ਸਹੂਲਤਾਂ ਖੋਹ ਕੇ ਕੈਪਟਨ ਨੇ ਲੋਕਾਂ ਨਾਲ ਧ੍ਰੋਹ ਕਮਾਇਆ: ਸੁਖਬੀਰ

ਮਾਛੀਵਾੜਾ, ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਦੌਰਾਨ ਹਲਕਾ ਸਾਹਨੇਵਾਲ ਦੇ ਪਿੰਡ ਕੂੰਮਕਲਾਂ ’ਚ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਰੈਲੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ।
ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੀ ਤਰੱਕੀ ਲਈ ਸੂਬੇ ਵਿਚ 2 ਕੌਮਾਂਤਰੀ ਹਵਾਈ ਅੱਡੇ ਸਥਾਪਿਤ ਕਰਨ ਦੇ ਨਾਲ-ਨਾਲ 132 ਮੰਡੀਆਂ ਅਤੇ ਸ਼ਹਿਰਾਂ ਵਿਚ ਸੀਵਰੇਜ, ਪੱਕੀਆਂ ਸੜਕਾਂ ਅਤੇ ਪੁਲ ਬਣਾ ਕੇ ਪੰਜਾਬ ਨੂੰ ਵਿਕਾਸ ਦੇ ਸਿਖ਼ਰ ’ਤੇ ਪਹੁੰਚਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ’ਚ ਸੱਤਾ ਕਰਨ ਦੇ ਕਾਬਿਲ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਠੱਗੀ ਨਾਲ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਲਜਾਂ ’ਚ ਪੜ੍ਹਨ ਵਾਲੇ ਗ਼ਰੀਬ ਬੱਚਿਆਂ ਦਾ ਕਰੀਬ 700 ਕਰੋੜ ਰੁਪਏ ਦਾ ਵਜ਼ੀਫ਼ਾ ਅਤੇ ਬਜ਼ੁਰਗਾਂ ਨੂੰ ਪੈਨਸ਼ਨ, ਨੀਲੇ ਕਾਰਡ ਤਹਿਤ ਮਿਲਦੀਆਂ ਸਹੂਲਤਾਂ ਬੰਦ ਕਰ ਕੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਲੋਕਾਂ ਸਭਾ ਚੋਣਾਂ ਦੌਰਾਨ ਉਹ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਵਾਲੇ ਮੁੱਖ ਮੰਤਰੀ ਨੂੰ ਸਬਕ ਸਿਖਾਉਣ ਅਤੇ 13 ਸੀਟਾਂ ’ਤੇ ਅਕਾਲੀ ਦਲ ਨੂੰ ਜਿਤਾਉਣ। ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਨੇ ਉਨ੍ਹਾਂ ਨੂੰ ਵੱਡਾ ਮਾਣ ਬਖ਼ਸ਼ਿਆ ਹੈ ਅਤੇ ਉਹ ਲੋਕਾਂ ਦੀ ਆਸ ’ਤੇ ਖ਼ਰਾ ਉਤਰਨਗੇ।