ਛੇ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਮੇਟੀ ਨੇ ਚਾਰ ਮੌਜੂਦਾ ਲੋਕ ਸਭਾ ਮੈਂਬਰਾਂ ਨੂੰ ਟਿਕਟਾਂ ਨਾਲ ਨਿਵਾਜਿਆ ਹੈ। ਜਦਕਿ ਹੁਸ਼ਿਆਰਪੁਰ (ਰਾਖ਼ਵੇਂ) ਹਲਕੇ ਤੋਂ ਕਾਂਗਰਸ ਨੇ ਚੱਬੇਵਾਲ ਹਲਕੇ ਤੋਂ ਵਿਧਾਇਕ ਡਾ. ਰਾਜ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ। ਪਟਿਆਲਾ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ, ਗੁਰਦਾਸਪੁਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਜਲੰਧਰ ਤੋਂ ਚੌਧਰੀ ਸੰਤੋਖ ਸਿੰਘ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਨੂੰ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। ਚੋਣ ਕਮੇਟੀ ਨੇ ਸਾਰੇ ਮੌਜੂਦਾ ਲੋਕ ਸਭਾ ਮੈਂਬਰਾਂ ਨੂੰ ਟਿਕਟ ਦੇਣ ਦੀ ਨੀਤੀ ਤਹਿਤ ਵਿਰੋਧ ਦੇ ਬਾਵਜੂਦ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਨੂੰ ਟਿਕਟ ਦਿੱਤੀ ਹੈ। ਸਾਬਕਾ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਵਿਰੋਧ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ ਟਿਕਟ ਦਿੱਤੀ ਗਈ ਹੈ। ਕੈਪਟਨ ਨੇ ਕੁਝ ਸਮਾਂ ਪਹਿਲਾਂ ਪਠਾਨਕੋਟ ਫੇਰੀ ਸਮੇਂ ਸ੍ਰੀ ਜਾਖੜ ਨੂੰ ਗੁਰਦਾਸਪੁਰ ਤੋਂ ਟਿਕਟ ਦੇਣ ਦਾ ਸੰਕੇਤ ਦਿੱਤਾ ਸੀ। ਜਾਖੜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੋ ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤੀ ਸੀ। ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਟਿਕਟ ਮਿਲਣਾ ਲਗਭਗ ਤੈਅ ਹੀ ਸੀ। ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਨੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਮੈਦਾਨ ਵਿਚ ਉਤਾਰ ਕੇ ਨੌਜਵਾਨ ਚਿਹਰੇ ਨੂੰ ਮੌਕਾ ਦਿੱਤਾ ਹੈ। ਇਸ ਹਲਕੇ ਤੋਂ ਸੰਤੋਸ਼ ਚੌਧਰੀ ਨੇ ਟਿਕਟ ਲੈਣ ਲਈ ਕਾਫੀ ਜ਼ੋਰ ਅਜ਼ਮਾਈ ਕੀਤੀ, ਪਰ ਗੱਲ ਨਹੀਂ ਬਣ ਸਕੀ। ਇਸ ਹਲਕੇ ਤੋਂ ਵਿਧਾਇਕ ਨੂੰ ਟਿਕਟ ਦੇਣ ਨਾਲ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਇਕ ਜਾਂ ਦੋ ਹੋਰ ਵਿਧਾਇਕਾਂ ਨੂੰ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ। ਕੇਂਦਰੀ ਚੋਣ ਕਮੇਟੀ ਦੀ ਅੱਜ ਦਿੱਲੀ ਵਿਚ ਹੋਈ ਮੀਟਿੰਗ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਰੱਖਿਆ ਮੰਤਰੀ ਏ.ਕੇ. ਐਂਟਨੀ, ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਹਾਜ਼ਰ ਸਨ।