ਇਕ ਦਿਨ 'ਚ ਕੋਰੋਨਾ ਵਾਇਰਸ ਟੈਸਟ ਲਈ ਨਵੇਂ ਰਿਕਾਰਡ

ਸੱਤ ਲੱਖ ਤੋਂ ਜ਼ਿਆਦਾ ਨਮੂਨਿਆਂ ਦੀ ਜਾਂਚ

ਨਵੀਂ ਦਿੱਲੀ, ਅਗਸਤ 2020 -( ਏਜੰਸੀ)- ਕੋਰੋਨਾ ਖ਼ਿਲਾਫ਼ ਲੜਾਈ 'ਚ ਜਾਂਚ ਦੀ ਸਮਰੱਥਾ ਲਗਾਤਾਰ ਵੱਧ ਰਹੀ ਹੈ। ਕੋਰੋਨਾ ਇਨਫੈਕਸ਼ਨ ਦਾ ਪਤਾ ਲਾਉਣ ਲਈ ਪਿਛਲੇ 24 ਘੰਟੇ ਦੌਰਾਨ ਰਿਕਾਰਡ ਸੱਤ ਲੱਖ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਸ ਦੌਰਾਨ 63 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਵੀ ਸਾਹਮਣੇ ਆਏ ਹਨ ਅਤੇ ਰਿਕਾਰਡ 55 ਹਜ਼ਾਰ ਤੋਂ ਜ਼ਿਆਦਾ ਲੋਕ ਸਿਹਤਮੰਦ ਹੋਏ। ਕੁਲ ਇਨਫੈਕਟਿਡ ਲੋਕਾਂ ਦਾ ਅੰਕੜਾ 22 ਲੱਖ ਨੂੰ ਪਾਰ ਕਰ ਗਿਆ ਹੈ, ਜਦਕਿ 44 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਹੁਣ ਤਕ ਜਾਨ ਵੀ ਜਾ ਚੁੱਕੀ ਹੈ ਅਤੇ 15 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋਏ ਹਨ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿਚ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ ਛੇ ਲੱਖ ਤੋਂ ਜ਼ਿਆਦਾ ਨਮੂਨਿਆਂ ਦੀ ਜਾਂਚ ਹੋ ਰਹੀ ਹੈ। ਭਾਰਤੀ ਸਿਹਤ ਖੋਜ ਪ੍ਰਰੀਸ਼ਦ (ਆਈਸੀਐੱਮਆਰ) ਵਿਚ ਵਿਗਿਆਨੀ ਅਤੇ ਮੀਡੀਆ ਕਨਵੀਨਰ ਡਾ. ਲੋਕੇਸ਼ ਸ਼ਰਮਾ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਰਿਕਾਰਡ ਸੱਤ ਲੱਖ 19 ਹਜ਼ਾਰ 364 ਨਮੂਨਿਆਂ ਦੀ ਜਾਂਚ ਕੀਤੀ ਗਈ। ਕੋਰੋਨਾ ਦਾ ਪਤਾ ਲਾਉਣ ਲਈ ਹਰ ਮਿੰਟ 500 ਟੈਸਟ ਕੀਤੇ ਜਾ ਰਹੇ ਹਨ ਅਤੇ ਰੋਜ਼ਾਨਾ ਜਾਂਚ ਦੀ ਸਮਰੱਥਾ ਵੱਧ ਕੇ ਪੰਜ ਲੱਖ ਤੋਂ ਜ਼ਿਆਦਾ ਹੋ ਗਈ ਹੈ। ਹੁਣ ਤਕ ਦੋ ਕਰੋੜ 41 ਲੱਖ ਛੇ ਹਜ਼ਾਰ 535 ਨਮੂਨਿਆਂ ਦਾ ਪ੍ਰਰੀਖਣ ਕੀਤਾ ਜਾ ਚੁੱਕਾ ਹੈ। ਮੰਤਰਾਲੇ ਨੇ ਕਿਹਾ ਹੈ ਕਿ ਵੱਡੀ ਗਿਣਤੀ ਵਿਚ ਜਾਂਚ ਹੋਣ ਨਾਲ ਹੀ ਜ਼ਿਆਦਾ ਗਿਣਤੀ ਵਿਚ ਇਨਫੈਕਟਿਡ ਮਾਮਲੇ ਮਿਲ ਰਹੇ ਹਨ। ਸੂਬਿਆਂ ਨੂੰ ਮਰੀਜ਼ਾਂ ਦਾ ਪਤਾ ਲਾਉਣ, ਉਨ੍ਹਾਂ ਨੂੰ ਆਈਸੋਲੇਟ ਕਰਨ ਅਤੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕਰਨ 'ਤੇ ਧਿਆਨ ਕੇਂਦਰਤ ਕਰਨ ਲਈ ਕਿਹਾ ਗਿਆ ਹੈ।

ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਤੋਂ ਪੀਟੀਆਈ ਤੇ ਹੋਰਨਾਂ ਸਰੋਤਾਂ ਤੋਂ ਰਾਤ 10 ਵਜੇ ਤਕ ਮਿਲੀਆਂ ਸੂਚਨਾਵਾਂ ਮੁਤਾਬਕ ਸ਼ਨਿਚਰਵਾਰ ਦੇਰ ਰਾਤ ਤੋਂ ਹੁਣ ਤਕ 63,623 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੁਲ ਇਨਫੈਕਟਿਡਾਂ ਦਾ ਅੰਕੜਾ 22 ਲੱਖ ਨੌਂ ਹਜ਼ਾਰ 501 'ਤੇ ਪਹੁੰਚ ਗਿਆ ਹੈ। ਇਸ ਦੌਰਾਨ 55,931 ਮਰੀਜ਼ ਠੀਕ ਵੀ ਹੋਏ ਹਨ, ਜਿਹੜੇ ਇਕ ਦਿਨ ਵਿਚ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੀ ਹੁਣ ਤਕ ਦੀ ਸਭ ਤੋਂ ਵੱਡੀ ਗਿਣਤੀ ਹੈ। ਇਸ ਦੇ ਨਾਲ ਹੀ ਸਿਹਤਮੰਦ ਹੋਏ ਕੁਲ ਇਨਫੈਕਟਿਡਾਂ ਦੀ ਗਿਣਤੀ 15 ਲੱਖ 25 ਹਜ਼ਾਰ 215 ਹੋ ਗਈ ਹੈ। ਹਾਲਾਂਕਿ, ਕੇਂਦਰੀ ਸਿਹਤ ਮੰਤਰਾਲੇ ਨੇ ਸਵੇਰੇ ਅੱਠ ਵਜੇ ਜਿਹੜੇ ਅੰਕੜੇ ਜਾਰੀ ਕੀਤੇ ਹਨ, ਉਨ੍ਹਾਂ ਮੁਤਾਬਕ ਬੀਤੇ 24 ਘੰਟੇ ਵਿਚ 64,399 ਨਵੇਂ ਮਾਮਲੇ ਮਿਲੇ ਹਨ ਅਤੇ 861 ਮਰੀਜ਼ਾਂ ਦੀ ਮੌਤ ਹੋਈ ਹੈ। ਇਨ੍ਹਾਂ ਨੂੰ ਮਿਲਾ ਕੇ ਕੁਲ ਇਨਫੈਕਟਿਡਾਂ ਦੀ ਗਿਣਤੀ 21 ਲੱਖ 53 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 43,379 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।