\ਚੰਡੀਗੜ੍ਹ, ਅਗਸਤ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਜ਼ਹਿਰੀਲੀ ਸ਼ਰਾਬ ਵੇਚ ਕੇ ਸੈਂਕੜੇ ਲੋਕਾਂ ਨੂੰ ਮੌਤ ਦੇ ਮੂੰਹ ਵਿਚ ਧੱਕਣ ਵਾਲਿਆਂ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਮੁਖੀ ਨੂੰ ਕਤਲ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ।
ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਆਈਜੀ ਬਾਰਡਰ ਰੇਂਜ ਐੱਸਪੀਐੱਸ ਪਰਮਾਰ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਪੁਲਿਸ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ, ਹਿਰਾਸਤ ਵਿਚ ਲਏ ਵਿਅਕਤੀਆਂ ਅਤੇ ਦਰਜ ਕੀਤੇ ਗਏ ਮੁਕੱਦਮਿਆਂ ਬਾਰੇ ਰਿਪੋਰਟ ਪੇਸ਼ ਕੀਤੀ। ਸਿਆਸੀ ਵਿਰੋਧੀ ਦੇ ਨਾਲ-ਨਾਲ ਆਪਣਿਆਂ ਵੱਲੋਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਉਠਾਏ ਗਏ ਸਵਾਲਾਂ ਕਾਰਨ ਇਸ ਮੁੱਦੇ 'ਤੇ ਕਾਫ਼ੀ ਚਰਚਾ ਹੋਈ। ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਦੀ ਬਰਾਬਰ ਦੀ ਜ਼ਿੰਮੇਵਾਰੀ ਬਣਦੀ ਹੈ। ਆਬਕਾਰੀ ਵਿਭਾਗ ਦੇ ਅਧਿਕਾਰੀਆਂ, ਐੱਸਐੱਸਪੀ ਜਾਂ ਥਾਣੇਦਾਰ ਨੇ ਕਾਰਵਾਈ ਕਿਉਂ ਨਹੀਂ ਕੀਤੀ। ਰੰਧਾਵਾ ਨੇ ਕਿਹਾ ਕਿ ਇਹ ਲਾਹਣ ਜਾਂ ਦੇਸੀ ਸ਼ਰਾਬ ਦੇ ਨਾਲ-ਨਾਲ ਸ਼ਰਾਬ ਦੀਆਂ ਡਿਸਟਲਰੀਆਂ ਨਾਲ ਵੀ ਜੁੜਿਆ ਹੋਇਆ ਮਾਮਲਾ ਹੈ। ਡਿਸਟੀਬਿਊਟਰ ਤੇ ਡਿਸਟਲਰੀ ਵਾਲਿਆਂ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਕਈ ਹੋਰ ਮੰਤਰੀਆਂ ਨੇ ਵੀ ਸ਼ਰਾਬ ਮਾਫੀਏ ਤੇ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ। ਮੁੱਖ ਮੰਤਰੀ ਨੇ ਵਜ਼ੀਰਾਂ ਦੀ ਰਾਇ ਤੋਂ ਬਾਅਦ ਸਖ਼ਤ ਫ਼ੈਸਲਾ ਲੈਂਦੇ ਹੋਏ ਡੀਜੀਪੀ ਨੂੰ ਇਸ ਘਟਨਾ ਵਿਚ ਸਿੱਧੀ ਸ਼ਮੂਲੀਅਤ ਵਾਲਿਆਂ ਵਿਰੁੱਧ ਧਾਰਾ 302 ਤਹਿਤ ਕਤਲ ਕੇਸ ਦਰਜ ਕਰਨ ਦੇ ਹੁਕਮ ਦਿੱਤੇ।
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਸੁਝਾਅ ਦਿੱਤਾ ਕਿ ਨਾਜਾਇਜ਼ ਸ਼ਰਾਬ ਦੀ ਤਸਕਰੀ ਵਰਗੇ ਸੰਗਠਿਤ ਅਪਰਾਧ 'ਤੇ ਕਾਬੂ ਪਾਉਣ ਲਈ ਪਕੋਕਾ ਵਰਗਾ ਸਖ਼ਤ ਕਾਨੂੰਨ ਲਿਆਉਣ ਦੀ ਲੋੜ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਮੰਤਰੀਆਂ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਨਾਲ ਸੰਗੀਨ ਅਪਰਾਧੀਆਂ ਨੂੰ ਕਾਬੂ ਕਰਨ 'ਚ ਸਹਾਇਤਾ ਮਿਲ ਸਕਦੀ ਹੈ।